ਸਵੈ-ਗਣਨਾ ਪ੍ਰਕਿਰਿਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਜਨਗਣਨਾ 2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
Publish Date: Thu, 05 Nov 2026 05:25 PM (IST)
Updated Date: Thu, 05 Nov 2026 05:26 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਜਨਗਣਨਾ-2027 ਦੇ ਮੱਦੇਨਜ਼ਰ ਨਗਰ ਕੌਂਸਲ ਨੰਗਲ ’ਚ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਮੁਹਿੰਮ ਪ੍ਰਿੰਸੀਪਲ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਤੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਵਾਈ ਹੇਠ ਚਲਾਈ ਗਈ। ਇਸ ਮੁਹਿੰਮ ਦੌਰਾਨ ਚਾਰਜ ਅਫਸਰ ਸੰਗੀਤ ਕੁਮਾਰ ਕਾਰਜ ਸਾਧਕ ਅਫਸਰ, ਜਸਵੰਤ ਸਿੰਘ ਜੂਨੀਅਰ ਇੰਜੀਨੀਅਰ ਅਤੇ ਟੈਕਨੀਕਲ ਅਸਿਸਟੈਂਟ ਅਨੀਤਾ ਨੇ ਲੋਕਾਂ ਨੂੰ ਸਵੈ-ਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੇ ਘਰ ਅਤੇ ਪਰਿਵਾਰ ਸਬੰਧੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ ਅਤੇ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਵੈ-ਗਣਨਾ ਆਈ.ਡੀ. ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਲੋਕਾਂ ਨੂੰ ਪੋਰਟਲ ਤੇ ਰਜਿਸਟਰੇਸ਼ਨ, ਮੋਬਾਇਲ ਓ.ਟੀ.ਪੀ. ਰਾਹੀਂ ਤਸਦੀਕ, ਘਰ ਦੀ ਸਥਿਤੀ ਦਰਜ ਕਰਨ ਅਤੇ ਸਹੀ ਜਾਣਕਾਰੀ ਭਰਨ ਬਾਰੇ ਵੀ ਜਾਣੂ ਕਰਵਾਇਆ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ’ਚ ਸਰਗਰਮੀ ਨਾਲ ਭਾਗ ਲੈਣ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਦੇਸ਼ ਦੇ ਵਿਕਾਸ ਅਤੇ ਸਿੱਖਿਆ, ਸਿਹਤ, ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਦੀ ਯੋਜਨਾਬੰਦੀ ਲਈ ਭਰੋਸੇਯੋਗ ਅੰਕੜੇ ਉਪਲਬਧ ਹੋ ਸਕਣ।