ਗੜ੍ਹੀ ਤੇ ਮਾਂਗਟ ਵੱਲੋਂ ਅਨਾਜ ਮੰਡੀ ਬੇਲਾ ਦਾ ਦੌਰਾ ਹਲਕਾ ਇੰਚਾਰਜ ਗੜ੍ਹੀ ਅਤੇ ਮਾਂਗਟ ਵੱਲੋਂ ਅਨਾਜ ਮੰਡੀ ਬੇਲਾ ਦਾ ਦੌਰਾ; ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Sun, 01 Nov 2026 05:18 PM (IST)
Updated Date: Sun, 01 Nov 2026 05:20 PM (IST)
ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਸ਼ੋਕ ਚੇਤਲ, ਪੰਜਾਬੀ ਜਾਗਰਣ, ਬੇਲਾ / ਸ੍ਰੀ ਚਮਕੌਰ ਸਾਹਿਬ : ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਤੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਨਵ-ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਵੱਲੋਂ ਅਨਾਜ ਮੰਡੀ ਬੇਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ’ਚ ਝੋਨੇ ਦੀ ਚੱਲ ਰਹੀ ਸਰਕਾਰੀ ਖਰੀਦ, ਬਾਰਦਾਨੇ ਦੀ ਉਪਲਬਧਤਾ ਅਤੇ ਫ਼ਸਲ ਦੀ ਲਿਫਟਿੰਗ ਦੇ ਕੰਮ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮੰਡੀ ਵਿਚ ਫ਼ਸਲ ਵੇਚਣ ਆਏ ਕਿਸਾਨਾਂ, ਆੜ੍ਹਤੀਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਦੌਰੇ ਦੌਰਾਨ ਆੜ੍ਹਤੀਆਂ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਕਿ ਅਨਾਜ ਮੰਡੀ ਬੇਲਾ ’ਚ ਸਰਕਾਰੀ ਖਰੀਦ ਦਾ ਮਿੱਥਿਆ ਟੀਚਾ ਪੂਰਾ ਹੋ ਚੁੱਕਾ ਹੈ, ਜਿਸ ਕਾਰਨ ਹੋਰ ਫ਼ਸਲ ਦੀ ਖਰੀਦ ਲਈ ਟੀਚਾ ਵਧਾਉਣ ਦੀ ਫੌਰੀ ਲੋੜ ਹੈ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਮੌਕੇ ’ਤੇ ਹੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਫੋਨ ਲਗਾਇਆ ਅਤੇ ਮੰਡੀ ਦਾ ਖਰੀਦ ਟੀਚਾ ਤੁਰੰਤ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਟੀਚਾ ਵਧਾ ਦਿੱਤਾ ਜਾਵੇਗਾ। ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਅੰਦਰ ਪਹਿਲਾਂ ਰੇਤ ਮਾਫੀਆ ਪੂਰੇ ਜ਼ੋਰਾਂ ’ਤੇ ਚੱਲਦਾ ਸੀ, ਜਿਸ ਖ਼ਿਲਾਫ਼ ਉਹ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਉਹ ਖ਼ੁਦ ਸਤਲੁਜ ਦਰਿਆ ’ਤੇ ਜਾ ਕੇ ਆਏ ਹਨ, ਜਿੱਥੇ ਹੁਣ ਗੈਰ-ਕਾਨੂੰਨੀ ਮਾਈਨਿੰਗ ਦਾ ਨਾਮੋ-ਨਿਸ਼ਾਨ ਮਿਟ ਚੁੱਕਾ ਹੈ ਅਤੇ ਸੜਕਾਂ ’ਤੇ ਦੌੜਦੇ ਓਵਰਲੋਡ ਟਿੱਪਰ ਬੰਦ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਵਿਗੜੀ ਪੰਜਾਬ ਦੀ ਸਥਿਤੀ ਨੂੰ ਸੁਧਾਰਨ ਲਈ ਦਿਨ-ਰਾਤ ਯਤਨਸ਼ੀਲ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੌਰਾਨ 90 ਫੀਸਦੀ ਤੱਕ ਸੁਧਾਰ ਲਿਆਂਦਾ ਗਿਆ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਦੇ 80 ਫੀਸਦੀ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਸੇਵਕ ਵਜੋਂ ਕੰਮ ਕਰ ਰਹੇ ਹਨ ਅਤੇ ਮੰਡੀਆਂ ’ਚ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆੜ੍ਹਤੀ ਹਰਦੇਵ ਸਿੰਘ, ਗੁਰਜੀਤ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਬਿੱਟੂ ਕੰਗ, ਸ਼ੁਭਮ ਚੇਤਲ, ਅਸ਼ੋਕ ਕੁਮਾਰ, ਪਾਰਸਮਣੀ ਸੱਭਰਵਾਲ, ਦੀਪ ਮਣੀ ਸੱਭਰਵਾਲ, ਨੇਤਰ ਸਿੰਘ, ਮੱਖਣ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਮਾਰਕੀਟ ਕਮੇਟੀ ਮੰਡੀ ਸੁਪਰਵਾਈਜ਼ਰ ਬਲਜੀਤ ਸਿੰਘ, ਪਨਸਪ ਇੰਸਪੈਕਟਰ ਵਿਕਰਮ ਸਿੰਘ, ਪਨਗ੍ਰੇਨ ਇੰਸਪੈਕਟਰ ਅਮਿਤ ਕੁਮਾਰ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੇ ਕਿਸਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ।