ਪ੍ਰਧਾਨ ਮੰਤਰੀ ਰਾਹਤ ਤੇ ਪੰਜਾਬ ਫਰਿਸ਼ਤੇ ਯੋਜਨਾ ਬਣੇਗੀ ਜੀਵਨ ਰੱਖਿਅਕ: ਡੀਸੀ ਪ੍ਰਧਾਨ ਮੰਤਰੀ ਰਾਹਤ ਤੇ ਪੰਜਾਬ ਫਰਿਸ਼ਤੇ ਯੋਜਨਾ ਬਣੇਗੀ ਜੀਵਨ ਰੱਖਿਅਕ: ਡੀਸੀ
Publish Date: Fri, 20 Nov 2026 05:37 PM (IST)
Updated Date: Fri, 20 Nov 2026 05:40 PM (IST)
ਸੜਕ ਹਾਦਸੇ ਦੇ ਪੀੜਤਾਂ ਨੂੰ 1.50 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਹਾਦਸੇ ਦੀ ਮਿਤੀ ਤੋਂ 7 ਦਿਨਾਂ ਤੱਕ ਮਿਲੇਗੀ ਸਹੂਲਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸੜਕ ਹਾਦਸਿਆਂ ’ਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਤੇ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਬਿਹਤਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਧਾਨ ਮੰਤਰੀ ਰਾਹਤ ਯੋਜਨਾ ਤੇ ਪੰਜਾਬ ਫਰਿਸ਼ਤੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਨੇ ਕਿਹਾ ਕਿ ਸੜਕ ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਉਸ ਦੀ ਜਾਨ ਬਚਾਉਣ ਲਈ ਬੇਹੱਦ ਅਹਿਮ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਹਤ ਯੋਜਨਾ ਤਹਿਤ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ’ਚ ਭਰਤੀ ਕਰਵਾਉਣ ਤੇ ਇਲਾਜ ਕਰਵਾਉਣ ਲਈ 1.50 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਤੱਕ ਇਲਾਜ ਦਾ ਖ਼ਰਚਾ ਕਵਰ ਕੀਤਾ ਜਾਂਦਾ ਹੈ, ਜਿਸ ਨਾਲ ਹਾਦਸੇ ਤੋਂ ਬਾਅਦ ਪੀੜਤ ਤੇ ਉਸ ਦੇ ਪਰਿਵਾਰ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਵੱਡੀ ਰਾਹਤ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਨਾਲ ਪੰਜਾਬ ਸਰਕਾਰ ਦੀ ਫਰਿਸ਼ਤੇ ਯੋਜਨਾ ਵੀ ਸੜਕ ਹਾਦਸਾ ਪੀੜਤਾਂ ਲਈ ਵੱਡਾ ਸਹਾਰਾ ਹੈ। ਪ੍ਰਧਾਨ ਮੰਤਰੀ ਰਾਹਤ ਯੋਜਨਾ ਤਹਿਤ ਮਿਲਣ ਵਾਲੀ ਇਲਾਜ ਸਹੂਲਤ ਤੋਂ ਬਾਅਦ ਪੰਜਾਬ ਫਰਿਸ਼ਤੇ ਯੋਜਨਾ ਤਹਿਤ ਪੀੜਤ ਨੂੰ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੱਕ ਬਿਨਾਂ ਕਿਸੇ ਖ਼ਰਚੇ ਦੇ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ। ਇਸ ਤਰ੍ਹਾਂ ਦੋਵੇਂ ਯੋਜਨਾਵਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਸੜਕ ਹਾਦਸਾ ਪੀੜਤ ਦਾ ਇਲਾਜ ਪ੍ਰਭਾਵਿਤ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਾ ਵਾਪਰਨ ਦੀ ਸੂਰਤ ’ਚ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਹਸਪਤਾਲ ’ਚ ਪਹੁੰਚਾਉਣ ਤੇ ਇਲਾਜ ’ਚ ਕਿਸੇ ਕਿਸਮ ਦੀ ਦੇਰੀ ਨਾ ਹੋਣ ਦੇਣ। ਐਮਰਜੈਂਸੀ ਸਹਾਇਤਾ, ਐਂਬੂਲੈਂਸ ਤੇ ਹੋਰ ਲੋੜੀਂਦੀ ਜਾਣਕਾਰੀ ਲਈ 112 ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡਾ ਸਾਂਝਾ ਮਿਸ਼ਨ ਸੜਕਾਂ ’ਤੇ ਕੀਮਤੀ ਜਾਨਾਂ ਬਚਾਉਣਾ ਹੋਣਾ ਚਾਹੀਦਾ ਹੈ। ਇਸ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਹਾਦਸਾ ਪੀੜਤਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ।