ਇਹ ਯਾਤਰਾ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਸੋਧ 2026” ਦੇ ਲਾਗੂ ਹੋਣ ਤੋਂ ਬਾਅਦ ਕੱਢੀ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਦਾ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਰੋਕਣਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਾ ਹੈ।

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਰਾਜ ਵਿਆਪੀ 'ਸ਼ੁਕਰਾਨਾ ਯਾਤਰਾ' ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੀ ਮੌਜੂਦ ਸਨ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ।
ਇਹ ਯਾਤਰਾ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਸੋਧ 2026” ਦੇ ਲਾਗੂ ਹੋਣ ਤੋਂ ਬਾਅਦ ਕੱਢੀ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਦਾ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਰੋਕਣਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਾ ਹੈ। ਇਸੇ ਕਾਰਨ ਸਰਕਾਰ ਨੇ ਇਸ ਨੂੰ ਸ਼ਰਧਾ ਅਤੇ ਧੰਨਵਾਦ ਨਾਲ ਜੁੜੀ “ਸ਼ੁਕਰਾਨਾ ਯਾਤਰਾ” ਦਾ ਨਾਮ ਦਿੱਤਾ ਹੈ।

ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਰੱਖਿਆ ਖ਼ਿਆਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਲੋਕ ਬੇਅਦਬੀ ਦੀਆਂ ਘਟਨਾਵਾਂ 'ਤੇ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਸਨ ਅਤੇ ਹੁਣ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕਦਮ ਚੁੱਕਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਇਸ ਲਈ ਇੱਥੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਸਭ ਤੋਂ ਉੱਪਰ ਹੈ।
ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਤੋਂ ਸੇਵਾ ਲਈ ਹੈ ਅਤੇ ਹੁਣ ਕੋਈ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਨਹੀਂ ਕਰ ਸਕੇਗਾ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ-ਜਲੰਧਰ ਵਿੱਚ ਹੋਏ ਬੰਬ ਧਮਾਕਿਆਂ 'ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਨ੍ਹਾਂ ਧਮਾਕਿਆਂ ਤੋਂ ਡਰਨ ਵਾਲਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ ਦਿਖਾਈ ਦਿੱਤਾ, ਪਰ ਪੁਲਿਸ ਵੱਲੋਂ ਕੀਤੀ ਗਈ ਸਖਤ ਨਾਕਾਬੰਦੀ ਆਮ ਲੋਕਾਂ ਲਈ ਵੱਡੀ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਸ਼ਹਿਰ ਦੇ ਮੁੱਖ ਧੁਰੇ ਭਗਤ ਰਵਿਦਾਸ ਚੌਂਕ 'ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ, ਜਿੱਥੇ ਮੁੱਖ ਮੰਤਰੀ ਦੀ ਆਮਦ ਹੋਣੀ ਹੈ। ਪਹਿਲਾਂ ਨਿਰਧਾਰਿਤ ਸਮਾਂ ਨੌ ਵਜੇ ਦਾ ਸੀ, ਪਰ ਫੇਰੀ ਦੇ ਦੇਰ ਨਾਲ ਹੋਣ ਕਾਰਨ ਲੋਕ ਲੰਮੇ ਸਮੇਂ ਤੱਕ ਉਡੀਕ ਕਰਦੇ ਹੋਏ ਖੱਜਲ ਖੁਆਰ ਹੋਏ।
ਭਗਤ ਰਵਿਦਾਸ ਚੌਂਕ ਗੁਰੂ ਨਗਰੀ ਦਾ ਸਭ ਤੋਂ ਮਹੱਤਵਪੂਰਨ ਰਸਤਾ ਮੰਨਿਆ ਜਾਂਦਾ ਹੈ, ਜਿੱਥੋਂ ਰੋਜ਼ਾਨਾ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂ ਮੁੱਖ ਬਜ਼ਾਰ ,ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵੱਲ ਜਾਂਦੇ ਹਨ। ਇਸ ਤੋਂ ਇਲਾਵਾ, ਕਚਹਿਰੀ, ਐਸਡੀਐਮ ਦਫ਼ਤਰ ਅਤੇ ਸਰਕਾਰੀ ਹਸਪਤਾਲ ਜਾਣ ਲਈ ਵੀ ਇਹੀ ਰਸਤਾ ਵਰਤਿਆ ਜਾਂਦਾ ਹੈ। ਚੌਂਕ ਨੂੰ ਚਾਰੋਂ ਪਾਸਿਆਂ ਤੋਂ ਬੈਰੀਕੇਡਿੰਗ ਕਰਕੇ ਬੰਦ ਕਰ ਦੇਣ ਕਾਰਨ ਲੋਕਾਂ ਦੀ ਆਵਾਜਾਈ ਲਗਭਗ ਠੱਪ ਹੋ ਗਈ।
ਸੁਰੱਖਿਆ ਇੰਨੀ ਸਖਤ ਹੈ ਕਿ ਆਮ ਲੋਕਾਂ ਨੂੰ ਬੈਰੀਕੇਡਿੰਗ ਦੇ ਨੇੜੇ ਜਾਣ ਦੀ ਵੀ ਆਗਿਆ ਨਹੀਂ ਦਿੱਤੀ ਜਾ ਰਹੀ । ਪੁਲਿਸ ਵੱਲੋਂ ਕੇਵਲ ਇੱਕ ਪਾਸੇ ਤੋਂ ਲੰਘਣ ਲਈ ਰਸਤਾ ਦਿੱਤਾ ਗਿਆ ਹੈ, ਪਰ ਵਾਪਸੀ ਲਈ ਉਹੀ ਰਸਤਾ ਬੰਦ ਰੱਖਿਆ ਗਿਆ, ਜਿਸ ਕਾਰਨ ਲੋਕਾਂ ਨੂੰ ਲੰਮੇ ਚੱਕਰ ਲਾ ਕੇ ਆਪਣੀ ਮੰਜ਼ਿਲ ਤੱਕ ਪਹੁੰਚਣਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿੱਚ ਇਹ ਸਥਿਤੀ ਹੋਰ ਵੀ ਮੁਸ਼ਕਿਲ ਬਣ ਰਹੀ ਹੈ ਅਤੇ ਬਜ਼ੁਰਗਾਂ ਤੇ ਮਹਿਲਾਵਾਂ ਨੂੰ ਖਾਸ ਤੌਰ 'ਤੇ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਚੌਂਕ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਨੂੰ ਵੀ ਪੂਰੀ ਤਰ੍ਹਾਂ ਬੰਦ ਹਨ, ਜਿਸ ਨਾਲ ਦੁਕਾਨਦਾਰਾਂ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ। ਕਈ ਦੁਕਾਨਦਾਰ ਵਿਹਲੇ ਬੈਠੇ ਜਾਂ ਘੁੰਮਦੇ ਨਜ਼ਰ ਆਏ ।