ਮਨਰੇਗਾ ਕਰਮਚਾਰੀਆਂ ਦੇ ਹੱਕਾਂ ਲਈ ਕਾਂਗਰਸ ਹਰ ਸੰਘਰਸ਼ ਵਿੱਚ ਨਾਲ ਖੜ੍ਹੇਗੀ : ਅਸ਼ਵਨੀ ਸ਼ਰਮਾ
ਮਨਰੇਗਾ ਕਰਮਚਾਰੀਆਂ ਦੇ ਹੱਕਾਂ ਲਈ ਕਾਂਗਰਸ ਹਰ ਸੰਘਰਸ਼ ਵਿੱਚ ਨਾਲ ਖੜ੍ਹੇਗੀ : ਅਸ਼ਵਨੀ ਸ਼ਰਮਾ
Publish Date: Thu, 11 Jun 2026 04:55 PM (IST)
Updated Date: Thu, 11 Jun 2026 04:56 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਨੂਰਪੁਰਬੇਦੀ ਦੀ ਇਕਾਈ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਰਾਹੀਂ ਮੰਗ ਪੱਤਰ ਭੇਜਿਆ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਕਰੀਬ 2100 ਮਨਰੇਗਾ ਕਰਮਚਾਰੀ ਪਿਛਲੇ 17-18 ਸਾਲਾਂ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਹਨ । ਪਰ ਅਜੇ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਨਾ ਸਿਰਫ਼ ਮਨਰੇਗਾ ਸਕੀਮ ਸਗੋਂ ਵਿਭਾਗ ਦੀਆਂ ਹੋਰ ਕਈ ਯੋਜਨਾਵਾਂ ਅਤੇ ਸਰਵੇਖਣਾਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਮੰਗ ਪੱਤਰ ਰਾਹੀਂ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਚਾਇਤ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਉੱਤੇ ਤਜਰਬੇ ਦੇ ਆਧਾਰ ’ਤੇ ਮਨਰੇਗਾ ਕਰਮਚਾਰੀਆਂ ਨੂੰ ਮਰਜ ਕੀਤਾ ਜਾਵੇ। ਇਸ ਨਾਲ ਇੱਕ ਪਾਸੇ ਵਿਭਾਗ ਵਿੱਚ ਸਟਾਫ਼ ਦੀ ਘਾਟ ਪੂਰੀ ਹੋਵੇਗੀ ਅਤੇ ਦੂਜੇ ਪਾਸੇ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਕਰਮਚਾਰੀਆਂ ਨੂੰ ਇਨਸਾਫ਼ ਮਿਲੇਗਾ। ਯੂਨੀਅਨ ਨੇ ਇਹ ਵੀ ਦੱਸਿਆ ਕਿ ਪਿਛਲੇ 6 ਤੋਂ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਨੂੰ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਪ੍ਰਤਾਪ ਸਿੰਘ ਬਾਜਵਾ ਨਾਲ ਗੱਲਬਾਤ ਕਰਕੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਉਠਾਉਣ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਦਿੱਲੀ ਪੱਧਰ ’ਤੇ ਉਠਾਉਣਗੇ। ਇਸ ਮੌਕੇ ਉਨਾਂ ਨੇ ਮਨਰੇਗਾ ਕਰਮਚਾਰੀਆਂ ਨੂੰ ਛੇ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਤੇ ਜ਼ੋਰਦਾਰ ਨਿਖੇਦੀ ਕੀਤੀ ਅਤੇ ਕਿਹਾ ਕਿ ਇੰਨੀ ਮਹਿੰਗਾਈ ਦੇ ਦੋਰ ਚ ਬਿਨਾਂ ਤਨਖਾਹ ਤੋਂ ਕੱਚੇ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ ਹੈ । ਪਰੰਤੂ ਸਰਕਾਰ ਦੇ ਬੋਲੇ ਕੰਨਾਂ ਤੱਕ ਇਹਨਾਂ ਦੀ ਮਜਬੂਰੀ ਦੀ ਆਵਾਜ਼ ਨਹੀਂ ਪਹੁੰਚੀ। ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਕਰਮਚਾਰੀਆਂ ਦੇ ਜਾਇਜ਼ ਹੱਕਾਂ ਲਈ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।