ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ
Publish Date: Thu, 26 Nov 2026 03:34 PM (IST)
Updated Date: Thu, 26 Nov 2026 03:34 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਰਕਾਰੀ ਕਾਲਜ ਰੂਪਨਗਰ ਵਿਖੇ ਕਾਲਜ ਵਿਖੇ ਵੀਰਵਾਰ ਨੂੰ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਕੌਂਸਲ ਤੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਪ੍ਰਿੰਸੀਪਲ ਗੁਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਤੇ ਇਸ ਦੇ ਮੂਲ ਸਿਧਾਂਤਾਂ ਬਾਰੇ ਜਾਣੂ ਕਰਵਾਇਆ। ਵਾਈਸ ਪ੍ਰਿੰਸੀਪਲ ਹਰਜੀਤ ਸਿੰਘ ਨੇ ਸੰਵਿਧਾਨਕ ਕਦਰਾਂ-ਕੀਮਤਾਂ, ਸਮਾਨਤਾ ਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਡਾ. ਨਿਰਮਲ ਸਿੰਘ ਬਰਾੜ ਨੇ ਵੀ ਸੰਵਿਧਾਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦਾ ਮੰਚ ਸੰਚਾਲਨ ਰਾਜਨੀਤੀ ਵਿਗਿਆਨ ਵਿਭਾਗ ਦੀ ਡਾ. ਹਰਪ੍ਰੀਤ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਸੰਵਿਧਾਨ ਦਿਵਸ ਦੇ ਇਤਿਹਾਸਕ ਪਿਛੋਕੜ, ਭਾਰਤੀ ਸੰਵਿਧਾਨ ਦੀ ਰਚਨਾ ਤੇ ਇਸ ਦੇ ਮੂਲ ਸਿਧਾਂਤਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਵਿਧਾਨ ’ਚ ਦਰਜ ਆਦਰਸ਼ਾਂ ਤੇ ਲੋਕਤੰਤਰੀ ਪ੍ਰਣਾਲੀ ਵਿੱਚ ਨਾਗਰਿਕਾਂ ਦੀ ਭੂਮਿਕਾ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਇਸ ਮੌਕੇ ਐੱਮਏ. ਭਾਗ ਪਹਿਲਾ, ਐੱਮਏ. ਭਾਗ ਦੂਜਾ ਤੇ ਬੀਏ. ਦੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਸੰਵਿਧਾਨ ਦੇ ਇਤਿਹਾਸਕ ਪਿਛੋਕੜ, ਪ੍ਰਸਤਾਵਨਾ, ਮੌਲਿਕ ਅਧਿਕਾਰਾਂ, ਮੌਲਿਕ ਕਰਤੱਵਾਂ, ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਭਾਸ਼ਣ ਦਿੱਤੇ। ਵਿਭਾਗ ਦੇ ਅਧਿਆਪਕਾਂ ਡਾ. ਨੀਰੂ ਚੋਪੜਾ, ਡਾ. ਆਰਤੀ ਤੇ ਡਾ. ਰੀਨਾ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਵਿਦਿਆਰਥੀਆਂ ਵੱਲੋਂ ਭਾਰਤੀ ਸੰਵਿਧਾਨ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਪੋਸਟਰ ਵੀ ਤਿਆਰ ਕੀਤੇ ਗਏ। ਇਸ ਸਮਾਗਮ ’ਚ ਡਾ. ਰਾਜਵਿੰਦਰ ਸਿੰਘ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਭਾਰਤੀ ਸੰਵਿਧਾਨ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਸਹੁੰ ਚੁਕਾਈ।