ਪਾਣੀ ਦੀ ਨਿਕਾਸੀ ਲਈ ਨਾਲੇ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀਂ ਸਰਥਲੀ ਬੱਸ ਸਟੈਂਡ ’ਤੇ ਪਾਣੀ ਦੀ ਨਿਕਾਸੀ ਲਈ ਨਾਲੇ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀਂ
Publish Date: Fri, 14 Aug 2026 04:55 PM (IST)
Updated Date: Fri, 14 Aug 2026 04:56 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਸਰਥਲੀ ਬੱਸ ਸਟੈਂਡ ਵਿਖੇ ਸੜਕ ਦੇ ਨਾਲ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਨਾ ਹੋਣ ਕਾਰਨ ਬਰਸਾਤੀ ਪਾਣੀ ਅਤੇ ਘਰਾਂ ਦਾ ਗੰਦਾ ਪਾਣੀ ਸੜਕ ’ਤੇ ਇਕੱਠਾ ਹੋਣ ਦੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਸੀ। ਇਸ ਕਾਰਨ ਜਿੱਥੇ ਰਾਹਗੀਰਾਂ, ਪਿੰਡ ਵਾਸੀਆਂ ਅਤੇ ਅੱਡੇ ਦੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਸੜਕ ਦੀ ਹਾਲਤ ਵੀ ਪ੍ਰਭਾਵਿਤ ਹੁੰਦੀ ਸੀ। ਪਿੰਡ ਵਾਸੀਆਂ ਅਤੇ ਬੱਸ ਸਟੈਂਡ ਦੇ ਦੁਕਾਨਦਾਰਾਂ ਵੱਲੋਂ ਲੰਬੇ ਸਮੇਂ ਤੋਂ ਸੜਕ ਦੇ ਨਾਲ ਪੱਕੇ ਨਾਲੇ ਦੀ ਉਸਾਰੀ ਦੀ ਮੰਗ ਕੀਤੀ ਜਾ ਰਹੀ ਸੀ, ਤਾਂ ਜੋ ਬਰਸਾਤੀ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਸੁਚੱਜੇ ਢੰਗ ਨਾਲ ਹੋ ਸਕੇ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਵੱਲੋਂ ਸਰਥਲੀ ਬੱਸ ਸਟੈਂਡ ਦੇ ਸਾਹਮਣੇ ਦੁਕਾਨਾਂ ਦੇ ਨਾਲ ਨਾਲੇ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਇਸ ਨਾਲੇ ਦੇ ਨਿਰਮਾਣ ਨਾਲ ਆਉਣ ਵਾਲੇ ਸਮੇਂ ਵਿੱਚ ਸੜਕ ’ਤੇ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸੜਕ ’ਤੇ ਲਗਾਤਾਰ ਪਾਣੀ ਖੜ੍ਹਾ ਰਹਿਣ ਕਾਰਨ ਹੋਣ ਵਾਲੇ ਨੁਕਸਾਨ ਤੋਂ ਵੀ ਬਚਾਅ ਹੋਵੇਗਾ। ਇਸ ਮੌਕੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਰਾਮ ਪ੍ਰਤਾਪ ਸਰਥਲੀ ਨੇ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਥਲੀ ਪਿੰਡ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪਿੰਡ ਵਿੱਚ ਕਈ ਵਿਕਾਸ ਕਾਰਜ ਅਧੂਰੇ ਪਏ ਸਨ, ਜਿਨ੍ਹਾਂ ਨੂੰ ਹੁਣ ਵਿਧਾਇਕ ਦਿਨੇਸ਼ ਚੱਢਾ ਦੇ ਕਾਰਜਕਾਲ ਦੌਰਾਨ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਇਸ ਤੋਂ ਪਹਿਲਾਂ ਇੰਨੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਨਹੀਂ ਹੋਏ। ਰਾਮ ਪ੍ਰਤਾਪ ਸਰਥਲੀ ਨੇ ਕਿਹਾ ਕਿ ਨਾਲੇ ਦੀ ਉਸਾਰੀ ਨਾਲ ਨਾ ਸਿਰਫ਼ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ, ਸਗੋਂ ਬੱਸ ਸਟੈਂਡ ਦੇ ਦੁਕਾਨਦਾਰਾਂ, ਰਾਹਗੀਰਾਂ ਅਤੇ ਆਮ ਲੋਕਾਂ ਨੂੰ ਵੀ ਰੋਜ਼ਾਨਾ ਆ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਵੱਲੋਂ ਸਮੁੱਚੇ ਪਿੰਡ ਵਾਸੀਆਂ ਅਤੇ ਅੱਡੇ ਦੇ ਦੁਕਾਨਦਾਰਾਂ ਦੀ ਤਰਫੋਂ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਗਿਆ। ਲੋਕ ਨਿਰਮਾਣ ਵਿਭਾਗ ਦੇ ਜੇ.ਈ. ਗੁਰਦਿਆਲ ਗੋਲਡੀ ਨੇ ਦੱਸਿਆ ਕਿ ਇਸ ਨਾਲੇ ਦੀ ਉਸਾਰੀ ’ਤੇ ਲਗਭਗ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਸੜਕ ਦੇ ਦੋਵੇਂ ਪਾਸਿਆਂ ’ਤੇ ਇੰਟਰਲਾਕ ਟਾਈਲਾਂ ਵੀ ਲਗਾਈਆਂ ਜਾਣਗੀਆਂ, ਜਿਸ ਨਾਲ ਇਲਾਕੇ ਦੀ ਦਿੱਖ ਵਿੱਚ ਵੀ ਸੁਧਾਰ ਆਵੇਗਾ ਅਤੇ ਆਵਾਜਾਈ ਨੂੰ ਹੋਰ ਸੁਵਿਧਾਜਨਕ ਬਣਾਇਆ ਜਾ ਸਕੇਗਾ।