- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
316 ਘਰਾਂ ਅਤੇ 948 ਪਾਣੀ ਵਾਲੇ ਭਾਂਡਿਆਂ ਦੀ ਕੀਤੀ ਜਾਂਚ; 5 ਥਾਵਾਂ ’ਤੇ ਮਿਲਿਆ ਲਾਰਵਾ ਕੀਤਾ ਨਸ਼ਟ

316 ਘਰਾਂ ਅਤੇ 948 ਪਾਣੀ ਵਾਲੇ ਭਾਂਡਿਆਂ ਦੀ ਕੀਤੀ ਗਈ ਜਾਂਚ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਚਲਾਈ ਜਾ ਰਹੀ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ’ਚ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੀ ਅਗਵਾਈ ਹੇਠ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਅਤੇ ਹੋਰ ਸੰਭਾਵਿਤ ਥਾਵਾਂ ਦੀ ਜਾਂਚ ਕਰਕੇ ਡੇਂਗੂ ਮੱਛਰ ਦੇ ਲਾਰਵੇ ਦੀ ਪਛਾਣ ਅਤੇ ਇਸ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।
ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੁੱਲ 316 ਘਰਾਂ ਦੀ ਜਾਂਚ ਕੀਤੀ ਗਈ ਅਤੇ 948 ਪਾਣੀ ਵਾਲੇ ਭਾਂਡਿਆਂ ਦੀ ਪੜਤਾਲ ਕੀਤੀ ਗਈ। ਜਾਂਚ ਦੌਰਾਨ 5 ਥਾਵਾਂ ’ਤੇ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਸ ਤੋਂ ਇਲਾਵਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਇੱਕ ਥਾਂ ਚਲਾਨ ਵੀ ਕੀਤਾ ਗਿਆ, ਤਾਂ ਜੋ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ’ਚ ਵੀ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਕੂਲਾਂ ’ਚ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ, ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਬੱਚਿਆਂ ਸਮੇਤ ਸਮੁੱਚੇ ਭਾਈਚਾਰੇ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ, ਦਫ਼ਤਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਪਾਣੀ ਖੜ੍ਹਾ ਨਾ ਹੋਣ ਦੇਣ। ਖ਼ਾਸ ਤੌਰ ’ਤੇ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਛੱਤਾਂ, ਪੁਰਾਣੇ ਟਾਇਰਾਂ ਅਤੇ ਹੋਰ ਅਜਿਹੀਆਂ ਵਸਤਾਂ ਦੀ ਨਿਯਮਤ ਜਾਂਚ ਕੀਤੀ ਜਾਵੇ, ਜਿੱਥੇ ਪਾਣੀ ਇਕੱਠਾ ਹੋਣ ਕਾਰਨ ਡੇਂਗੂ ਮੱਛਰ ਪੈਦਾ ਹੋ ਸਕਦਾ ਹੈ। ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਣ ਅਤੇ ਉਨ੍ਹਾਂ ਦੀ ਸਮੇਂ-ਸਮੇਂ ’ਤੇ ਸਫ਼ਾਈ ਕਰਨ ਦੀ ਵੀ ਸਲਾਹ ਦਿੱਤੀ ਜਾ ਰਹੀ ਹੈ।
ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਜਾਂਚ, ਲਾਰਵੇ ਦੀ ਪਛਾਣ, ਲਾਰਵਾ ਨਸ਼ਟ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਹਫ਼ਤੇ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰਕੇ ਡੇਂਗੂ ਮੱਛਰ ਦੀ ਪੈਦਾਵਾਰ ਦੇ ਸੰਭਾਵਿਤ ਸਰੋਤਾਂ ਨੂੰ ਖ਼ਤਮ ਕਰਨ ’ਚ ਸਹਿਯੋਗ ਦੇਣ।