ਪਵਿੱਤਰ ਅਸਥਾਨਾਂ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ : ਭਾਈ ਚਾਵਲਾ
ਦਰਬਾਰ ਸਾਹਿਬ ਨਾਲ ਜੁੜੀ ਏਆਈ ਵੀਡੀਓ ‘ਤੇ ਵਿਵਾਦ, ਭਾਈ ਚਾਵਲਾ ਨੇ ਕੇਂਦਰ ’ਤੇ ਪੰਜਾਬ ਸਰਕਾਰਾਂ ਨੂੰ ਘੇਰਿਆ
Publish Date: Wed, 18 Mar 2026 05:05 PM (IST)
Updated Date: Wed, 18 Mar 2026 05:07 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਹਰਮਿੰਦਰ ਸਿੰਘ (ਦਰਬਾਰ ਸਾਹਿਬ) ਦੀ ਪਰਿਕਰਮਾ ਅਤੇ ਲੰਗਰ ਹਾਲ ਨਾਲ ਸੰਬੰਧਿਤ ਏਆਈ ਤਕਨਾਲੋਜੀ ਨਾਲ ਤਿਆਰ ਕੀਤੀ ਇੱਕ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਗੰਭੀਰ ਰੂਪ ਧਾਰ ਗਿਆ ਹੈ। ਇਸ ਵੀਡੀਓ ਵਿਚ ਦਰਸਾਇਆ ਗਿਆ ਹੈ ਕਿ ਇਕ ਵਿਅਕਤੀ ਜੋੜੇ ਪਾ ਕੇ ਪਰਿਕਰਮਾ ਅਤੇ ਲੰਗਰ ਹਾਲ ਵਿਚ ਘੁੰਮ ਰਿਹਾ ਹੈ, ਜਿਸ ਕਾਰਨ ਸਿੱਖ ਸੰਗਤ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਐਸਜੀਪੀਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੜੀ ਪ੍ਰਤੀਕਿਰਿਆ ਜਾਹਿਰ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਲਗਾਤਾਰ ਧਾਰਮਿਕ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ‘ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਚੁੱਪ ਚਿੰਤਾਜਨਕ ਹੈ। ਭਾਈ ਚਾਵਲਾ ਨੇ ਕਿਹਾ ਕਿ ਸਰਕਾਰਾਂ ਕੋਲ ਉਹ ਸਾਰੇ ਸਾਧਨ ਮੌਜੂਦ ਹਨ ਜਿਨ੍ਹਾਂ ਰਾਹੀਂ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ, ਪਰ ਫਿਰ ਵੀ ਢਿੱਲ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਬੇਨਕਾਬ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਧਾਰਮਿਕ ਅਸਥਾਨਾਂ ਦੀ ਮਰਿਆਦਾ ਨਾਲ ਖਿਲਵਾੜ ਨਾ ਕਰ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪੱਧਰ ‘ਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।