ਕੁਸ਼ਟ ਰੋਗ ਦੇ ਖਾਤਮੇ ਲਈ ਵਿਭਾਗਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ : ਡਾ.ਨਾਇਕ ਕੁਸ਼ਟ ਰੋਗ ਦੇ ਖਾਤਮੇ ਲਈ ਵਿਭਾਗਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ:ਡਾ.ਨਾਇਕ
Publish Date: Thu, 27 Aug 2026 03:35 PM (IST)
Updated Date: Thu, 27 Aug 2026 03:37 PM (IST)
ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਵੱਲੋਂ ਰੂਪਨਗਰ ਜ਼ਿਲ੍ਹੇ ਦਾ ਦੌਰਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ.ਪ੍ਰਦੀਪਤਾ ਕੁਮਾਰ ਨਾਇਕ ਨੇ ਜ਼ਿਲ੍ਹੇ ਦੇ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕੁਸ਼ਟ ਰੋਗ ਸਬੰਧੀ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਦਾ ਖਾਤਮਾ ਕੇਵਲ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਿਹਤ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਅਹਿਮ ਮਾਮਲਾ ਹੈ। ਇਸ ਲਈ ਕੁਸ਼ਟ ਰੋਗ ਦੀ ਰੋਕਥਾਮ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਿਹਤ ਵਿਭਾਗ ਦੇ ਨਾਲ ਹੋਰ ਸਰਕਾਰੀ ਵਿਭਾਗਾਂ, ਸਥਾਨਕ ਸੰਸਥਾਵਾਂ ਅਤੇ ਸਬੰਧਤ ਏਜੰਸੀਆਂ ਦਾ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਦੀ ਜਲਦ ਪਛਾਣ ਅਤੇ ਸਮੇਂ ਸਿਰ ਇਲਾਜ ਨਾਲ ਨਾ ਸਿਰਫ਼ ਮਰੀਜ਼ ਨੂੰ ਬਿਮਾਰੀ ਤੋਂ ਮੁਕਤੀ ਦਿਵਾਉਣ ਵਿਚ ਮੱਦਦ ਮਿਲਦੀ ਹੈ, ਸਗੋਂ ਬਿਮਾਰੀ ਕਾਰਨ ਹੋਣ ਵਾਲੀਆਂ ਸਰੀਰਕ ਅਪੰਗਤਾਵਾਂ ਨੂੰ ਵੀ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਸ਼ਟ ਰੋਗ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਲੋੜੀਂਦੀ ਜਾਂਚ ਅਤੇ ਮੁਫ਼ਤ ਇਲਾਜ ਦੀ ਸਹੂਲਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕੁਸ਼ਟ ਰੋਗ ਨਾਲ ਜੁੜੀਆਂ ਗਲਤ ਧਾਰਨਾਵਾਂ, ਡਰ ਅਤੇ ਸਮਾਜਿਕ ਭੇਦਭਾਵ ਨੂੰ ਖਤਮ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕੁਸ਼ਟ ਰੋਗੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਪ੍ਰੋਗਰਾਮ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਨਿਗਰਾਨੀ ਮਜ਼ਬੂਤ ਕਰਨ, ਸਿਹਤ ਕਰਮਚਾਰੀਆਂ ਅਤੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਕੁਸ਼ਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਤੱਕ ਸਿਹਤ ਤੇ ਸਮਾਜਿਕ ਸਹਾਇਤਾ ਦੀ ਪਹੁੰਚ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਸ਼ਟ ਰੋਗ ਦੀ ਰੋਕਥਾਮ, ਜਲਦ ਪਛਾਣ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਸਿਹਤ ਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਮਾਣ-ਸਨਮਾਨ ਅਤੇ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੁਸ਼ਟ ਰੋਗ ਦੀ ਜਲਦ ਪਛਾਣ, ਮਰੀਜ਼ਾਂ ਦੀ ਜਾਂਚ, ਇਲਾਜ ਅਤੇ ਫਾਲੋਅਪ ਲਈ ਸਿਹਤ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੀਟਿੰਗ ਵਿਚ ਏਡੀਸੀ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਏਸੀਐੱਸਡਾ.ਬੌਬੀ ਗੁਲਾਟੀ, ਡੀਐੱਮਸੀ ਡਾ.ਉਰਮਿਲ ਗਰਗ, ਡੀਪੀਆਰਓ ਕਰਨ ਮਹਿਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਅੰਜਲੀ ਚੌਧਰੀ, ਐੱਸਐੱਮਓ ਡਾ. ਹਰਪ੍ਰੀਤ ਕੌਰ, ਡਾ.ਅਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਡੀਈਓ (ਪ੍ਰਾ) ਸ਼ਮਸ਼ੇਰ ਸਿੰਘ, ਏਡੀਈਓ (ਸੈਕੰਡਰੀ) ਇੰਦਰਜੀਤ ਸਿੰਘ, ਡਾ.ਕੰਵਰਬੀਰ ਸਿੰਘ ਸਮੇਤ ਸਿਹਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਿਹਤ ਕਰਮਚਾਰੀ ਮੌਜੂਦ ਸਨ।