‘ਸਖੀ ਸ਼ਕਤੀ ਮੇਲੇ’ ਦੇ 6ਵੇਂ ਦਿਨ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨ੍ਹਿਆ ਰੰਗ ‘ਪੰਜਾਬ ਸਖੀ ਸ਼ਕਤੀ ਮੇਲੇ’ ਦੇ ਛੇਵੇਂ ਦਿਨ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨ੍ਹਿਆ ਰੰਗ, ਲੋਕਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ
Publish Date: Thu, 26 Nov 2026 06:11 PM (IST)
Updated Date: Thu, 26 Nov 2026 06:13 PM (IST)
ਪੰਜਾਬੀ ਗਿੱਧੇ-ਭੰਗੜੇ ਤੇ ਰਾਜਸਥਾਨੀ ਲੋਕ ਕਲਾਵਾਂ ਨੇ ਮੋਹਿਆ ਮਨ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਰੂਪਨਗਰ ਵਿਖੇ ਕਰਵਾਏ ਜਾ ਰਹੇ ‘ਪੰਜਾਬ ਸਖੀ ਸ਼ਕਤੀ ਮੇਲੇ’ ਦੇ ਛੇਵੇਂ ਦਿਨ ਸੱਭਿਆਚਾਰਕ ਪੇਸ਼ਕਾਰੀਆਂ, ਲੋਕ ਕਲਾਵਾਂ ਤੇ ਦਰਸ਼ਕਾਂ ਦੇ ਉਤਸ਼ਾਹ ਨੇ ਸਮਾਗਮ ਨੂੰ ਯਾਦਗਾਰ ਰੰਗਤ ਬਖ਼ਸ਼ੀ। ਮੇਲੇ ਦੌਰਾਨ ਜਿੱਥੇ ਪੰਜਾਬ ਸਮੇਤ ਵੱਖ-ਵੱਖ ਖੇਤਰਾਂ ਦੇ ਅਮੀਰ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲੀ, ਉੱਥੇ ਹੀ ਮਹਿਲਾ ਉੱਦਮੀਆਂ ਤੇ ਸਵੈ-ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੀ ਲੋਕਾਂ ਲਈ ਖ਼ਾਸ ਖਿੱਚ ਦਾ ਕੇਂਦਰ ਬਣੇ ਰਹੇ। ਮੇਲੇ ਦੇ ਛੇਵੇਂ ਦਿਨ ਕਰਵਾਏ ਗਏ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ’ਚ ਬੀਨ ਜੋਗੀ, ਰਾਜਸਥਾਨੀ ਲੋਕ ਕਲਾਵਾਂ, ਪੰਜਾਬੀ ਜਿੰਦੂਆ ਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਕਲਾਕਾਰਾਂ ਨੇ ਆਪਣੀ ਕਲਾ ਰਾਹੀਂ ਰਵਾਇਤੀ ਲੋਕ ਵਿਰਸੇ ਦੀ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਸਮਾਗਮ ’ਚ ਸੱਭਿਆਚਾਰਕ ਰੰਗ ਭਰੇ। ਇਸ ਤੋਂ ਇਲਾਵਾ ਮੇਲੇ ਦੌਰਾਨ ਰੋਜ਼ਾਨਾ ਵੱਖ-ਵੱਖ ਪ੍ਰਸਿੱਧ ਕਲਾਕਾਰਾਂ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜੋ ਦਰਸ਼ਕਾਂ ਦੇ ਆਕਰਸ਼ਣ ਦਾ ਵਿਸ਼ੇਸ਼ ਕੇਂਦਰ ਬਣੀਆਂ ਹੋਈਆਂ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਮਹਿਲਾ ਸਵੈ-ਸਹਾਇਤਾ ਸਮੂਹਾਂ ਤੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਤੇ ਮਿਹਨਤ ਨਾਲ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਤੇ ਵਿਕਰੀ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨਾ ਹੈ। ਇਸ ਤਹਿਤ ਮੇਲੇ ’ਚ ਹੱਥੀਂ ਤਿਆਰ ਕੀਤੀਆਂ ਵਸਤਾਂ, ਦਸਤਕਾਰੀ, ਰਵਾਇਤੀ ਉਤਪਾਦਾਂ, ਘਰੇਲੂ ਵਰਤੋਂ ਦੀਆਂ ਚੀਜ਼ਾਂ ਤੇ ਖਾਣ-ਪੀਣ ਦੀਆਂ ਵਸਤਾਂ ਦੇ ਵੱਖ-ਵੱਖ ਸਟਾਲ ਲਗਾਏ ਗਏ ਹਨ। ਇਨ੍ਹਾਂ ਸਟਾਲਾਂ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਪਛਾਣ ਬਣਾਉਣ, ਨਵੇਂ ਗਾਹਕਾਂ ਤੱਕ ਪਹੁੰਚ ਕਰਨ ਤੇ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਦੇ ਮੌਕੇ ਮਿਲ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਉਪਰਾਲਾ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਉੱਦਮਸ਼ੀਲਤਾ ਤੇ ਸਿਰਜਣਾਤਮਕ ਹੁਨਰ ਨੂੰ ਉਤਸ਼ਾਹਿਤ ਕਰਨ ’ਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਦੇ ਨਾਲ ਹੀ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨਾਲ ਸਬੰਧਤ ਉੱਦਮੀਆਂ ਤੇ ਛੋਟੇ ਕਾਰੋਬਾਰੀਆਂ ਨੂੰ ਵੀ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਤੇ ਪ੍ਰਚਾਰ ਲਈ ਮੰਚ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਥਾਨਕ ਕਾਰੋਬਾਰਾਂ ਨੂੰ ਨਵੀਂ ਪਛਾਣ ਤੇ ਮੰਡੀਕਰਨ ਦੇ ਵਧੇਰੇ ਮੌਕੇ ਮਿਲ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਇਆ ਜਾ ਰਿਹਾ ਇਹ ਮੇਲਾ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ, ਪੇਂਡੂ ਉੱਦਮਤਾ ਨੂੰ ਮਜ਼ਬੂਤ ਕਰਨ, ਸਥਾਨਕ ਉਤਪਾਦਾਂ ਨੂੰ ਉਚਿਤ ਮੰਡੀਕਰਨ ਦੇ ਮੌਕੇ ਪ੍ਰਦਾਨ ਕਰਨ ਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੀ ਦਿਸ਼ਾ ’ਚ ਇੱਕ ਮਹੱਤਵਪੂਰਨ ਉਪਰਾਲਾ ਹੈ।