ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ
Publish Date: Mon, 24 Aug 2026 04:54 PM (IST)
Updated Date: Mon, 24 Aug 2026 04:54 PM (IST)
ਪੀਐੱਚ.ਡੀ. ਡਿਗਰੀ ਨਾਲ ਸਬੰਧਤ ਮਾਮਲੇ ਵਿੱਚ ਲੁਧਿਆਣਾ ਤੋਂ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂ ਵਾਲੀਆ ਨੂੰ ਪੀਐੱਚ.ਡੀ. ਡਿਗਰੀ ਨਾਲ ਸਬੰਧਤ ਮਾਮਲੇ ਵਿੱਚ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁਲੀਸ ਵੱਲੋਂ ਸੋਨੂ ਵਾਲੀਆ ਨੂੰ ਬੀਤੇ ਦਿਨ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਸੀ। ਥਾਣਾ ਸ੍ਰੀ ਆਨੰਦਪੁਰ ਸਾਹਿਬ ਦੇ ਐੱਸਐੱਚਓ ਜਤਿਨ ਕਪੂਰ ਨੇ ਦੱਸਿਆ ਕਿ ਸੋਨੂ ਵਾਲੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਦੋ ਦਿਨ ਦਾ ਪੁਲੀਸ ਰਿਮਾਂਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਮਾਮਲੇ ਸਬੰਧੀ ਜਾਂਚ ਕੀਤੀ ਜਾਵੇਗੀ ਅਤੇ ਰਿਮਾਂਡ ਦੀ ਮਿਆਦ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਮਾਮਲਾ ਅਕੈਡਮੀ ਦੇ ਕੁਝ ਕਰਮਚਾਰੀਆਂ ਵੱਲੋਂ ਸੋਨੂ ਵਾਲੀਆ ਖ਼ਿਲਾਫ਼ ਦਿੱਤੀ ਲਿਖਤੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪੁਲੀਸ ਅਨੁਸਾਰ ਜਾਂਚ ਤੋਂ ਬਾਅਦ ਸੋਨੂ ਵਾਲੀਆ ਖ਼ਿਲਾਫ਼ ਪੀਐੱਚ.ਡੀ. ਡਿਗਰੀ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਆਪਣੇ ਨਾਂ ਨਾਲ ‘ਡਾਕਟਰ’ ਸ਼ਬਦ ਦੀ ਵਰਤੋਂ ਨਾਲ ਜੁੜੇ ਦੋਸ਼ਾਂ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਉਧਰ, ਟਰੱਸਟ ਦੇ ਮੈਂਬਰ ਸਕੱਤਰ ਐਡਵੋਕੇਟ ਆਈ.ਪੀ. ਸਿੰਘ ਨੇ ਦੱਸਿਆ ਕਿ ਅਗਲੇ ਹਫ਼ਤੇ ਟਰੱਸਟ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਅਕੈਡਮੀ ਦੇ ਮੌਜੂਦਾ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕਰਕੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਅਕੈਡਮੀ ਦੇ ਪ੍ਰਬੰਧ ਸੁਚਾਰੂ ਰੱਖਣ ਲਈ ਜਲਦ ਹੀ ਡਾਇਰੈਕਟਰ ਦੀ ਨਿਯੁਕਤੀ ਕੀਤੀ ਜਾ ਰਹੀ ਹੈ।