ਹਾਦਸਿਆਂ ਨੂੰ ਰੋਕਣ ਲਈ DC ਦਾ ਵੱਡਾ ਫੈਸਲਾ: ਲੋਹੰਡ ਖੱਡ ਦੁਆਲੇ ਕੀਤੀ ਜਾਵੇਗੀ ਫੈਂਸਿੰਗ, ਸੁਰੱਖਿਆ ਲਈ ਲੱਗੇਗੀ ਕੰਡਿਆਲੀ ਤਾਰ
ਕੀਰਤਪੁਰ ਸਾਹਿਬ ਨੇੜੇ ਸਥਿਤ ਲੋਹੰਡ ਖੱਡ 'ਚ ਪਿਛਲੇ ਕੁਝ ਦਿਨਾਂ ਦੌਰਾਨ ਡੁੱਬਣ ਕਾਰਨ ਹੋਈਆਂ ਕਈ ਮੌਤਾਂ ਤੋਂ ਬਾਅਦ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Publish Date: Thu, 25 Jun 2026 01:25 PM (IST)
Updated Date: Thu, 25 Jun 2026 01:32 PM (IST)

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ - ਕੀਰਤਪੁਰ ਸਾਹਿਬ ਨੇੜੇ ਸਥਿਤ ਲੋਹੰਡ ਖੱਡ 'ਚ ਪਿਛਲੇ ਕੁਝ ਦਿਨਾਂ ਦੌਰਾਨ ਡੁੱਬਣ ਕਾਰਨ ਹੋਈਆਂ ਕਈ ਮੌਤਾਂ ਤੋਂ ਬਾਅਦ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਹੰਡ ਖੱਡ ਦੇ ਸੰਵੇਦਨਸ਼ੀਲ ਅਤੇ ਖਤਰਨਾਕ ਸਥਾਨਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀ ਸੁਰੱਖਿਆ ਲਈ ਤੁਰੰਤ ਪ੍ਰਭਾਵ ਨਾਲ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖਤਰਨਾਕ ਥਾਵਾਂ 'ਤੇ ਫੈਂਸਿੰਗ ਅਤੇ ਕੰਡਿਆਲੀ ਤਾਰ ਲਗਾਈ ਜਾਵੇਗੀ।
ਡੀਸੀ ਨੇ ਕਿਹਾ ਕਿ ਲੋਹੰਡ ਖੱਡ 'ਚ ਨਹਾਉਣ ਜਾਂ ਪਾਣੀ 'ਚ ਉਤਰਨ 'ਤੇ ਪਾਬੰਦੀ ਦੇ ਬਾਵਜੂਦ ਕਈ ਲੋਕ ਲਾਪਰਵਾਹੀ ਕਰਦੇ ਹਨ, ਜਿਸ ਕਾਰਨ ਦੁਖਦਾਈ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਾਹਰੋਂ ਆ ਕੇ ਪਾਣੀ 'ਚ ਉਤਰਨ ਵਾਲੇ ਜਾਂ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ 'ਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਖਤਰਨਾਕ ਥਾਵਾਂ 'ਤੇ ਚੇਤਾਵਨੀ ਬੋਰਡ ਲਗਾਉਣ ਅਤੇ ਨਿਗਰਾਨੀ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਲੋਹੰਡ ਖੱਡ 'ਚ ਪਿਛਲੇ ਕੁਝ ਦਿਨਾਂ ਦੌਰਾਨ ਡੁੱਬਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ 'ਚ ਕਈ ਨੌਜਵਾਨ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।