ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ
Publish Date: Mon, 23 Nov 2026 06:43 PM (IST)
Updated Date: Mon, 23 Nov 2026 06:46 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ,ਰੂਪਨਗਰ : ਰੂਪਨਗਰ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆ ਦੀ ਅਗਵਾਈ ’ਚ ਸਜਾਇਆ ਗਿਆ। ਇਸ ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਜਿਸ ’ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ੁਸ਼ੋਭਿਤ ਸਨ ਤੇ ਰਾਗੀ ਜੱਥੇ ਤੇ ਸੰਗਤ ਵਹਿਗੁਰੂ ਦਾ ਜਾਪ ਕਰਦੀ ਹੋਈ ਜਾ ਰਹੀ ਸੀ। ਇਸ ਦੌਰਾਨ ਨਗਰ ਕੀਰਤਨ ਦੇ ਅੱਗੇ ਬੈਂਡ ਤੇ ਧਾਰਮਿਕ ਧੁੰਨਾਂ ਵਜਾਈਆਂ ਜਾ ਰਹੀਆਂ ਸਨ। ਇਸ ਦੌਰਾਨ ਵੱਖ ਵੱਖ ਰਾਗੀ ਜੱਥਿਆਂ ਵੱਲੋਂ ਕੀਰਤਨ ਕੀਤਾ ਜਾ ਰਿਹਾ ਸੀ। ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦਾ ਮਨਮੋਹਕ ਬੈਂਡ ਇਲਾਕਾ ਵਾਸੀਆਂ ਲਈ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ। ਜਦਕਿ ਸੰਤ ਕਰਮ ਸਿੰਘ ਅਕੈਡਮੀ ਦੇ ਬੱਚਿਆਂ ਵੱਲੋਂ ਵੀ ਅਨੁਸ਼ਾਸਨ ’ਚ ਰਹਿ ਕੇ ਇਸ ਨਗਰ ਕੀਰਤਨ ’ਚ ਭਾਗ ਲਿਆ ਗਿਆ। ਇਸ ਦੌਰਾਨ ਸੰਗਤ ਵੱਲੋਂ ਸ਼ਹਿਰ ਦੀਆਂ ਗਲੀਆਂ ’ਚ ਸ਼ਬਦ ਕੀਰਤਨ ਦੀ ਗੂੰਜ ਨਾਲ ਗੁਰਬਾਣੀ ਦਾ ਪ੍ਰਚਾਰ ਕੀਤਾ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਵੱਖ ਵੱਖ ਥਾਵਾਂ ’ਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੱਲੋਂ ਸੰਗਤ ਲਈ ਅਲੱਗ ਅਲੱਗ ਤਰਾਂ ਦੇ ਲੰਗਰ ਲਗਾਏ ਗਏ ਸਨ। ਇਸ ਮੌਕੇ ਵੱਖ ਵੱਖ ਸੰਸਥਾਵਾਂ ਵੱਲੋਂ ਪੰਜ ਪਿਆਰਿਆਂ ਤੇ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਇਸ ਦੌਰਾਨ ਪੂਰਾ ਸ਼ਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਦੀ ਖੁਸ਼ੀ ’ਚ ਗੁਰੂ ਦੀ ਬਾਣੀ ਨਾਲ ਗੂੰਜਦਾ ਰਿਹਾ। ਨਗਰ ਕੀਰਤਨ ਦੌਰਾਨ ਪ੍ਰਧਾਨ ਚਰਨ ਸਿੰਘ ਭਾਟੀਆ, ਮਨਿੰਦਰਪਾਲ ਸਿੰਘ ਸਾਹਨੀ ਆਦਿ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਸ਼ਾਮਲ ਸੀ।