ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਦੀ ਮੰਗ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਦੀ ਮੰਗ
Publish Date: Sat, 14 Nov 2026 05:30 PM (IST)
Updated Date: Sat, 14 Nov 2026 05:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਚੌਧਰੀ ਦੀ ਅਗਵਾਈ ਹੇਠ ਭਾਜਪਾ ਦੇ ਇਕ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਤੇ ਜੀ ਆਈਆਂ ਨੂੰ ਕਿਹਾ। ਇਸ ਮੌਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਭਾਜਪਾ ਆਗੂਆਂ ਨੇ ਹਲਕੇ ਦੀ ਸਭ ਤੋਂ ਗੰਭੀਰ ਸਮੱਸਿਆ ਪਿੰਡ ਖੇੜਾ ਕਲਮੋਟ ਦੀਆਂ ਪਹਾੜੀਆਂ ’ਚ ਚੱਲ ਰਹੀ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਮਾਈਨਿੰਗ ਮਾਫੀਆ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਬਿਨਾਂ ਕਿਸੇ ਡਰ ਦੇ ਦਿਨ-ਦਿਹਾੜੇ ਕੁਦਰਤੀ ਸਰੋਤਾਂ ਦੀ ਲੁੱਟ ਕੀਤੀ ਜਾ ਰਹੀ ਹੈ। ਅਜਿਹਾ ਜਾਪਦਾ ਹੈ ਜਿਵੇਂ ਇਨ੍ਹਾਂ ਨੂੰ ਕਾਨੂੰਨ ਤੇ ਪ੍ਰਸ਼ਾਸਨ ਦਾ ਕੋਈ ਖ਼ੌਫ਼ ਹੀ ਨਹੀਂ ਰਿਹਾ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੀ ਗੈਰ-ਕਾਨੂੰਨੀ ਮਾਈਨਿੰਗ ’ਤੇ ਨਕੇਲ ਕੱਸੀ ਜਾਵੇਗੀ ਤੇ ਇਲਾਕਾ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਭਾਜਪਾ ਆਗੂਆਂ ਕਿਹਾ ਕਿ ਸਾਡੀ ਮੰਗ ਸਪੱਸ਼ਟ ਹੈ ਕਿ ਕੁਦਰਤੀ ਸਰੋਤਾਂ ਦੀ ਲੁੱਟ ਬੰਦ ਹੋਵੇ, ਕਾਨੂੰਨ ਦਾ ਰਾਜ ਸਥਾਪਿਤ ਹੋਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਲਾਕੇ ਦੇ ਹੱਕਾਂ ਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਸ ਮੌਕੇ ਭਾਜਪਾ ਨੰਗਲ ਮੰਡਲ ਦੇ ਪ੍ਰਧਾਨ ਰਣਜੀਤ ਸਿੰਘ ਲੱਕੀ ਐਡਵੋਕੇਟ ਸਤਵੀਰ ਰਾਣਾ, ਡਾਕਟਰ ਜੀਵਨ ਚੌਧਰੀ ਆਦਿ ਹਾਜ਼ਰ ਸਨ।