ਡਿਪਟੀ ਕਮਿਸ਼ਨਰ ਨੇ ਮਾਈਨਿੰਗ ਖੱਡਾਂ ਦੀ ਕੀਤੀ ਅਚਨਚੇਤ ਚੈਕਿੰਗ
ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਮਾਈਨਿੰਗ ਖੱਡਾਂ ਦੀ ਅਚਨਚੇਤ ਕੀਤੀ ਚੈਕਿੰਗ
Publish Date: Sat, 14 Feb 2026 05:47 PM (IST)
Updated Date: Sat, 14 Feb 2026 05:48 PM (IST)

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਖੇੜਾ ਕਲਮੋਟ ਸਣੇ ਜ਼ਿਲ੍ਹੇ ਦੇ ਬਲਾਕ ਨੰਗਲ ਦੀਆਂ ਸਮੂਹ ਮਾਈਨਿੰਗ ਖੱਡਾਂ ਦੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ।ਅਦਿੱਤਿਆ ਡਚਲਵਾਲ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਲਗਾਤਾਰ ਚੈਕਿੰਗ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਚਨਚੇਤ ਛਾਪੇ ਕਿਸੇ ਵੀ ਸਮੇਂ ਲਗਾਤਾਰ ਮਾਰੇ ਜਾਣਗੇ ਅਤੇ ਇਸ ਸਬੰਧੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾਂ ਮਾਈਨਿੰਗ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਖੇਤਰ ਵਿਚ ਨਾਜਾਇਜ਼ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਉਸ ਖਿਲਾਫ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਿਕੇਸ਼ ਗੁਪਤਾ, ਐਸਡੀਐਮ ਨੰਗਲ ਸਚਿਨ ਪਾਠਕ, ਜ਼ਿਲਾ ਮਾਈਨਿੰਗ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਨੰਗਲ ਗੁਰਤੇਜ ਸਿੰਘ ਗਰਚਾ, ਜ਼ਿਲ੍ਹਾਂ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਐਸਡੀਓ ਮਾਈਨਿੰਗ ਸ਼੍ਰੀ ਅਨੰਦਪੁਰ ਸਾਹਿਬ ਨਵਪ੍ਰੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।