- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੱਢਾ ਨੇ ਕਿਹਾ ਕਿ ਬੱਦੀ-ਭੁੱਡ ਇੰਡਸਟਰੀਅਲ ਖੇਤਰ ਤੋਂ ਨਿਕਲਣ ਵਾਲਾ ਪਾਣੀ ਸਰਸਾ ਨਦੀ ਵਿੱਚ ਪੈ ਰਿਹਾ ਹੈ ਅਤੇ ਇਹੀ ਪਾਣੀ ਅੱਗੇ ਪੰਜਾਬ ਵਿੱਚ ਦਾਖ਼ਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਪਿੰਡ ਜਾਂ ਖੇਤਰ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਦਰਿਆਈ ਪਾਣੀਆਂ, ਖੇਤੀਬਾੜੀ, ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨਾਲ ਸਿੱਧਾ ਜੁੜਿਆ ਹੋਇਆ ਹੈ।

ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ: ਹਿਮਾਚਲ ਪ੍ਰਦੇਸ਼ ਦੇ ਬੱਦੀ-ਭੁੱਡ ਬੈਰੀਅਰ ਨੇੜੇ ਸਰਸਾ ਨਦੀ ਵਿੱਚ ਉਦਯੋਗਿਕ ਇਕਾਈਆਂ ਵੱਲੋਂ ਕਥਿਤ ਤੌਰ ’ਤੇ ਛੱਡੇ ਜਾ ਰਹੇ ਗੰਦੇ ਅਤੇ ਕੈਮੀਕਲ ਯੁਕਤ ਪਾਣੀ ਦਾ ਮਾਮਲਾ ਮੁੜ ਗਰਮਾ ਗਿਆ ਹੈ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਦੋਸ਼ ਲਾਇਆ ਹੈ ਕਿ ਹਿਮਾਚਲ ਸਰਕਾਰ ਅਤੇ ਬੱਦੀ ਪ੍ਰਸ਼ਾਸਨ ਨੂੰ ਵਾਰ-ਵਾਰ ਜਾਣੂ ਕਰਵਾਉਣ ਦੇ ਬਾਵਜੂਦ ਪੰਜਾਬ ਵੱਲ ਆ ਰਹੇ ਪਾਣੀ ਵਿੱਚ ਉਦਯੋਗਿਕ ਪ੍ਰਦੂਸ਼ਣ ਰੋਕਣ ਲਈ ਲੋੜੀਂਦੀ ਸਖ਼ਤੀ ਨਹੀਂ ਕੀਤੀ ਜਾ ਰਹੀ।
ਚੱਢਾ ਨੇ ਕਿਹਾ ਕਿ ਬੱਦੀ-ਭੁੱਡ ਇੰਡਸਟਰੀਅਲ ਖੇਤਰ ਤੋਂ ਨਿਕਲਣ ਵਾਲਾ ਪਾਣੀ ਸਰਸਾ ਨਦੀ ਵਿੱਚ ਪੈ ਰਿਹਾ ਹੈ ਅਤੇ ਇਹੀ ਪਾਣੀ ਅੱਗੇ ਪੰਜਾਬ ਵਿੱਚ ਦਾਖ਼ਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਪਿੰਡ ਜਾਂ ਖੇਤਰ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਦਰਿਆਈ ਪਾਣੀਆਂ, ਖੇਤੀਬਾੜੀ, ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨਾਲ ਸਿੱਧਾ ਜੁੜਿਆ ਹੋਇਆ ਹੈ।
ਵਿਧਾਇਕ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਵੱਲੋਂ ਛੱਡੇ ਜਾਣ ਵਾਲੇ ਕੈਮੀਕਲ ਅਤੇ ਹੋਰ ਹਾਨੀਕਾਰਕ ਤੱਤਾਂ ਨੂੰ ਦਰਿਆਈ ਪਾਣੀ ਵਿੱਚ ਜਾਣ ਤੋਂ ਰੋਕਣਾ ਸਬੰਧਤ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਰ-ਬਾਰ ਧਿਆਨ ਦਿਵਾਉਣ ਦੇ ਬਾਵਜੂਦ ਇਸ ਮਾਮਲੇ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਵਿੱਚ ਉਦਯੋਗਿਕ ਪ੍ਰਦੂਸ਼ਣ ’ਤੇ ਰੋਕ ਨਹੀਂ ਲੱਗਦੀ ਤਾਂ ਇਸ ਦੇ ਮਾੜੇ ਪ੍ਰਭਾਵ ਹੇਠਲੇ ਖੇਤਰਾਂ ਤੱਕ ਪਹੁੰਚਣੇ ਸੁਭਾਵਿਕ ਹਨ।
ਚੱਢਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵਿੱਚ ਪਟੀਸ਼ਨ ਦਾਇਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਰਹੇਗਾ ਅਤੇ ਪੰਜਾਬ ਦੇ ਪਾਣੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਾਨੂੰਨੀ ਪੱਧਰ ’ਤੇ ਵੀ ਲੜਾਈ ਲੜੀ ਜਾਵੇਗੀ।
ਉਨ੍ਹਾਂ ਹਿਮਾਚਲ ਸਰਕਾਰ ਅਤੇ ਬੱਦੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਦਯੋਗਿਕ ਇਕਾਈਆਂ ਦੇ ਡਿਸਚਾਰਜ ਦੀ ਤੁਰੰਤ ਜਾਂਚ ਕਰਵਾਈ ਜਾਵੇ, ਪ੍ਰਦੂਸ਼ਿਤ ਪਾਣੀ ਨੂੰ ਸਰਸਾ ਨਦੀ ਵਿੱਚ ਜਾਣ ਤੋਂ ਰੋਕਿਆ ਜਾਵੇ ਅਤੇ ਜ਼ਿੰਮੇਵਾਰ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।