ਵਿਧਾਇਕ ਚੱਢਾ ਵੱਲੋਂ ਦਰਬਾਰ ਸਾਹਿਬ ਦੀ ਯਾਤਰਾ ਲਈ ਜਥਾ ਰਵਾਨਾ
ਵਿਧਾਇਕ ਚੱਢਾ ਨੇ ਪਿੰਡ ਪਲਾਟਾ ਤੋਂ ਦਰਬਾਰ ਸਾਹਿਬ ਲਈ ਯਾਤਰੀਆਂ ਦਾ ਜੱਥਾ ਕੀਤਾ ਰਵਾਨਾ
Publish Date: Sun, 08 Feb 2026 04:14 PM (IST)
Updated Date: Mon, 09 Feb 2026 04:00 AM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਖੇਤਰ ਦੇ ਪਿੰਡ ਪਲਾਟਾ ਤੋਂ ਲਗਭਗ 100 ਤੋਂ ਵੱਧ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਧਾਰਮਿਕ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸਥਿਤ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰਵਾਨਗੀ ਸਮਾਗਮ ਦੌਰਾਨ ਸ਼ਰਧਾਲੂਆਂ ਵਿੱਚ ਖ਼ਾਸ ਉਤਸ਼ਾਹ ਅਤੇ ਭਗਤੀਮਈ ਮਾਹੌਲ ਦੇ ਦਰਸ਼ਨ ਹੋਏ। ਯਾਤਰੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਰਾਹੀਂ ਆਮ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨੇਹਰੀ ਮੌਕਾ ਮਿਲ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਲੋਕ-ਹਿਤੈਸ਼ੀ ਅਤੇ ਇਤਿਹਾਸਕ ਪਹਿਲ ਹੈ, ਜਿਸਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵਿਧਾਇਕ ਚੱਢਾ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ’ਚ ਹੋਰ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾਉਣਗੇ। ਅੰਤ ’ਚ ਵਿਧਾਇਕ ਨੇ ਯਾਤਰੀਆਂ ਨੂੰ ਸੁਖਦਾਇਕ ਤੇ ਸ਼ੁਭ ਯਾਤਰਾ ਦੀਆਂ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੀਨੀਅਰ ‘ਆਪ’ ਆਗੂ ਚੌਧਰੀ ਹਸਨ ਨਾਲ ਚੌਹਾਨ ਸਹਿਤ ਹੋਰ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।