- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਰਮਲ ਪਲਾਂਟ ਕਾਮਿਆਂ ਨੂੰ ਸਰਕਾਰੀ ਮੁਲਾਜ਼ਮ ਬਣਨ ਤੋਂ ਬਾਅਦ ਪਹਿਲੀ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ: ਦਿਨੇਸ਼ ਚੱਢਾ

25-30 ਸਾਲਾਂ ਤੋਂ ਨਾਂ-ਮਾਤਰ ਤਨਖਾਹਾਂ ’ਤੇ ਕਰ ਰਹੇ ਸਨ ਕੰਮ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਥਰਮਲ ਪਲਾਂਟ ਰੂਪਨਗਰ ਵਿਖੇ ਪਿਛਲੇ 25 ਤੋਂ 30 ਸਾਲਾਂ ਤੋਂ ਠੇਕੇਦਾਰਾਂ ਅਧੀਨ ਨਾਂ-ਮਾਤਰ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ 800 ਤੋਂ ਵੱਧ ਕਾਮਿਆਂ ਲਈ ਇਸ ਵਾਰ ਦੀ ਦੀਵਾਲੀ ਵਿਸ਼ੇਸ਼ ਖੁਸ਼ੀਆਂ ਲੈ ਕੇ ਆਈ ਹੈ। ਸਰਕਾਰੀ ਮੁਲਾਜ਼ਮ ਬਣਨ ਤੋਂ ਬਾਅਦ ਇਨ੍ਹਾਂ ਕਾਮਿਆਂ ਦੀ ਇਹ ਪਹਿਲੀ ਦੀਵਾਲੀ ਹੈ। ਇਸ ਮੌਕੇ ਇਨ੍ਹਾਂ ’ਚੋਂ ਵੱਡੀ ਗਿਣਤੀ ’ਚ ਮੁਲਾਜ਼ਮ ਸਾਥੀਆਂ ਨੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।
ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਸਮੂਹ ਮੁਲਾਜ਼ਮਾਂ ਨੂੰ ਸਰਕਾਰੀ ਮੁਲਾਜ਼ਮ ਬਣਨ ਦੀ ਵਧਾਈ ਦਿੰਦਿਆਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਮਿਆਂ ਨੇ ਆਪਣੀ ਜ਼ਿੰਦਗੀ ਦੇ 25 ਤੋਂ 30 ਸਾਲ ਬਹੁਤ ਹੀ ਘੱਟ ਤਨਖ਼ਾਹਾਂ ’ਤੇ ਠੇਕੇਦਾਰਾਂ ਅਧੀਨ ਕੰਮ ਕਰਦਿਆਂ ਬਿਤਾਏ ਹਨ। ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਉਨ੍ਹਾਂ ਨੂੰ ਮਿਲਿਆ ਇਹ ਹੱਕ ਤੇ ਮਾਣ-ਸਤਿਕਾਰ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਨਮਾਨ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਠੇਕਾ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਾਮਿਆਂ ਨੂੰ ਰਾਹਤ ਦੇਣ ਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਿਹਨਤਕਸ਼ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਤੇ ਸਨਮਾਨ ਦਿਵਾਉਣਾ ਹੈ।
ਉਨ੍ਹਾਂ ਇਸ ਮੌਕੇ ਭਰੋਸਾ ਦਿਵਾਇਆ ਕਿ ਜਿਹੜੇ ਮੁਲਾਜ਼ਮ ਸਾਥੀ ਅਜੇ ਵੀ ਪੱਕੇ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਪੱਕਾ ਕਰਵਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ ਤੇ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਂਦੇ ਰਹਿਣਗੇ।
ਵਿਧਾਇਕ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਸਫ਼ਲਤਾ ਉਦੋਂ ਹੁੰਦੀ ਹੈ, ਜਦੋਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਆਮ ਲੋਕਾਂ ਤੇ ਮਿਹਨਤਕਸ਼ ਵਰਗ ਨੂੰ ਬਣਦਾ ਮਾਣ-ਸਤਿਕਾਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ।