- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026 ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ:ਅਦਿੱਤਿਆ

ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਰੂਪਨਗਰ ’ਚ ਖੇਡਾਂ ਵਤਨ ਪੰਜਾਬ ਦੀਆਂ-2026 ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਰੇਕ ਖੇਡ ਮੈਦਾਨ ਵਿਚ ਖਿਡਾਰੀਆਂ ਲਈ ਲੋੜੀਂਦੀਆਂ ਸਹੂਲਤਾਂ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ ਤੇ ਰਿਫਰੈਸ਼ਮੈਂਟ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਖੇਡ ਸਥਾਨਾਂ ’ਤੇ ਤਾਇਨਾਤ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਡਾਕਟਰੀ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਖਿਡਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਲਈ ਵੀ ਢੁੱਕਵੇਂ ਪ੍ਰਬੰਧ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਉਨ੍ਹਾਂ ਜ਼ਿਲ੍ਹਾ ਵਾਸੀਆਂ, ਖਿਡਾਰੀਆਂ, ਨੌਜਵਾਨਾਂ, ਕੋਚਾਂ, ਅਧਿਆਪਕਾਂ, ਮਾਪਿਆਂ ਅਤੇ ਖੇਡ ਪ੍ਰੇਮੀਆਂ ਨੂੰ ਇਨ੍ਹਾਂ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਰਾਜ ਪੱਧਰੀ ਆਗਾਜ਼ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਜ਼ਿਲ੍ਹਾ ਰੂਪਨਗਰ ਵਿਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ 9 ਸਤੰਬਰ ਤੋਂ ਹੋਵੇਗੀ। ਬਲਾਕ ਪੱਧਰੀ ਮੁਕਾਬਲੇ 9 ਤੋਂ 14 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 21 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਬਲਾਕ ਪੱਧਰ ’ਤੇ 9 ਤੋਂ 11 ਸਤੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ, ਜਦਕਿ 12 ਤੋਂ 14 ਸਤੰਬਰ ਤੱਕ ਮੋਰਿੰਡਾ ਅਤੇ ਨੂਰਪੁਰ ਬੇਦੀ ਵਿਖੇ ਖੇਡ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ, ਫੁੱਟਬਾਲ, ਟੈਨਿਸ ਬਾਲ ਕ੍ਰਿਕਟ, ਬੈਡਮਿੰਟਨ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈ ਸਕਦੇ ਹਨ ਅਤੇ ਰਜਿਸਟ੍ਰੇਸ਼ਨ ਕਿਊਆਰ ਕੋਡ ਰਾਹੀਂ ਵੀ ਕੀਤੀ ਜਾ ਸਕਦੀ ਹੈ। ਇਸ ਮੌਕੇ ਏਡੀਸੀ ਚੰਦਰਜਯੋਤੀ ਸਿੰਘ, ਐੱਸਪੀ (ਐੱਚ) ਹਰਸਿਮਰਤ ਸਿੰਘ, ਐੱਸਡੀਐੱਮ ਰੂਪਨਗਰ ਜਸਪ੍ਰੀਤ ਸਿੰਘ, ਐੱਸਡੀਐੱਮ ਆਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸਡੀਐੱਮ ਨੰਗਲ ਸਚਿਨ ਪਾਠਕ, ਡੀਐੱਸਓ ਜਗਜੀਵਨ ਸਿੰਘ ਗਿੱਲ, ਡੀਪੀਆਰਓ ਕਰਨ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਏਡੀਈਓ ਇੰਦਰਜੀਤ ਸਿੰਘ, ਡੀਐੱਸਸੀ ਸ਼ਰਨਜੀਤ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਈਓ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਅਤੇ ਖੇਡ ਵਿਭਾਗ ਦੇ ਕੋਚ ਹਾਜ਼ਰ ਸਨ।