ਓਵਰਲੋਡ ਵਾਹਨਾਂ ਵਿਰੁੱਧ ਸਖ਼ਤੀ, 7 ਦੇ ਕੀਤੇ ਚਲਾਨ ਓਵਰਲੋਡ ਵਾਹਨਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ 7 ਵਾਹਨਾਂ ਦੇ ਚਲਾਨ ਕੀਤੇ
Publish Date: Sat, 14 Nov 2026 05:28 PM (IST)
Updated Date: Sat, 14 Nov 2026 05:30 PM (IST)
ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਲਖਵੀਰ ਖਾਬੜਾ, ਪੰਜਾਬੀ ਜਾਗਰਣ,ਰੂਪਨਗਰ : ਜ਼ਿਲ੍ਹੇ ’ਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ, ਸੜਕ ਹਾਦਸਿਆਂ ਨੂੰ ਰੋਕਣ ਤੇ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਓਵਰਲੋਡ ਵਾਹਨਾਂ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ (ਆਰਟੀਓ.) ਰੂਪਨਗਰ ਰਾਜਪਾਲ ਸਿੰਘ ਸੇਖੋਂ ਤੇ ਸਹਾਇਕ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਸੈਣੀ ਵੱਲੋਂ ਰੂਪਨਗਰ ਦੇ ਨੇੜਲੇ ਇਲਾਕਿਆਂ ’ਚ ਸੜਕਾਂ ’ਤੇ ਚੱਲ ਰਹੇ ਟਿੱਪਰਾਂ ਤੇ ਹੋਰ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਲਿਜਾਣ ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਲ 7 ਵਾਹਨਾਂ ਦੇ ਚਲਾਨ ਕੀਤੇ ਗਏ। ਆਰਟੀਓ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਓਵਰਲੋਡ ਵਾਹਨਾਂ ਦੀ ਆਵਾਜਾਈ ਨਾ ਸਿਰਫ਼ ਸੜਕਾਂ ਦੀ ਹਾਲਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ ਤੇ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੁੰਦੀ ਹੈ। ਇਸ ਲਈ ਵਾਹਨ ਮਾਲਕਾਂ ਤੇ ਚਾਲਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਉਹ ਵਾਹਨਾਂ ’ਚ ਨਿਰਧਾਰਤ ਹੱਦ ਅਨੁਸਾਰ ਹੀ ਮਾਲ ਦੀ ਢੋਆ-ਢੁਆਈ ਕਰਨ ਤੇ ਸਾਰੇ ਲੋੜੀਂਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀ ਸੁਰੱਖਿਆ, ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਤੇ ਸੜਕਾਂ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕਾਂ ’ਤੇ ਸੁਰੱਖਿਅਤ ਤੇ ਸੁਚਾਰੂ ਆਵਾਜਾਈ ਯਕੀਨੀ ਬਣਾਈ ਜਾ ਸਕੇ।