ਸ੍ਰੀ ਚਮਕੌਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਨਹੀਂ ਲੜਾਂਗਾ ਚੋਣ ਡਾ. ਚਰਨਜੀਤ ਸਿੰਘ ਨੇ ਕਿਹਾ ਨਹੀਂ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ, ਅਫਵਾਹ ਝੂਠੀ ਅਤੇ ਸ਼ਰਾਰਤ
Publish Date: Mon, 02 Nov 2026 06:28 PM (IST)
Updated Date: Mon, 02 Nov 2026 06:29 PM (IST)
ਵਿਰੋਧੀ ਪਾਰਟੀਆਂ ਵੱਲੋਂ ਉਡਾਈ ਅਫ਼ਵਾਹ ਝੂਠੀ : ਡਾ. ਚਰਨਜੀਤ ਸਿੰਘ ਲੀਡ: ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ: ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਇੱਥੇ ਆਪਣੇ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਉਨ੍ਹਾਂ ਵੱਲੋਂ ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜਨ ਦੀਆਂ ਚਰਚਾਵਾਂ ਦਾ ਖੰਡਨ ਕਰਦਿਆਂ, ਇਨ੍ਹਾਂ ਚਰਚਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਸਿਰਫ ਤੇ ਸਿਰਫ ਵਿਰੋਧੀ ਪਾਰਟੀਆਂ ਵੱਲੋਂ ਉਡਾਈ ਅਫ਼ਵਾਹ ਤੇ ਉਨਾਂ ਦੀ ਸ਼ਰਾਰਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਨਹੀਂ ਕਿਹਾ ਕਿ ਉਹ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਇਨ੍ਹਾਂ ਚਰਚਾਵਾਂ ਪਿੱਛੇ ਸਿੱਧੇ ਤੌਰ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਸਾਬਕਾ ਮੁੱਖ ਮੰਤਰੀ ਚੰਨੀ ਹੀ ਕਰਦੇ ਹਨ ਜਦ ਕਿ ਉਨ੍ਹਾਂ ਕਦੇ ਵੀ ਇਹ ਜ਼ਿਕਰ ਨਹੀਂ ਕੀਤਾ ਕਿ ਜੇਕਰ ਉਨ੍ਹਾਂ ਨੂੰ ਚੋਣ ਲੜਨ ਲਈ ਪਾਰਟੀ ਵੱਲੋਂ ਟਿਕਟ ਨਹੀਂ ਮਿਲੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਨਾਂ ਨੂੰ ਪੂਰਾ ਭਰੋਸਾ ਹੈ ਤੇ ਇਹ ਪਾਰਟੀ ਨੇ ਦੇਖਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿਚ ਰਹਿ ਕੇ ਹੀ ਚੋਣ ਲੜਨਗੇ। ਇਸ ਮੌਕੇ ’ਤੇ ਉਨ੍ਹਾਂ ਆਪ ਸਰਕਾਰ ਸਮੇਂ ਹਲਕੇ ਵਿੱਚ ਵੱਡੇ ਪੱਧਰ ’ਤੇ ਕੀਤੇ ਗਏ ਵਿਕਾਸ ਕਾਰਜਾਂ ਦੀ ਚਰਚਾ ਵੀ ਕੀਤੀ ਤੇ ਕਿਹਾ ਕਿ ਹਲਕੇ ਦੇ ਲੋਕ ਉਨਾਂ ਵੱਲੋਂ ਕੀਤੇ ਕੰਮਾਂ ਤੋਂ ਪੂਰੀ ਤਰ੍ਹਾਂ ਨਾਲ ਉਨ੍ਹਾਂ ਤੋਂ ਖੁਸ਼ ਹਨ। ਇਸ ਮੌਕੇ ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਪਾਰਟੀ ਨਹੀਂ ਬਦਲਣਗੇ ਤੇ ਪਾਰਟੀ ’ਚ ਰਹਿ ਕੇ ਹੀ ਪਾਰਟੀ ਤੇ ਹਲਕੇ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰ ਤੋਂ ਹਲਕੇ ਦੀ ਸੇਵਾ ਕਰਨ ਦਾ ਮੌਕਾ ਦੇਵੇਗੀ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਹਨ ਪਾਰਟੀ ਦੇ ਸਿਪਾਹੀ ਹਨ ਤੇ ਉਨ੍ਹਾਂ ਪੂਰੀ ਇਮਾਨਦਾਰੀ ਤੇ ਤਨ ਦੇਹੀ ਨਾਲ ਪਾਰਟੀ ਤੇ ਹਲਕੇ ਦੇ ਵਿਕਾਸ ਲਈ ਕੰਮ ਕੀਤਾ ਹੈ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਦੇ ਵੀ ਉਨਾਂ ਤੇ ਦੂਸਰੀਆਂ ਪਾਰਟੀਆਂ ਦੇ ਆਗੂਆਂ ਵਿਧਾਇਕਾਂ ਮੰਤਰੀਆਂ ਦੀ ਤਰ੍ਹਾਂ ਰੇਤ ਮਾਫ਼ੀਆ ਚਲਾਉਣ ਨਸ਼ੇ ਵੰਡਣ ਦੇ ਇਲਜਾਮ ਨਹੀਂ ਲੱਗੇ, ਨਾ ਹੀ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਕੋਲੋਂ ਕਦੇ ਕਰੋੜਾਂ ਰੁਪਏ ਦੀ ਬਲੈਕ ਮਨੀ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਵਾਲਿਆਂ ਨੂੰ ਆਮ ਆਦਮੀ ਪਾਰਟੀ ਦੀ ਫਿਰ ਤੋਂ ਰਿਪੀਟ ਹੋਣ ਵਾਲੀ ਸਰਕਾਰ ਨਹੀਂ ਸੁਖਾਉਂਦੀ। ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਇੱਕ ਪੁੱਛਿਆ ਗਿਆ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਭਾਜਪਾ ਜਾਂ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ ਸਗੋਂ ਆਮ ਆਦਮੀ ਪਾਰਟੀ ’ਚ ਹੀ ਰਹਿ ਕੇ ਹਲਕੇ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੰੜੂਆਂ, ਜਗਤਾਰ ਸਿੰਘ ਸਹੇੜੀ, ਰੋਹਿਤ ਵਿਸ਼ਿਸ਼ਟ ਤੇ ਰਾਹੁਲ ਸ਼ਰਮਾ ਆਦਿ ਵੀ ਸ਼ਾਮਿਲ ਸਨ।