ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
Publish Date: Fri, 25 Sep 2026 03:33 PM (IST)
Updated Date: Fri, 25 Sep 2026 03:36 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 26 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਸਟੇਡੀਅਮ ਅਤੇ 27 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ’ਚ ਵਿਸ਼ੇਸ਼ ਡ੍ਰੋਨ ਸ਼ੋਅ ਕਰਵਾਏ ਜਾਣਗੇ। ਇਸ ਦੌਰਾਨ ਡ੍ਰੋਨ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸਬੰਧਤ ਸਾਰੇ ਜ਼ਰੂਰੀ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਦੌਰਾਨ ਰਾਗੀ ਜੱਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਰਾਤ 7.45 ਵਜੇ ਮੁੱਖ ਡ੍ਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਅਤੇ ਸੰਗਤ ਦੇ ਬੈਠਣ ਲਈ ਉਚਿਤ ਪ੍ਰਬੰਧ ਕੀਤੇ ਜਾਣਗੇ ਅਤੇ ਪ੍ਰੋਗਰਾਮ ਵਾਲੀ ਥਾਂ ’ਤੇ ਸੁਰੱਖਿਆ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡ੍ਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡ੍ਰੋਨ ਅਸਮਾਨ ਵਿਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ ਅਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰਨਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।