- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਮੁਖੀ ਪੁਲਿਸ ਪਾਰਟੀ ਸਮੇਤ ਹਸਪਤਾਲ ਪੁੱਜੇ। ਉਨ੍ਹਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਨਸ਼ਾ ਸਪਲਾਈ ਕਰਨ ਵਾਲੇ ਸਬੰਧਤ ਕਰਿਆਨਾ ਦੁਕਾਨਦਾਰ ਵਿਰੁੱਧ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਅਸ਼ੋਕ ਚੇਤਲ, ਪੰਜਾਬੀ ਜਾਗਰਣ ,ਸ੍ਰੀ ਚਮਕੌਰ ਸਾਹਿਬ: ਨਜ਼ਦੀਕੀ ਪਿੰਡ ਡਹਿਰ ਵਿਖੇ ਨਸ਼ੇ ਦੇ ਦੈਂਤ ਨੇ ਇਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ। 32 ਸਾਲਾ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਅੱਛਰ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਿੰਡ ਵਾਸੀਆਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ, ਹਰਵਿੰਦਰ ਸਿੰਘ ਨੇ ਪਿੰਡ ਦੀ ਹੀ ਇੱਕ ਕਰਿਆਨੇ ਦੀ ਦੁਕਾਨ ਤੋਂ ਨਸ਼ਾ ਖਰੀਦਿਆ ਸੀ, ਜਿੱਥੇ ਕਥਿਤ ਤੌਰ ’ਤੇ ਸ਼ਰੇਆਮ ਵੱਡੇ ਪੱਧਰ ’ਤੇ ਨਸ਼ਾ ਵੇਚਿਆ ਜਾਂਦਾ ਹੈ। ਨਸ਼ਾ ਲਿਆਉਣ ਤੋਂ ਬਾਅਦ ਉਸ ਨੇ ਘਰ ਦੇ ਬਾਥਰੂਮ ਦੀ ਅੰਦਰੋਂ ਕੁੰਡੀ ਲਗਾ ਕੇ ਟੀਕਾ ਲਗਾਇਆ। ਕਾਫ਼ੀ ਸਮਾਂ ਬੀਤ ਜਾਣ ’ਤੇ ਵੀ ਜਦੋਂ ਉਹ ਬਾਹਰ ਨਾ ਆਇਆ ਤਾਂ ਉਸ ਦੀ ਮਾਤਾ ਨੇ ਚਿੰਤਤ ਹੋ ਕੇ ਦਰਵਾਜ਼ਾ ਖੜਕਾਇਆ। ਜਿਵੇਂ ਹੀ ਹਰਵਿੰਦਰ ਨੇ ਕੁੰਡੀ ਖੋਲ੍ਹ ਕੇ ਬਾਹਰ ਪੈਰ ਰੱਖਿਆ, ਉਹ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਸ੍ਰੀ ਚਮਕੌਰ ਸਾਹਿਬ ਦੇ ਸਬ-ਡਵੀਜ਼ਨਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ’ਤੇ ਤਾਇਨਾਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਮੁਖੀ ਪੁਲਿਸ ਪਾਰਟੀ ਸਮੇਤ ਹਸਪਤਾਲ ਪੁੱਜੇ। ਉਨ੍ਹਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਨਸ਼ਾ ਸਪਲਾਈ ਕਰਨ ਵਾਲੇ ਸਬੰਧਤ ਕਰਿਆਨਾ ਦੁਕਾਨਦਾਰ ਵਿਰੁੱਧ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਨੌਜਵਾਨ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਮਾਜ ਸੇਵੀ ਹਸਪਤਾਲ ਇਕੱਠੇ ਹੋ ਗਏ। ਮੌਕੇ ’ਤੇ ਪੁੱਜੇ ਪ੍ਰਮੁੱਖ ਸਮਾਜ ਸੇਵੀ ਤਾਰਾ ਚੰਦ ਜੰਡ ਸਾਹਿਬ ਨੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ’ਤੇ ਤਿੱਖਾ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸ਼ਰੇਆਮ ਦੁਕਾਨਾਂ ’ਤੇ ਨਸ਼ਾ ਵਿਕਣਾ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੈਲੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ। ਸਮਾਜ ਸੇਵੀ ਆਗੂਆਂ ਨੇ ਦੋ-ਟੁੱਕ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਦੁਕਾਨਦਾਰ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤਿੱਖਾ ਜਨਤਕ ਸੰਘਰਸ਼ ਵਿੱਢਿਆ ਜਾਵੇਗਾ।