- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਆਗੂ ਅਮਨਦੀਪ ਸਿੰਘ ਅਬਿਆਣਾ, ਵੀਰ ਸਿੰਘ ਬੜਵਾ, ਧਰਮਪਾਲ ਸੈਣੀ ਮਾਜਰਾ ਆਦਿ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਸੋਚ ’ਤੇ ਹਮਲਾ ਹੈ।

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਭਰ ਅੰਦਰ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸੇ ਤਹਿਤ ਵੱਖ-ਵੱਖ ਕਿਸਾਨ, ਸਮਾਜਿਕ ਅਤੇ ਹੋਰ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਨੂਰਪੁਰਬੇਦੀ ਵਿਖੇ ਵੀ ਦੁਕਾਨਾਂ ਬੰਦ ਕਰਵਾਈਆਂ ਗਈਆਂ ਅਤੇ ਰੋਸ ਪ੍ਰਗਟ ਕੀਤਾ ਗਿਆ। ਹਾਲਾਂਕਿ ਸਵੇਰੇ ਬੱਸ ਸਟੈਂਡ ਅਤੇ ਮੁੱਖ ਬਾਜ਼ਾਰ ਵਿੱਚ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਹੋਈਆਂ ਸਨ, ਪਰ ਸਵੇਰੇ ਕਰੀਬ 11 ਵਜੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸੜਕਾਂ ’ਤੇ ਉਤਰੇ ਅਤੇ ਦੁਕਾਨਦਾਰਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਬਾਜ਼ਾਰ ਦੀਆਂ ਬਹੁਤੀਆਂ ਦੁਕਾਨਾਂ ਬੰਦ ਹੋ ਗਈਆਂ।
ਇਸ ਮੌਕੇ ਆਗੂ ਅਮਨਦੀਪ ਸਿੰਘ ਅਬਿਆਣਾ, ਵੀਰ ਸਿੰਘ ਬੜਵਾ, ਧਰਮਪਾਲ ਸੈਣੀ ਮਾਜਰਾ ਆਦਿ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਸੋਚ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਲੋਕ ਹੀ ਸੁਰੱਖਿਅਤ ਨਹੀਂ ਰਹਿਣਗੇ ਤਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਲੜਾਈ ਕਿਵੇਂ ਜਿੱਤੀ ਜਾ ਸਕਦੀ ਹੈ?
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਅਤੇ ਨਿਰਪੱਖ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮਾਨਸਾ ਵਿੱਚ ਨਸ਼ਿਆਂ ਨਾਲ ਸਬੰਧਤ ਮਾਮਲੇ ਵਿੱਚ ਕਥਿਤ ਤੌਰ ’ਤੇ ਕਾਰਵਾਈ ਵਿੱਚ ਦੇਰੀ ਹੋਣ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਢੁੱਕਵੀਂ ਕਾਰਵਾਈ ਕੀਤੀ ਜਾਂਦੀ ਤਾਂ ਅਜਿਹੇ ਦੁਖਦਾਈ ਹਾਲਾਤ ਪੈਦਾ ਹੋਣ ਤੋਂ ਰੋਕਣ ਵਿੱਚ ਮਦਦ ਮਿਲ ਸਕਦੀ ਸੀ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾਵੇ। ਇਸ ਮੌਕੇ ਬਾਬਾ ਅਜਮੇਰ ਸਿੰਘ ਸੈਦਪੁਰ, ਹਰਜਿੰਦਰ ਸਿੰਘ ਘੜੀਸਪੁਰ, ਸੁਖਵਿੰਦਰ ਸਿੰਘ ਬੜਵਾ, ਰਣਵੀਰ ਰੰਧਾਵਾ, ਕਰਨੈਲ ਸਿੰਘ ਫੌਜੀ ਬੜਵਾ, ਬਲਵੀਰ ਸਿੰਘ ਮੁੰਨੇ ਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਦੁਕਾਨਾਂ ਬੰਦ ਕਰਵਾਉਣ ਦੌਰਾਨ ਆਗੂਆਂ ਤੇ ਕੁਝ ਦੁਕਾਨਦਾਰਾਂ ਵਿਚਕਾਰ ਤਿੱਖੀ ਨੋਕ-ਝੋਕ
ਬੰਦ ਦੇ ਸੱਦੇ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਦੁਕਾਨਦਾਰਾਂ ਨੇ ਜਥੇਬੰਦੀਆਂ ਦੀ ਅਪੀਲ ’ਤੇ ਦੁਕਾਨਾਂ ਬੰਦ ਕਰ ਦਿੱਤੀਆਂ, ਉੱਥੇ ਹੀ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਗਈਆਂ। ਜਦੋਂ ਜਥੇਬੰਦੀਆਂ ਦੇ ਆਗੂ ਉਨ੍ਹਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਨ ਪਹੁੰਚੇ ਤਾਂ ਦੋਵਾਂ ਧਿਰਾਂ ਵਿਚਕਾਰ ਤਿੱਖੀ ਨੋਕ-ਝੋਕ ਹੋ ਗਈ। ਹਾਲਾਂਕਿ ਮੌਕੇ ’ਤੇ ਮੌਜੂਦ ਲੋਕਾਂ ਨੇ ਦਖ਼ਲ ਦੇ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ, ਜਿਸ ਤੋਂ ਬਾਅਦ ਸਬੰਧਤ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਕਰ ਲਈਆਂ।
ਸ਼ਾਂਤਮਈ ਰਿਹਾ ਪ੍ਰਦਰਸ਼ਨ, ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਇਸ ਸਬੰਧੀ ਥਾਣਾ ਮੁਖੀ ਗੁਰਮੁਖ ਸਿੰਘ ਨੇ ਦੱਸਿਆ ਕਿ ਪੰਜਾਬ ਬੰਦ ਦੇ ਸੱਦੇ ਤਹਿਤ ਨੂਰਪੁਰਬੇਦੀ ਇਲਾਕੇ ਵਿੱਚ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੂਰੀ ਚੌਕਸੀ ਵਰਤੀ ਗਈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।