ਨੰਗਲ ‘ਚ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਨੰਗਲ ‘ਚ ਸਰਕਾਰ ਖਿਲਾਫ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਕੀਤਾ ਜ਼ੋਰਦਾਰ ਰੋਸ਼ ਪ੍ਰਦਰਸ਼ਨ
Publish Date: Thu, 27 Aug 2026 04:54 PM (IST)
Updated Date: Thu, 27 Aug 2026 04:55 PM (IST)
ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ ਨੰਗਲ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਮਹਾ ਬੰਦ ਦੇ ਸੱਦੇ ’ਤੇ ਅੱਜ ਨੰਗਲ ਵਿਖੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ, ਪੈਨਸ਼ਨਰ ਐਸ਼ੋਸ਼ੀਏਸ਼ਨਾ ,ਆਈਟੀਆਈ ਇੰਪਲਾਈਜ਼ ਯੂਨੀਅਨ, ਪੀਆਰਟੀਸੀ, ਪੇਸਕੋ ਸਮੇਤ ਵੱਖ-ਵੱਖ ਅਤੇ ਕੱਚੇ ਮੁਲਾਜ਼ਮਾਂ ਦੀਆਂ ਵੱਖ ਵੱਖ ਯੂਨੀਅਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਅਤੇ ਸੂਬਾਂ ਸਰਕਾਰ ਖਿਲ਼ਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਸ਼ਹਿਰ ਵਿੱਚ ਰੋਸ਼ ਮਾਰਚ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮਾਨਯੋਗ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਵੀ ਪੈਨਸ਼ਨਰਾਂ ਨੂੰ ਲੰਮੇ ਸਮੇਂ ਤੋਂ 18 ਫੀਸਦੀ ਡੀਏ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ 18 ਫੀਸਦੀ ਡੀਏ ਦੀ ਅਦਾਇਗੀ, ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ 2.59 ਗੁਣਾਂਕ ਦੇ ਹਿਸਾਬ ਨਾਲ ਪੈਨਸ਼ਨ ਤੇ ਵੇਤਨਮਾਨ ਸੋਧਣ ਦੀ ਮੰਗ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਤਾ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਹੜਤਾਲ ਕਾਰਣ ਸਰਕਾਰੀ ਦਫਤਰਾਂ ‘ਚ ਪਸਰੀ ਸੁੰਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਮਹਾ ਬੰਦ ਦੇ ਸੱਦੇ ਤੇ ਅੱਜ ਵੱਖ ਵੱਖ ਸਰਕਾਰੀ ਅਦਾਰਿਆਂ ਵਿੱਚ ਮੁਲਾਜ਼ਮਾ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ,ਜਿਸ ਕਾਰਣ ਅਮਰਜੈਸ਼ੀ ਸੇਵਾਵਾਂ ਤੋਂ ਇਲਾਵਾ ਵੱਖ ਵੱਖ ਸਰਕਾਰੀ ਦਫਤਰਾਂ ਵਿੱਚ ਸੁੰਨ ਪਸਰੀ ਰਹੀ। ਬਾਕਸ ਇਹ ਹਨ ਮੁੱਖ ਮੰਗਾਂ ਬਕਾਇਆ ਸਮੇਤ ਰਹਿੰਦਾ 18% ਮਹਿੰਗਾਈ ਭੱਤਾ (ਡੀ.ਏ.) ਤੁਰੰਤ ਜਾਰੀ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਰੱਦ ਕੀਤੀ ਜਾਵੇ ਅਤੇ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਦੁਬਾਰਾ ਨਿਰਧਾਰਤ ਕੀਤੀ ਜਾਵੇ। ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਸਰਕਾਰੀ ਮੁਲਾਜ਼ਮਾਂ ਦਾ ਤਨਖਾਹ ਨਿਰਧਾਰਨ ਕੀਤਾ ਜਾਵੇ। ਕੱਚੇ ਪੱਕੇ ਹੋਏ ਮੁਲਾਜ਼ਮਾਂ ਨੂੰ ਬਰਾਬਰ ਤਨਖਾਹ ਦਿੱਤੀ ਜਾਵੇ ਪਹਿਲਾਂ ਤੋਂ ਮਿਲਣ ਵਾਲੇ 37 ਭਤਿਆਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ। ਮਜ਼ਦੂਰਾਂ ਅਤੇ ਕੱਚੇ ਕਾਮਿਆਂ ਦੀ ਘੱਟੋ ਘੱਟ ਉਜਰਤ 26000 ਕੀਤੀ ਜਾਵੇ ਕੰਟਰੈਕਟ ਪੈਟਰਨ ਖਤਮ ਕਰਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ। ਕੱਚੇ, ਠੇਕਾ, ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਕਰਮਚਾਰੀਆਂ ਨੂੰ ਪੂਰੇ ਤਨਖਾਹ ਸਕੇਲ ਸਮੇਤ ਪੱਕਾ ਕੀਤਾ ਜਾਵੇ। ਏ.ਸੀ.ਪੀ. ਸਕੀਮ ਬਹਾਲ ਕਰਕੇ ਨਵੇਂ ਤਨਖਾਹ ਸਕੇਲਾਂ ਵਿੱਚ ਲਾਗੂ ਕੀਤੀ ਜਾਵੇ। ਮਿਡ-ਡੇ-ਮੀਲ, ਆਸ਼ਾ, ਆਂਗਣਵਾੜੀ, ਸਫਾਈ ਕਰਮੀ, ਚੌਕੀਦਾਰ ਅਤੇ ਸੇਵਾਦਾਰਾਂ ਨੂੰ ਪਾਰਟ-ਪਾਰਟ ਉਜਰਤਾਂ ਦੇ ਘੇਰੇ ਵਿੱਚ ਲਿਆ ਕੇ ਬਣਦੀਆਂ ਤਨਖਾਹਾਂ ਦਿੱਤੀਆਂ ਜਾਣ। 17.07.2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲਾਂ ਅਧੀਨ ਕੀਤਾ ਜਾਵੇ। ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੈਸ਼ਲੈੱਸ ਇਲਾਜ ਸਕੀਮ ਲਾਗੂ ਕੀਤੀ ਜਾਵੇ।