ਜੋਲੀ ਸੂਦ, ਮੋਰਿੰਡਾ : ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ 15-20 ਸਾਲਾਂ ਦੇ ਵੱਧ ਸਮੇਂ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ’ਚ ਸਿੱਧੇ ਰੂਪ ’ਚ ਰੈਗੂਲਰ ਕਰਨ ਦੀ ਮੁੱਖ ਮੰਗ ਮਨਵਾਉਣ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ’ਚ ਮੋਰਿੰਡਾ-ਸਰਹਿੰਦ ਬਾਈਪਾਸ ’ਤੇ ਅਣਮਿੱਥੇ ਸਮੇਂ ਲਈ ਲਾਇਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਉਪਰੋਕਤ ਚੱਲ ਰਹੇ ਪੱਕੇ ਮੋਰਚੇ ਦੌਰਾਨ ਭਾਵੇਂ ਕਿ ਅੱਜ ਪੰਜਾਬ ਸਰਕਾਰ ਵੱਲੋਂ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਸਮਾਂ ਮਿਲਿਆ ਸੀ। ਪਰ ਉਥੇ ਇਸ ਦੇ ਨਾਲ ਮੋਰਿੰਡਾ ਦੀ ਧਰਤੀ ’ਤੇ 23 ਅਕਤੂਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੂਬਾ ਪੱਧਰੀ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ਅੱਜ ਇਥੇ ਵਿਸ਼ਾਲ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪੰਜਾਬ ਭਰ ਤੋਂ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਏ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾਂ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ ਗੁਰਵਿੰਦਰ ਸਿੰਘ ਪੰਨੂ, ਮਹਿੰਦਰ ਸਿੰਘ, ਵਰਿੰਦਰ ਸਿੰਘ ਬੀਬੀਵਾਲ, ਸੇਵਕ ਦੰਦੀਵਾਲ ਨੇ ਪੰਜਾਬ ਸਰਕਾਰ ਦੇ ਲੋਕਮਾਰੂ ਰਵੱਈਏ ਦੀ ਪੁਰਜ਼ੋਰ ਸ਼ਬਦਾਂ ’ਚ ਅਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੀ ਸੱਤਾ ’ਤੇ ਕਾਬਜ਼ ਕਾਂਗਰਸ ਸਰਕਾਰ ਵੱਲੋਂ 2017 ਦੇ ਚੋਣ ਮੈਨੀਫੈਸਟੋ ’ਚ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਠੇਕਾ ਮੁਲਾਜ਼ਮਾਂ ਨੂੰ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ ਪਰ ਤ੍ਰਾਸਦੀ ਇਹ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਪੰਜ ਸਾਲਾਂ ’ਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ, ਸਗੋਂ ਪੰਜਾਬ ਸਰਕਾਰ ਵੱਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ‘ਦਿ ਇੰਪਲਾਈਜ਼ ਵੈੱਲਫੇਅਰ ਐਕਟ 2016’ ਨੂੰ ਤੋੜ ਕੇ ਨਵੇਂ ਬਣਾਏ ਜਾ ਰਹੇ ਐਕਟ ’ਚੋਂ ਆਊਟਸੋਰਸਿੰਗ, ਠੇਕਾ ਪ੍ਰਣਾਲੀ, ਇਨਲਿਸਟਮੈਂਟ, ਕੰਪਨੀਆਂ, ਕੇਂਦਰੀ ਸਕੀਮਾਂ ਆਦਿ ਹੋਰ ਸਮੂਹ ਕੈਟਾਗਿਰੀਆਂ ਨੂੰ ਐਕਟ ’ਚੋਂ ਬਾਹਰ ਕਰਕੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਵਿਖੇ ਮੋਰਿੰਡਾ-ਸਰਹਿੰਦ ਬਾਈਪਾਸ ’ਤੇ ਪੰਜਾਬ ਸਰਕਾਰ ਵਿਰੁੱਧ ਪਿਛਲੇ 44 ਦਿਨਾਂ ਤੋਂ ਲਗਾਤਾਰ ਪੱਕਾ ਮੋਰਚਾ ਲਾਇਆ ਹੋਇਆ ਹੈ।

ਮੋਰਚੇ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨਾਲ ਸਵੇਰੇ 11 ਵਜੇ ਤਕ ਪੈਨਲ ਮੀਟਿੰਗ ਦਾ ਸਮਾਂ ਮਿਲਿਆ ਸੀ, ਜਿਸ ਮੁਤਾਬਕ ਮੋਰਚੇ ਦੇ ਆਗੂ ਸਵੇਰੇ 11 ਵਜੇ ਤੋਂ 2 ਵਜੇ ਤਕ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਲਈ ਉਡੀਕ ਕਰਦੇ ਰਹੇ ਪਰ ਫਿਰ ਵੀ ਇਹ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਹੋਈ ਹੈ ਜਦੋਂਕਿ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਪਾਣੀ ਤੇ ਬਿਜਲੀ ਦੇ ਸਬੰਧ ’ਚ ਹੱਲ ਕਰਨ ਦਾ ਐਲਾਨ ਕੀਤਾ ਗਿਆ ਹੈ ਪਰੰਤੂ ੳਪਰੋਕਤ ਸਰਕਾਰੀ ਵਿਭਾਗਾਂ ਦੇ ਵੱਖ-ਵੱਖ ਕੈਟਾਗਰੀਆਂ ਤਹਿਤ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਮੰਗ ਤੋਂ ਭੱਜ ਚੁੱਕੀ ਹੈ। ਜਿਸ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪਹਿਲਾਂ ਦਿੱਤੇ ਹੋਏ ਨੋਟਿਸ ਮੁਤਾਬਿਕ ਮੋਰਿੰਡਾ ਬਾਈਪਾਸ ਤੇ ਨੈਸ਼ਨਲ ਹਾਈਵੇ ਜਾਮ ਕਰਕੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਚੰਨੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸਮੂਹ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਮਨਵਾਉਣ ਵਾਸਤੇ ਮਜਬੂਰ ਕਰਨ ਲਈ ਸਮੂਹ ਠੇਕਾ ਮੁਲਾਜ਼ਮਾਂ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 23 ਅਕਤੂਬਰ ਨੂੰ ਮੋਰਿੰਡਾ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਕੁਲਦੀਪ ਸਿੰਘ ਬੁੱਢੇਵਾਲ, ਜਗਸੀਰ ਸਿੰਘ ਭੰਗੂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Posted By: Jagjit Singh