- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕਪੱਖੀ ਫੈਸਲਿਆਂ ਤੋਂ ਹਰ ਵਰਗ ਪ੍ਰਭਾਵਿਤ: ਹਰਜੋਤ ਬੈਂਸ

ਆਲੋਵਾਲ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ
ਨਰਿੰਦਰ ਸੈਣੀ, ਪੰਜਾਬੀ ਜਾਗਰਣ,
ਸ੍ਰੀ ਕੀਰਤਪੁਰ ਸਾਹਿਬ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਲੋਕਪੱਖੀ ਫੈਸਲਿਆਂ ਤੋਂ ਸੂਬੇ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹ ਪਿੰਡ ਆਲੋਵਾਲ ’ਚ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਤੇ ਸਮਾਂਬੱਧ ਢੰਗ ਨਾਲ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵੱਖ-ਵੱਖ ਵਿਕਾਸ ਕਾਰਜਾਂ ਤੇ ਨਿੱਜੀ ਸਮੱਸਿਆਵਾਂ ਸਬੰਧੀ ਆਪਣੀਆਂ ਮੰਗਾਂ ਮੰਤਰੀ ਦੇ ਧਿਆਨ ’ਚ ਲਿਆਂਦੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਢੁੱਕਵੇਂ ਕਦਮ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਹਰ ਗਲੀ ਤੇ ਮੁਹੱਲੇ ਨਾਲ ਸਬੰਧਤ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਲੋਕਾਂ ਵੱਲੋਂ ਜਲ ਸਪਲਾਈ, ਸੜਕਾਂ, ਸਫ਼ਾਈ, ਸਟਰੀਟ ਲਾਈਟਾਂ ਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਰੱਖੀਆਂ ਗਈਆਂ ਮੰਗਾਂ ਨੂੰ ਉਨ੍ਹਾਂ ਧਿਆਨ ਨਾਲ ਸੁਣਿਆ। ਉਨ੍ਹਾਂ ਮੌਕੇ ’ਤੇ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਆਲੋਵਾਲ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋੜ ਅਨੁਸਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਤੇ ਲੋਕਾਂ ਦੇ ਜੀਵਨ ਪੱਧਰ ’ਚ ਸੁਧਾਰ ਲਿਆਉਣਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ’ਚ ਲਏ ਜਾ ਰਹੇ ਫੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ।