ਪੰਜਾਬੀ ਯੂਨੀਵਰਸਿਟੀ ਦੀ ਕਮੇਟੀ ’ਚ ਖਾਲਸਾ ਕਾਲਜ ਦੇ ਪ੍ਰਿੰਸੀਪਲ, ਪ੍ਰੋਫੈਸਰ ਤੇ ਵਿਦਿਆਰਥੀ ਨੂੰ ਮਿਲੀ ਨੁਮਾਇੰਦਗੀ ਪ੍ਰਿੰਸੀਪਲ ਜਸਬੀਰ ਸਿੰਘ ਦੀ ਤਸਵੀਰ ।
Publish Date: Fri, 31 Jul 2026 04:31 PM (IST)
Updated Date: Fri, 31 Jul 2026 04:34 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਆਨੰਦਪੁਰ ਸਾਹਿਬ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਗਠਿਤ ਯੁਵਕ ਭਲਾਈ ਕਾਰਜਪਾਲਕ ਕਮੇਟੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਲਜ ਦੇ ਗੁਰਮਤ ਸੰਗੀਤ ਅਤੇ ਸੰਗੀਤ ਵਿਭਾਗ ਦੇ ਮੁਖੀ ਡਾ. ਜਗਪਿੰਦਰਪਾਲ ਸਿੰਘ ਨੂੰ ਅਧਿਆਪਕ ਪ੍ਰਤੀਨਿਧੀ ਵਜੋਂ ਅਤੇ ਕਾਲਜ ਦੇ ਵਿਦਿਆਰਥੀ ਨਵਦੀਪ ਸਿੰਘ ਨੂੰ ਵਿਦਿਆਰਥੀ ਪ੍ਰਤੀਨਿਧੀ ਮੈਂਬਰ ਵਜੋਂ ਕਾਰਜਪਾਲਕ ਕਮੇਟੀ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮ ਇੰਦਰ ਸਿੰਘ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਨਾਮਜ਼ਦ ਮੈਂਬਰ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਕਲਾ, ਸਾਹਿਤ, ਸੱਭਿਆਚਾਰ ਅਤੇ ਰਚਨਾਤਮਕ ਸਰਗਰਮੀਆਂ ਨੂੰ ਨਵੀ ਦਿਸ਼ਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਲਾਨਾ ਯੁਵਕ ਭਲਾਈ ਪ੍ਰੋਗਰਾਮਾਂ ਦੀ ਯੋਜਨਾਬੰਦੀ ਅਤੇ ਮਹੱਤਵਪੂਰਨ ਫ਼ੈਸਲਿਆਂ ਵਿੱਚ ਇਨ੍ਹਾਂ ਮੈਂਬਰਾਂ ਦਾ ਤਜ਼ਰਬਾ ਵਿਭਾਗ ਲਈ ਲਾਹੇਵੰਦ ਸਾਬਤ ਹੋਵੇਗਾ। ਖਾਲਸਾ ਕਾਲਜ ਦੇ ਤਿੰਨ ਨੁਮਾਇੰਦਿਆਂ ਨੂੰ ਇਸ ਵੱਕਾਰੀ ਕਮੇਟੀ ਵਿੱਚ ਸਥਾਨ ਮਿਲਣ ’ਤੇ ਕਾਲਜ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸਾਹਿਤਕ, ਸੱਭਿਆਚਾਰਕ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਇਸ ਨੂੰ ਕਾਲਜ ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡਾ. ਜਸਵੀਰ ਸਿੰਘ ਅਤੇ ਡਾ. ਜਗਪਿੰਦਰਪਾਲ ਸਿੰਘ ਲੰਬੇ ਸਮੇਂ ਤੋਂ ਉੱਚ ਸਿੱਖਿਆ, ਗੁਰਮਤਿ ਸੰਗੀਤ, ਸਾਹਿਤ ਅਤੇ ਸੱਭਿਆਚਾਰਕ ਸਰਗਰਮੀਆਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਯੂਨੀਵਰਸਿਟੀ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ। ਇਸੇ ਤਰ੍ਹਾਂ ਨਵਦੀਪ ਸਿੰਘ ਵੀ ਸੱਭਿਆਚਾਰਕ ਸਰਗਰਮੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਵਿੱਚ ਸ਼ੁਮਾਰ ਹਨ। ਸਾਹਿਤਕ ਅਤੇ ਸੱਭਿਆਚਾਰਕ ਖੇਤਰ ਨਾਲ ਜੁੜੇ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਤਿੰਨਾਂ ਦੀ ਕਾਰਜਪਾਲਕ ਕਮੇਟੀ ਵਿੱਚ ਸ਼ਮੂਲੀਅਤ ਨਾਲ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀਆਂ ਸਰਗਰਮੀਆਂ ਨੂੰ ਹੋਰ ਬਲ ਮਿਲੇਗਾ। ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੰਚਾਂ ਤੇ ਪੇਸ਼ ਕਰਨ ਦੇ ਵਧੇਰੇ ਮੌਕੇ ਪ੍ਰਾਪਤ ਹੋਣਗੇ ਅਤੇ ਕਲਾ, ਸਾਹਿਤ ਤੇ ਸੱਭਿਆਚਾਰ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਨੂੰ ਵੀ ਉਤਸ਼ਾਹ ਮਿਲੇਗਾ।