ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਗਲਾ ਸੰਘਰਸ਼ ਤਿੱਖਾ ਹੋਵੇਗਾ : ਕੰਬੋਜ਼ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਗਲਾ ਸੰਘਰਸ਼ ਤਿੱਖਾ ਹੋਵੇਗਾ: ਕੰਬੋਜ਼
Publish Date: Wed, 26 Aug 2026 05:33 PM (IST)
Updated Date: Wed, 26 Aug 2026 05:34 PM (IST)
ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਲੀਡ: ਲਖਵੀਰ ਖਾਬੜਾ, ਪੰਜਾਬੀ ਜਾਰਗਣ ਰੂਪਨਗਰ: ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ‘ਤੇ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹਾ ਇਕਾਈ ਵੱਲੋਂ ਸਿਹਤ ਵਿਭਾਗ ਦੇ ਹਸਪਤਾਲਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਪੀਂਘ ਹੋ ਰਹੀਆ ਮੰਗਾਂ ਦੀ ਪੂਰਤੀ ਲਈ ਅਤੇ ਸਰਕਾਰ ਦੇ ਝੂਠੇ ਲਾਰਿਆ ਦੀ ਪੰਡ ਸਿਵਲ ਹਸਪਤਾਲ ਰੂਪਨਗਰ ਤੋਂ ਰੋਸ ਰੈਲੀ ਕੱਢ ਕੇ ਬੇਲਾ ਚੌਕ ਵਿਚ ਫੂਕੀ ਤੇ ਜੋਰਦਾਰ ਨਾਅਰੇਬਾਜ਼ੀ ਕੀਤੀ। ਉਪਰੰਤ ਯੂਨੀਅਨ ਦੇ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਸੁਖਜੀਤ ਕੰਬੋਜ ਨੇ ਕਿਹਾ ਕਿ ਐਨਐਚਐਮ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਮਹੱਤਵਪੂਰਨ ਸੇਵਾਵਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਾਲ ਨਿਭਾਉਂਦੇ ਆ ਰਹੇ ਹਨ, ਪਰ ਉਨ੍ਹਾਂ ਦੀਆਂ ਸੇਵਾ ਸਬੰਧੀ ਜਾਇਜ਼ ਮੰਗਾਂ ਨੂੰ ਲਗਾਤਾਰ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾਕਿ ਜੇਕਰ ਸਰਕਾਰ ਨੇ ਸਾਡੀਆ ਮੰਗਾਂ ਦਾ ਹੱਲਾਂ ਨਾ ਕੀਤਾ ਤਾਂ ਸੰਘਰਸ਼ ਨੂੰ ਅਗਲਾ ਤਿੱਖਾ ਰੂਪ ਦਿੱਤਾ ਜਾਵੇਗਾ। ਯੂਨੀਅਨ ਆਗੂ ਪੁਸ਼ਪਿੰਦਰ ਕੌਰ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਪਿਛਲੀ 13 ਤਰੀਕ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲ ਕਾਰਨ ਸਿਹਤ ਵਿਭਾਗ ਦੇ ਵੱਖ-ਵੱਖ ਕੰਮ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਮੰਗਾਂ ਦੇ ਸਥਾਈ ਹੱਲ ਲਈ ਜਿਸ ਗੰਭੀਰਤਾ ਅਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ, ਉਹ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਮੀਟਿੰਗਾਂ ਅਤੇ ਗੱਲਬਾਤ ਰਾਹੀਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਹੈ, ਪਰ ਅਮਲੀ ਪੱਧਰ ’ਤੇ ਕੋਈ ਠੋਸ ਅਤੇ ਸਾਰਥਕ ਫੈਸਲਾ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਨਜਿੰਦਰ ਸਿੰਘ ਅਤੇ ਖੁਸ਼ਹਾਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸਿਰਫ਼ ਭਰੋਸਿਆਂ ਅਤੇ ਲਾਰਿਆਂ ਨਾਲ ਹੋਰ ਜ਼ਿਆਦਾ ਸਮਾਂ ਨਹੀਂ ਟਾਲਿਆ ਜਾ ਸਕਦਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਐਨਐਚਐਮ. ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮਦਰਦੀ ਅਤੇ ਗੰਭੀਰਤਾ ਨਾਲ ਵਿਚਾਰਦਿਆਂ ਤੁਰੰਤ ਹੱਲ ਕਰੇ। ਉਨ੍ਹਾਂ ਕਿਹਾਕਿ ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ 2 ਤਰੀਕ ਨੂੰ ਹੋਣ ਵਾਲੀ ਸਰਕਾਰ ਨਾਲ ਮੀਟਿੰਗ ਮੁਲਾਜ਼ਮਾਂ ਲਈ ਬਹੁਤ ਮਹੱਤਵਪੂਰਨ ਹੈ। ਜੇਕਰ ਇਸ ਮੀਟਿੰਗ ਵਿਚ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਸਾਰਥਕ ਅਤੇ ਭਰੋਸੇਯੋਗ ਹੱਲ ਨਹੀਂ ਕੱਢਿਆ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਵਿੱਤ ਮੰਤਰੀ, ਸਿਹਤ ਮੰਤਰੀ, ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਹਰੇਕ ਹਲਕਾ ਵਿਧਾਇਕ ਦਾ ਘਿਰਾਓ ਕਰਕੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮਜਬੂਰ ਕੀਤਾ ਜਾਵੇਗਾ। ਯੂਨੀਅਨ ਆਗੂਆਂ ਹਰਨੀਤ ਕੌਰ, ਲਖਵੀਰ ਸਿੰਘ,ਰਾਜਿੰਦਰ ਸਿੰਘ ਨੇ ਕਿਹਾ ਕਿ ਐਨਐਚਐਮ. ਮੁਲਾਜ਼ਮ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੇ ਹੋਏ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੋਵਿਡ-19 ਸਮੇਤ ਮੁਸ਼ਕਲ ਹਾਲਾਤਾਂ ਵਿਚ ਵੀ ਇਨ੍ਹਾਂ ਮੁਲਾਜ਼ਮਾਂ ਨੇ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ। ਇਸ ਲਈ ਉਨ੍ਹਾਂ ਦੀਆਂ ਸੇਵਾ ਸਬੰਧੀ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਉਣਾ ਨਾ ਤਾਂ ਮੁਲਾਜ਼ਮਾਂ ਦੇ ਹਿੱਤ ਵਿਚ ਹੈ ਅਤੇ ਨਾ ਹੀ ਸਿਹਤ ਪ੍ਰਬੰਧ ਲਈ। ਇਸ ਮੌਕੇ ਪਰਵਿੰਦਰ ਸਿੰਘ, ਨਵਰੀਤ ਕੌਰ, ਕਵਿਤਾ, ਕਿਰਨਦੀਪ ਕੌਰ, ਚਰਨਜੀਤ ਕੌਰ, ਮਨਦੀਪ ਕੌਰ, ਪਰਮਿੰਦਰ ਕੌਰ, ਕਮਲਜੀਤ ਕੌਰ, ਡਾਕਟਰ ਸ਼ਿਖਾ, ਡਾਕਟਰ ਪੁਰਸ਼ੋਤਮ, ਡਾਕਟਰ ਅੰਬਿਕਾ, ਡਾਕਟਰ ਬਿਸ਼ਵ ਵਿਭੂਤੀ, ਡਾਕਟਰ ਬਿੰਦਰਾ, ਡਾਕਟਰ ਸੋਨੀਆ, ਮਨੀਸ਼ਾ , ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱ,ਚ ਐਨਐਚਐਮ. ਮੁਲਾਜ਼ਮ ਹਾਜ਼ਰ ਸਨ।