ਫਤਿਹ ਆਟੋ ਸਟੈਂਡ ਵੈਲਫੇਅਰ ਸੋਸਾਇਟੀ ਨੇ ਗੁਰਪੁਰਬ ਮੌਕੇ ਲਾਇਆ ਲੰਗਰ ਫਤਿਹ ਆਟੋ ਸਟੈਂਡ ਵੈਲਫੇਅਰ ਸੋਸਾਇਟੀ ਵੱਲੋਂ ਗੁਰਪੁਰਬ ਮੌਕੇ ਲੰਗਰ ਦਾ ਆਯੋਜਨ
Publish Date: Wed, 25 Nov 2026 03:25 PM (IST)
Updated Date: Wed, 25 Nov 2026 03:28 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਤਿਹ ਆਟੋ ਸਟੈਂਡ ਵੈਲਫੇਅਰ ਸੋਸਾਇਟੀ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੰਗਰ ’ਚ ਸ਼ਿਰਕਤ ਕੀਤੀ ਤੇ ਪ੍ਰਬੰਧਕਾਂ ਤੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਮੁੱਚੀ ਵਿਚਾਰਧਾਰਾ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਦੇ ਆਪਸ ’ਚ ਮਿਲਜੁਲ ਕੇ ਰਹਿਣ ਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੰਦੀ ਹੈ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਵੰਡ ਛਕਣ ਦਾ ਸਿਧਾਂਤ ਸਾਨੂੰ ਆਪਣੀ ਕਮਾਈ ’ਚੋਂ ਦੂਜਿਆਂ ਦਾ ਹਿੱਸਾ ਕੱਢਣ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਮਾਰਗ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਲੰਗਰ ਦੀ ਪਰੰਪਰਾ ਸਿੱਖ ਧਰਮ ਦੀ ਵਿਲੱਖਣ ਪਛਾਣ ਹੈ, ਜਿੱਥੇ ਹਰ ਵਰਗ ਦਾ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਇੱਕੋ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਛਕਦਾ ਹੈ। ਇਹ ਪਰੰਪਰਾ ਸਾਨੂੰ ਬਰਾਬਰਤਾ, ਸੇਵਾ ਤੇ ਨਿਮਰਤਾ ਦਾ ਅਮਲੀ ਸੰਦੇਸ਼ ਦਿੰਦੀ ਹੈ। ਉਨ੍ਹਾਂ ਫਤਿਹ ਆਟੋ ਸਟੈਂਡ ਵੈਲਫੇਅਰ ਸੋਸਾਇਟੀ ਵੱਲੋਂ ਗੁਰਪੁਰਬ ਮੌਕੇ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਮਾਜ ’ਚ ਆਪਸੀ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਇਸ ਦੌਰਾਨ ਸੋਸਾਇਟੀ ਦੇ ਮੈਂਬਰਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਸਵਾਗਤ ਕੀਤਾ ਗਿਆ। ਸਮਾਗਮ ’ਚ ਇਲਾਕੇ ਦੀਆਂ ਸੰਗਤਾਂ ਤੇ ਸ਼ਰਧਾਲੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਲੰਗਰ ਛਕਿਆ ਤੇ ਸੇਵਾ ਕਾਰਜਾਂ ’ਚ ਆਪਣਾ ਯੋਗਦਾਨ ਪਾਇਆ।