ਪੰਜਾਬ ਨੂੰ ਨਸ਼ਿਆਂ ਦੇ ਦਲਦਲ ’ਚੋਂ ਕੱਢਣ ਲਈ ਭਾਜਪਾ ਸਰਕਾਰ ਦਾ ਗਠਨ ਲਾਜ਼ਮੀ : ਚੁੱਘ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਦਾ ਗਠਨ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਬਚਾਉਣ ਲਈ ਜ਼ਰੂਰੀ: ਚੁੱਘ
Publish Date: Tue, 24 Nov 2026 03:30 PM (IST)
Updated Date: Tue, 24 Nov 2026 03:31 PM (IST)
ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ, ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਵੀ ਚੁੱਕੇ ਸਵਾਲ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਬਾਹਰ ਕੱਢਣ, ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਤੇ ਵਿਕਾਸ ਦੀ ਨਵੀਂ ਦਿਸ਼ਾ ਦੇਣ ਲਈ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਨਾ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਪਿੰਡ ਮਾਂਗੇਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਤਰੁਣ ਚੁੱਘ ਨੇ ਪੰਜਾਬ ਦੀ ਮੌਜੂਦਾ ਵਿੱਤੀ ਸਥਿਤੀ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਸੂਬਾ ਲਗਾਤਾਰ ਕਰਜ਼ੇ ਦੇ ਬੋਝ ਹੇਠ ਦੱਬਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲਿਆ ਜਾ ਰਿਹਾ ਕਰਜ਼ਾ ਪੰਜਾਬ ਦੇ ਬੁਨਿਆਦੀ ਢਾਂਚੇ, ਉਦਯੋਗਾਂ, ਸਿੱਖਿਆ, ਸਿਹਤ ਸਹੂਲਤਾਂ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਬਜਾਏ ਸਰਕਾਰ ਦੀ ਮਸ਼ਹੂਰੀ ਤੇ ਪ੍ਰਚਾਰ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਦਾ ਅਧਾਰ ਉਸ ਦੀ ਮਜ਼ਬੂਤ ਆਰਥਿਕਤਾ ਹੁੰਦੀ ਹੈ, ਪਰ ਪੰਜਾਬ ਦੀ ਵਿੱਤੀ ਹਾਲਤ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ’ਚ ਪੁਲੀਸ ਮੁਲਾਜ਼ਮ ਤੇ ਪੁਲਿਸ ਥਾਣੇ ਵੀ ਸੁਰੱਖਿਅਤ ਨਹੀਂ ਰਹੇ। ਜਦੋਂ ਕਾਨੂੰਨ ਦੀ ਰੱਖਿਆ ਕਰਨ ਵਾਲੀ ਪੁਲਿਸ ਪ੍ਰਣਾਲੀ ਦੀ ਸੁਰੱਖਿਆ ਨੂੰ ਲੈ ਕੇ ਹੀ ਸਵਾਲ ਖੜ੍ਹੇ ਹੋਣ ਤਾਂ ਆਮ ਨਾਗਰਿਕਾਂ ’ਚ ਸੁਰੱਖਿਆ ਦੀ ਭਾਵਨਾ ਕਾਇਮ ਰੱਖਣਾ ਵੱਡੀ ਚੁਣੌਤੀ ਬਣ ਜਾਂਦਾ ਹੈ। ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਚੁੱਘ ਨੇ ਕਿਹਾ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਸਮਾਜਿਕ ਢਾਂਚੇ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੇ ਭਵਿੱਖ, ਨੌਜਵਾਨਾਂ ਦੀ ਸੁਰੱਖਿਆ, ਰੁਜ਼ਗਾਰ ਤੇ ਨਸ਼ਿਆਂ ਦੇ ਖ਼ਾਤਮੇ ਵਰਗੇ ਮੁੱਦਿਆਂ ’ਤੇ ਸਪੱਸ਼ਟ ਜਵਾਬ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੂਬੇ ਅੰਡਰ ਸਰਕਾਰ ਬਣਨ ਤੇ ਇਨ੍ਹਾਂ ਮੁੱਦਿਆਂ ਦਾ ਸਥਾਈ ਹੱਲ ਕੱਢਿਆ ਜਾਵੇਗਾ। ਤਰੁਣ ਚੁੱਘ ਨੇ ਪਾਰਟੀ ਵਰਕਰਾਂ ਨੂੰ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਸਾਧੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾਂ, ਨਵਾਂਸ਼ਹਿਰ ਦੇ ਹਲਕਾ ਇੰਚਾਰਜ ਜਤਿੰਦਰ ਸਿੰਘ ਅਟਵਾਲ, ਮੰਡਲ ਪ੍ਰਧਾਨ ਰਤਨ ਧਨੇੜਾ ਤੇ ਹਰਮਨਜੀਤ ਸਿੰਘ ਪ੍ਰਿੰਸ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।