5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨਗੇ ਸਾਬਕਾ ਮੁੱਖ ਮੰਤਰੀ ਚੰਨੀ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ 'ਜਵਾਨੀ ਸੰਭਾਲ ਯਾਤਰਾ-2' 5 ਦਸੰਬਰ ਤੋਂ ਸ਼ੁਰੂ ਕਰਨ ਦਾ ਐਲਾਨ
Publish Date: Tue, 24 Nov 2026 06:23 PM (IST)
Updated Date: Tue, 24 Nov 2026 06:25 PM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸੀ ਆਗੂਆਂ ਤੇ ਪੰਚਾਇਤੀ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਦੱਸਿਆ ਕਿ ਇਹ ਯਾਤਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ 5 ਦਸੰਬਰ ਨੂੰ ਸ਼ੁਰੂ ਹੋ ਕੇ 12 ਦਸੰਬਰ ਤੱਕ ਜਾਰੀ ਰਹੇਗੀ। ਇਸ ’ਚ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਕਰੀਬ 2000 ਨੌਜਵਾਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਉਪਰਾਲੇ ਕਰੇਗੀ। ਚੰਨੀ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਪੂਰੀ ਇਕਜੁੱਟਤਾ ਨਾਲ ਪੰਜਾਬ ’ਚੋਂ ‘ਆਪ’ ਦੀਆਂ ਜੜ੍ਹਾਂ ਪੁੱਟਣ ਦਾ ਕੰਮ ਕਰੇਗੀ। ਮੀਟਿੰਗ ’ਚ ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਪ੍ਰਸਿੱਧ ਪੰਜਾਬੀ ਗਾਇਕ ਜਸਵੰਤ ਸਿੰਘ ਸੰਦੀਲਾ, ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਜੋਤ ਸਿੰਘ ਨਵੀ ਤੇ ਸੁਖਦੇਵ ਸਿੰਘ ਸੁੱਖਾ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਸੰਦੀਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ’ਚ ਇੱਕ ਗੀਤ ਵੀ ਪੇਸ਼ ਕੀਤਾ। ਇਸ ਤੋਂ ਇਲਾਵਾ ਹਲਕੇ ਦੇ ਸੀਨੀਅਰ ਆਗੂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੌਂਸਲਰ (ਐਮ.ਸੀ.), ਸਰਪੰਚ, ਪੰਚ, ਨੰਬਰਦਾਰ ਤੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਵੱਡੀ ਗਿਣਤੀ ’ਚ ਮੌਜੂਦ ਰਹੇ।