ਮਾਤਾ ਸਤਿਆ ਦੇਵੀ ਸੀਨੀਅਰ ਸਿਟੀਜ਼ਨ ਹੋਮ ’ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਮਾਤਾ ਸਤਿਆ ਦੇਵੀ ਸੀਨੀਅਰ ਸਿਟੀਜ਼ਨ ਹੋਮ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ
Publish Date: Fri, 30 Oct 2026 04:15 PM (IST)
Updated Date: Fri, 30 Oct 2026 04:16 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ੍ਰੀ ਚਮਕੌਰ ਸਾਹਿਬ : ਸਥਾਨਕ ਮਾਤਾ ਸਤਿਆ ਦੇਵੀ ਸੀਨੀਅਰ ਸਿਟੀਜ਼ਨ ਹੋਮ ਵਿਖੇ ਐਂਟੀ ਕਰੱਪਸ਼ਨ ਐਂਟੀ ਕ੍ਰਾਈਮ ਫਾਊਂਡੇਸ਼ਨ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਸੂਬਾ ਪ੍ਰਧਾਨ ਹੁਸਨ ਚੰਦ ਸੈਣੀ ਅਤੇ ਜ਼ਿਲ੍ਹਾ ਪ੍ਰਧਾਨ ਚੰਦਨ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ, ਜਿਸ ਦੌਰਾਨ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਫਾਊਂਡੇਸ਼ਨ ਦੇ ਸੂਬਾ ਯੂਥ ਪ੍ਰਧਾਨ ਡਾ. ਜੋਤ ਵੰਸ਼ ਸਿੰਘ, ਬਲਾਕ ਸਕੱਤਰ ਨਿਖਿਲ ਸਿੰਘ, ਕਾਨੂੰਨੀ ਸਕੱਤਰ ਰੂਪਨਗਰ ਧਰਮਵੀਰ ਕਪੂਰ ਅਤੇ ਤਹਿਸੀਲ ਪ੍ਰਧਾਨ ਸ੍ਰੀ ਅਨੰਦਪੁਰ ਸਾਹਿਬ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਆਪਣੀਆਂ ਸੇਵਾਵਾਂ ਨਿਭਾਈਆਂ। ਆਸ਼ਰਮ ਦੇ ਚੇਅਰਮੈਨ ਪ੍ਰੋ. ਆਰ.ਸੀ. ਢੰਡ ਵੱਲੋਂ ਪਹੁੰਚੀ ਸਮੁੱਚੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਤੇ ਸਨਮਾਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਫਾਊਂਡੇਸ਼ਨ ਵੱਲੋਂ ਬਜ਼ੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਢੰਡ ਵੱਲੋਂ ਸਮੂਹ ਮਹਿਮਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੀ ਭਾਵਨਾ ਨਾਲ ਬਜ਼ੁਰਗਾਂ ਲਈ ਸਮਾਂ ਕੱਢਣਾ ਅਤੇ ਉਨ੍ਹਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਮਨੁੱਖਤਾ ਦੀ ਸੱਚੀ ਸੇਵਾ ਹੈ। ਇਹ ਮੈਡੀਕਲ ਕੈਂਪ ਬਜ਼ੁਰਗਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਸਮਾਜ ਵਿੱਚ ਸੇਵਾ, ਸਤਿਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦਾ ਸ਼ਲਾਘਾਯੋਗ ਉਪਰਾਲਾ ਸਾਬਤ ਹੋਇਆ।