ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੇ ਘਰਾਂ ਤੱਕ ਬੈਂਸ ਸੁਣ ਰਹੇ ਲੋਕਾਂ ਦੇ ਮਸਲੇ ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੇ ਘਰਾਂ ਤੱਕ ਹਰਜੋਤ ਸਿੰਘ ਬੈਂਸ ਸੁਣ ਰਹੇ ਲੋਕਾਂ ਦੇ ਮਸਲੇ
Publish Date: Sun, 11 Oct 2026 04:31 PM (IST)
Updated Date: Sun, 11 Oct 2026 04:32 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਅਤੇ ਪਿੰਡਾਂ ਤੱਕ ਪਹੁੰਚ ਕੇ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਅਵਾਨਕੋਟ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣੀਆਂ। ਲੋਕਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਮੰਤਰੀ ਦੇ ਧਿਆਨ ’ਚ ਲਿਆਂਦੀਆਂ, ਜਿਸ ’ਤੇ ਉਨ੍ਹਾਂ ਨੇ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਆਸਾਨੀ ਨਾਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਨਾ ਪੈਣ, ਇਸ ਲਈ ਸਰਕਾਰ ਲੋਕਾਂ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰ ਰਹੀ ਹੈ। ਉਨ੍ਹਾਂ ਅਨੁਸਾਰ ਲੋਕ ਮਿਲਣੀਆਂ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਇਸੇ ਸੋਚ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਹੱਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨਿਕ ਪੱਧਰ ’ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕਾਰਵਾਈ ਕਰਨਾ ਜ਼ਰੂਰੀ ਹੈ।ਪਿੰਡ ਅਵਾਨਕੋਟ ਵਿਖੇ ਹੋਈ ਇਸ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰੰਥ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ, ਸਹੂਲਤਾਂ ’ਚ ਸੁਧਾਰ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਬੇਲੋੜੀ ਪਰੇਸ਼ਾਨੀ ਨਾ ਹੋਵੇ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸਰਪੰਚ ਪੂਨਮ ਬੈਂਸ, ਜੁਝਾਰ ਸਿੰਘ, ਗੁਰਜੀਤ ਸਿੰਘ ਅਵਾਨਕੋਟ , ਸਤਨਾਮ ਸਿੰਘ ਆਸਪੁਰ, ਸੀਤਾ ਰਾਮ ਅਵਾਨਕੋਟ, ਕਰਤਾਰ ਸਿੰਘ ਅਵਾਨਕੋਟ, ਸਰਪੰਚ ਮੋਹਣ ਸਿੰਘ , ਪੰਚ ਆਸਪੁਰ, ਗੁਰਅਵਤਾਰ ਸਿੰਘ , ਦਿਲਬਾਗ ਸਿੰਘ ਤੇ ਹੋਰ ਮੌਜੂਦ ਸਨ।