ਡਾ. ਚਰਨਜੀਤ ਵੀ ਪਾਰਟੀ ਨੂੰ ਮਜ਼ਬੂਤ ਕਰਨ ’ਚ ਲੱਗੇ ਹੋਏ ਹਨ : ਗੜ੍ਹੀ ਵਿਧਾਇਕ ਡਾ. ਚਰਨਜੀਤ ਸਿੰਘ ਦੀ ਵੱਖਰੀ ਮੀਟਿੰਗ 'ਤੇ ਬੋਲੇ ਗੜ੍ਹੀ,ਉਹ ਵੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ
Publish Date: Sat, 14 Nov 2026 06:41 PM (IST)
Updated Date: Sat, 14 Nov 2026 06:42 PM (IST)
ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ ਨੇ ਦਿਵਾਇਆ ਭਰੋਸਾ, ਵਰਕਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਮੋਰਿੰਡਾ ਵਿਖੇ ਆਪਣੀ ਪਲੇਠੀ ਪ੍ਰੈੱਸ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਟਿਕਟ ਨਾਲ ਨਿਵਾਜੇ ਜਾਣ ’ਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਵਰਕਰਾਂ ਤੇ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ, ਜੋ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਇਸ ਪਵਿੱਤਰ ਧਰਤੀ ਤੋਂ ਉਨ੍ਹਾਂ ਨੂੰ ਜੋ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ, ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਰਕਰਾਂ, ਵਲੰਟੀਅਰਾਂ ਤੇ ਅਹੁਦੇਦਾਰਾਂ ਦਾ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਸਾਥ ਮਿਲ ਰਿਹਾ ਹੈ। ਆਪਣੀ ਅਗਲੀ ਰਣਨੀਤੀ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ਉਸ ਤੋਂ ਬਾਅਦ ਪਾਰਟੀ ਦਫ਼ਤਰ ਦਾ ਉਦਘਾਟਨ ਕਰਕੇ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰਨਗੇ। ਇਸ ਦੌਰਾਨ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਹੀ ਕੀਤੀ ਗਈ ਇੱਕ ਵੱਖਰੀ ਮੀਟਿੰਗ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਬੜੇ ਹੀ ਸਹਿਜ ਅੰਦਾਜ਼ ’ਚ ਕਿਹਾ ਕਿ ਵਿਧਾਇਕ ਡਾ. ਚਰਨਜੀਤ ਸਿੰਘ ਨੇ ਜੋ ਵੱਡੀ ਮੀਟਿੰਗ ਕੀਤੀ ਹੈ, ਉਹ ਵੀ ਪਾਰਟੀ ਨੂੰ ਮਜ਼ਬੂਤ ਕਰਨ ’ਚ ਹੀ ਲੱਗੇ ਹੋਏ ਹਨ। ============ ‘ਆਪ ਵਰਕਰਾਂ ਵਾਲੰਟੀਅਰਾਂ ਤੇ ਅਹੁਦੇਦਾਰਾਂ ਵੱਲੋਂ ਗੜੀ ਨੂੰ ਭਰੋਸਾ’ ਜਸਵੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ, ਵਾਲੰਟੀਅਰਾਂ, ਅਹੁਦੇਦਾਰਾਂ ਤੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ‘ਆਪ’ ਯੂਥ ਵਿੰਗ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਪ੍ਰੋਫੈਸਰ ਬੀਰ ਦਵਿੰਦਰ ਸਿੰਘ ਬੱਲਾਂ ਨੇ ਕਿਹਾ ਕਿ ਜਸਵੀਰ ਸਿੰਘ ਗੜ੍ਹੀ ਪਿਛਲੇ ਕਾਫ਼ੀ ਸਮੇਂ ਤੋਂ ਹਲਕਾ ਇੰਚਾਰਜ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੇ ਕੰਮਾਂ-ਕਾਰਾਂ ਨੂੰ ਦੇਖਦੇ ਹੋਏ ਪਹਿਲਾਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਸੀ ਤੇ ਹੁਣ ਟਿਕਟ ਦੇ ਕੇ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮਾਣ ਬਖ਼ਸ਼ਿਆ ਹੈ। ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ ਨੇ ਸਮੂਹ ਅਹੁਦੇਦਾਰਾਂ, ਵਰਕਰਾਂ ਤੇ ਵਲੰਟੀਅਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਪੂਰਨ ਸਮਰਥਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਾਰੇ ਵਰਕਰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਹਲਕੇ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦਾ ਘਰ-ਘਰ ਜਾ ਕੇ ਪ੍ਰਚਾਰ ਕਰਨਗੇ ਤੇ ਜਸਵੀਰ ਸਿੰਘ ਗੜ੍ਹੀ ਦੀ ਸ਼ਾਨਦਾਰ ਜਿੱਤ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਬੀਰ ਦਵਿੰਦਰ ਸਿੰਘ ਵੱਲੋਂ ਸ਼ੂਗਰ ਮਿਲ ਮਰਿੰਡਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਉਪ ਚੇਅਰਮੈਨ ਸੁਰਿੰਦਰ ਸਿੰਘ ਬੁੱਗਾ ਚੈੜੀਆਂ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਕੇਸਰ ਸਿੰਘ ਸਮਾਣਾ,ਬਲਾਕ ਮੋਰਿੰਡਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ ਆਦਿ ਹਾਜ਼ਰ ਸਨ।