ਮਾੜੇ ਅਨਸਰਾਂ ਨੂੰ ਡੀਐਸੀਪੀ ਦੀ ਤਾੜਨਾ : ਮਾੜੇ ਕੰਮ ਛੱਡ ਦੇਣ, ਨਹੀਂ ਤਾਂ ਸਭ ਫੜ੍ਹੇ ਜਾਣਗੇ ਮਾੜੇ ਅਨਸਰਾਂ ਨੂੰ ਡੀਐਸੀਪੀ ਦੀ ਤਾੜਨਾਂ,ਮਾੜੇ ਕੰਮ ਛੱਡ ਦੇਣ, ਨਹੀ ਤਾਂ ਸਭ ਫੜੇ ਜਾਣਗੇ
Publish Date: Sun, 29 Nov 2026 05:17 PM (IST)
Updated Date: Sun, 29 Nov 2026 05:20 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ,ਮੋਰਿੰਡਾ : ਸਬ-ਡਿਵੀਜ਼ਨ ਮੋਰਿੰਡਾ ਦੇ ਨਵ-ਨਿਯੁਕਤ ਡੀਐੱਸਪੀ ਜੇਪੀ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਇਲਾਕੇ ਦੇ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਦੋ-ਟੁੱਕ ਸ਼ਬਦਾਂ ’ਚ ਕਿਹਾ ਕਿ ਸਮਾਜ ਵਿਰੋਧੀ ਅਨਸਰ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਕੰਮ ਤਿਆਗ ਦੇਣ ਜਾਂ ਫਿਰ ਇਲਾਕਾ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਨਸ਼ਿਆਂ ਖ਼ਿਲਾਫ਼ ਵਿੱਢੀ ਜਾਵੇਗੀ ਸਖ਼ਤ ਮੁਹਿੰਮ ਡੀਐੱਸਪੀ ਜੇਪੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਬੱਚਾ ਨਸ਼ੇ ਦੀ ਦਲਦਲ ’ਚ ਫਸ ਗਿਆ ਹੈ, ਤਾਂ ਉਹ ਬਿਨਾਂ ਕਿਸੇ ਝਿਜਕ ਪੁਲਿਸ ਨਾਲ ਸੰਪਰਕ ਕਰਨ ਤਾਂ ਜੋ ਉਸ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ’ਚ ਦਾਖਲ ਕਰਵਾ ਕੇ ਮੁੜ ਮੁੱਖ ਧਾਰਾ ’ਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਫ਼ਰਤ ਦੀ ਬਜਾਏ ਇੱਕ ਮਰੀਜ਼ ਵਜੋਂ ਦੇਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਬਾਜ਼ਾਰਾਂ ’ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਡੀਐੱਸਪੀ ਨੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਬਾਜ਼ਾਰਾਂ ’ਚ ਸੜਕਾਂ ’ਤੇ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਨਾ ਕਰਨ। ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਵੀ ਕਿਹਾ ਕਿ ਐਮਰਜੈਂਸੀ ਸਮੇਂ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਲਾਂਘਾ ਯਕੀਨੀ ਬਣਾਉਣ ਲਈ ਨਾਜਾਇਜ਼ ਕਬਜ਼ੇ ਹਟਾਏ ਜਾਣ, ਜਿਸ ਲਈ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਰਾਤ ਸਮੇਂ ਵਧੇਗੀ ਪੁਲਿਸ ਗਸ਼ਤ ਤੇ ਨਾਕਾਬੰਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਡੀਐੱਸਪੀ ਜੇਪੀ ਸਿੰਘ ਨੇ ਕਿਹਾ ਕਿ ਇਲਾਕੇ ’ਚ ਪੁਲਿਸ ਗਸ਼ਤ ਦੀ ਸਮੀਖਿਆ ਕਰਕੇ ਲੋੜ ਅਨੁਸਾਰ ਨਾਕਾਬੰਦੀ ਵਧਾਈ ਜਾਵੇਗੀ ਤੇ ਉਹ ਖ਼ੁਦ ਵੀ ਰਾਤ ਸਮੇਂ ਚੈਕਿੰਗ ਕਰਨਗੇ। ਉਨ੍ਹਾਂ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਪੂਰਨ ਸੁਰੱਖਿਆ ਦਾ ਭਰੋਸਾ ਦਿਵਾਉਂਦਿਆਂ ਕਿਸੇ ਵੀ ਮੁਸ਼ਕਲ ਸਮੇਂ ਸਿੱਧਾ ਸੰਪਰਕ ਕਰਨ ਲਈ ਕਿਹਾ।