ਹਾਈ ਸਕੂਲ ਭੰਗਲ ਨੂੰ ਮਿਲੇ ਦੋ ਇੰਟਰੈਕਟਿਵ ਪੈਨਲ ਤੇ ਪੰਜ ਕੰਪਿਊਟਰ
ਸਰਕਾਰੀ ਹਾਈ ਸਕੂਲ ਭੰਗਲ ਨੂੰ ਮਿਲੇ ਦੋ ਇੰਟਰੈਕਟਿਵ ਪੈਨਲ ਅਤੇ ਪੰਜ ਕੰਪਿਊਟਰ
Publish Date: Thu, 26 Feb 2026 05:50 PM (IST)
Updated Date: Thu, 26 Feb 2026 05:52 PM (IST)

ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਭੰਗਲ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਨੂੰ ਦੋ ਨਵੇਂ ਇੰਟਰੈਕਟਿਵ ਪੈਨਲ ਅਤੇ ਪੰਜ ਕੰਪਿਊਟਰ ਮੁਹੱਈਆ ਕਰਵਾਏ ਗਏ। ਮੁੱਖ ਅਧਿਆਪਕਾ ਰਮਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਆਧੁਨਿਕ ਸਾਜੋ-ਸਮਾਨ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤਾ ਗਿਆ ਹੈ, ਜੋ ਸਕੂਲ ਵਿੱਚ ਡਿਜੀਟਲ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਇਸ ਮੌਕੇ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ। ਸਕੂਲ ਪ੍ਰਬੰਧਨ ਅਤੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੇ ਵਿਦਿਆਰਥੀਆਂ ਨੂੰ ਸ਼ਹਿਰੀ ਸਕੂਲਾਂ ਵਰਗੀਆਂ ਆਧੁਨਿਕ ਸਹੂਲਤਾਂ ਮਿਲਣਗੀਆਂ। ਮੁੱਖ ਅਧਿਆਪਕਾ ਰਮਾ ਸ਼ਰਮਾ ਨੇ ਇਸ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਧੁਨਿਕ ਸਿੱਖਿਆ ਦੇ ਇਸ ਦੌਰ ਵਿੱਚ ਵਿਦਿਆਰਥੀਆਂ ਨੂੰ ਤਕਨੀਕੀ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਇੰਟਰੈਕਟਿਵ ਪੈਨਲਾਂ ਅਤੇ ਕੰਪਿਊਟਰਾਂ ਦੀ ਮੱਦਦ ਨਾਲ ਵਿਦਿਆਰਥੀਆਂ ਨੂੰ ਡਿਜੀਟਲ ਤਰੀਕੇ ਨਾਲ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਸਮਝ, ਰੁਚੀ ਅਤੇ ਸਿੱਖਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਭੰਗਲ ਨੇ ਵੀ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਨਾਲ ਸਕੂਲ ਦੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਗ੍ਰਾਮ ਪੰਚਾਇਤ ਭੰਗਲ ਦੇ ਮੈਂਬਰ ਹਾਜ਼ਰ ਸਨ।