- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟ ਲਗਾ ਕੇ ਸਰਕਾਰ ਕਿਸਾਨਾਂ ਤੇ ਆਮ ਲੋਕਾਂ ਨੂੰ ਕਰ ਰਹੀ ਹੈ ਪਰੇਸ਼ਾਨ: ਆਗੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੋਮਵਾਰ ਨੂੰ ਜ਼ਿਲ੍ਹਾ ਇਕਾਈ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨਾਂ ਨੇ ਬਿਜਲੀ ਸੰਕਟ ਨੂੰ ਲੈ ਕੇ ਪਾਵਰਕਾਮ ਦੇ 132 ਕੇਵੀ ਰੂਪਨਗਰ ਵਿਖੇ ਐੱਸਸੀ ਦਫ਼ਤਰ ਦਾ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਘਿਰਾਓ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ’ਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦਾ ਸੰਕਟ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਕਿਸਾਨੀ ਦੀਆਂ ਫਸਲਾਂ ’ਤੇ ਵੱਡਾ ਪ੍ਰਭਾਵ ਪੈ ਰਿਹਾ ਹੈ ਤੇ ਪੈਣ ਦੀ ਡਰ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨਾ ਪੱਕਣ ਦੇ ਕਿਨਾਰੇ ਖੜ੍ਹਾ ਹੈ ਪਰ ਸੋਕੇ ਕਾਰਨ ਝਾੜ ’ਤੇ ਬਹੁਤ ਮਾੜਾ ਅਸਰ ਪੇਵੇਗਾ। ਆਗੂਆਂ ਨੇ ਕਿਹਾ ਕਿ ਗੰਨਾ, ਹਰਾ ਚਾਰਾ, ਕਪਾਹ, ਸਬਜ਼ੀਆਂ ਸਮੇਤ ਹੋਰ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਪੁੱਜ ਰਿਹਾ ਹੈ। ਇੱਥੋਂ ਤੱਕ ਕਿ ਪਿੰਡਾਂ ਦੇ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਨਿਰੰਤਰ ਦਿੱਤੀ ਜਾਵੇਗੀ ਪਰ ਹੁਣ ਬਿਜਲੀ ਦੀ ਸਪਲਾਈ ਦੋ ਜਾਂ ਤਿੰਨ ਘੰਟੇ ਤੋਂ ਉੱਪਰ ਨਹੀਂ ਮਿਲ ਰਹੀ, ਜਿਸ ਕਾਰਨ ਕਿਸਾਨ ਸੰਘਰਸ਼ ਦੇ ਰਾਹ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਪਾਵਰ ਕਾਮ ਦੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੇ ਹਨ ਪਰ ਮਸਲਿਆਂ ਦਾ ਕੋਈ ਹੱਲ ਨਹੀਂ ਹੋਇਆ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾਕਿ ਸੰਯੁਕਤ ਕਿਸਾਨ ਮੋਰਚੇ ਨੇ ਮਜਬੂਰ ਹੋ ਕੇ ਕਿਸਾਨਾਂ ਤੇ ਆਮ ਲੋਕਾਂ ਦੀ ਅਵਾਜ਼ ਨੂੰ ਗੂੰਗੀ-ਬੋਲੀ ਸਰਕਾਰ ਦੇ ਕੰਨਾਂ ਤੱਕ ਪਹੁੰਚਣ ਲਈ ਮਜਬੂਰ ਹੋ ਕੇ ਰੋਸ ਧਰਨਾ ਦੇਣਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਇਹ ਵੀ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਤੇ ਕੱਟਾਂ ਤੋਂ ਕਿਸਾਨਾਂ ਨੂੰ ਰਾਹਤ ਨਾ ਮਿਲੀ ਤਾਂ ਆਉਣ ਵਾਲੇ ਸਮੇਂ ’ਚ ਵੱਡਾ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮਸਲੇ ’ਤੇ ਫੇਲ ਹੋ ਚੁੱਕੀ ਹੈ ਇਸ ਸਰਕਾਰ ਨੂੰ ਚਲਦਾ ਕਰਨਾ ਕਿਸਾਨਾਂ ਦਾ ਮੁੱਖ ਫਰਜ਼ ਬਣ ਗਿਆ ਹੈ। ਇਸ ਮੌਕੇ ਤੇ ਉਪ ਮੁੱਖ ਇੰਜੀਨੀਅਰ ਇੰਜ ਐੱਸਐੱਸ ਸੈਂਬੀ ਨੇ ਧਰਨੇ ’ਚ ਆ ਕੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬੇ ਵਿਚ ਕੁਝ ਥਰਮਲ ਪਲਾਂਟਾਂ ਦੇ ਯੂਨਿਟ ਪਿਛਲੀ ਦਿਨੀ ਬੰਦ ਹੋ ਗਏ ਸਨ ਜੋ ਕਿ ਹੁਣ ਚੱਲ ਪਏ ਹਨ। ਛੇਤੀ ਹੀ ਬਿਜਲੀ ਦਾ ਸੰਕਟ ਦੂਰ ਹੋ ਜਾਵੇਗਾ। ਉਨ੍ਹਾਂ ਕਿਸਾਨਾਂ ਦੀਆਂ ਹੋਰ ਮੰਗਾਂ ’ਤੇ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਤੇ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ, ਵੀਰ ਸਿੰਘ ਬੜਵਾ, ਮੋਹਰ ਸਿੰਘ ਖਾਬੜਾ, ਕਾਮਰੇਡ ਸੁਰਜੀਤ ਸਿੰਘ ਢੇਰ, ਅਵਤਾਰ ਸਿੰਘ, ਚਰਨਜੀਤ ਸਿੰਘ, ਜਗਦੀਸ਼ ਸਿੰਘ, ਮੁਖਤਿਆਰ ਸਿੰਘ ਮਾਹਲਾ, ਇਕਬਾਲ ਸਿੰਘ, ਰਣਧੀਰ ਸਿੰਘ ਚੱਕਲ, ਗੁਰਚਰਨ ਸਿੰਘ ਢੋਲਣ ਮਾਜਰਾ, ਚਰਨ ਸਿੰਘ ਮੁੰਡੀਆਂ, ਮਾ: ਦਲੀਪ ਸਿੰਘ ਘਨੌਲਾ, ਸਤਨਾਮ ਸਿੰਘ ਮਾਜਰੀ ਜੱਟਾਂ ਰੁਪਿੰਦਰ ਸਿੰਘ ਰੂਪਾ ਨੇ ਸੰਬੋਧਨ ਕੀਤਾ।