ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਪਹੁੰਚ ਕੇ ਨਿਹਾਲ ਹੋਏ ਮੰਗੋਲੀਆ ਦੇ ਮਹਿਮਾਨ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਪਹੁੰਚ ਕੇ ਨਿਹਾਲ ਹੋਏ ਮੰਗੋਲੀਆ ਦੇ ਮਹਿਮਾਨ
Publish Date: Tue, 24 Nov 2026 03:53 PM (IST)
Updated Date: Tue, 24 Nov 2026 03:55 PM (IST)
ਸਿੱਖ ਇਤਿਹਾਸ ਤੇ ਧਾਰਮਿਕ ਵਿਰਾਸਤ ਤੋਂ ਹੋਏ ਜਾਣੂ, ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਮੰਗੋਲੀਆ ਤੋਂ ਆਏ ਰੋਟਰੀ ਫਰੈਂਡਸ਼ਿਪ ਐਕਸਚੇਂਜ ਗਰੁੱਪ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਰੋਟੇਰੀਅਨ ਏਪੀ ਸਿੰਘ ਹਾਜ਼ਰ ਸਨ। ਡਾ. ਜਾਮਾ ਦੀ ਅਗਵਾਈ ਹੇਠ ਆਏ ਇਸ ਦਸ ਮੈਂਬਰੀ ਵਫ਼ਦ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਤੇ ਸੂਚਨਾ ਦਫ਼ਤਰ ਦੇ ਇੰਚਾਰਜ ਹਰਪ੍ਰੀਤ ਸਿੰਘ ,ਭਵਜੋਤ ਸਿੰਘ ਤੇ ਗੁਰਚਰਨ ਸਿੰਘ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੂਚਨਾ ਦਫ਼ਤਰ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਮੰਗੋਲੀਆ ਤੋਂ ਆਏ ਮਹਿਮਾਨਾਂ ਨੂੰ ਸਿੱਖ ਇਤਿਹਾਸ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਤੇ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਪਾਵਨ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਮਹਿਮਾਨਾਂ ਨੂੰ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਸਿੱਖ ਇਤਿਹਾਸ ’ਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਸ ਉਪਰੰਤ ਮੈਨੇਜਰ ਸਰਬ ਦਿਆਲ ਸਿੰਘ ਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਵੱਲੋਂ ਸਮੂਹ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ’ਤੇ ਧਾਰਮਿਕ ਸਾਹਿਤ ਤੇ ਲੋਈਆਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮਹਿਮਾਨਾਂ ਨੇ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਇੱਥੋਂ ਦੇ ਸ਼ਾਂਤਮਈ ਤੇ ਅਧਿਆਤਮਕ ਮਾਹੌਲ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਤਖ਼ਤ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਦੀ ਵੀ ਪ੍ਰਸ਼ੰਸਾ ਕੀਤੀ। ਇਸ ਤੋਂ ਬਾਅਦ ਵਫ਼ਦ ਨੇ ਵਿਰਾਸਤ-ਏ-ਖਾਲਸਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸਿੱਖ ਧਰਮ ਤੇ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।