ਗੁਰੂ ਨਗਰੀ ’ਚ ਚੱਲੀ ਗੋਲੀ, ਦੋ ਨੌਜਵਾਨ ਜ਼ਖ਼ਮੀ, ਪ੍ਰਾਈਵੇਟ ਹਸਪਤਾਲ ’ਚ ਚੱਲ ਰਿਹੈ ਇਲਾਜ
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੀਤੇ ਦਿਨ ਗੋਲੀ ਚੱਲਣ ਦੀ ਘਟਨਾ ਵਾਪਰਨ ਕਾਰਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੋਵੇਂ ਜ਼ਖ਼ਮੀਆਂ ਦਾ ਇਲਾਜ ਇੱਕ ਨਿੱਜੀ ਹਸਪਤਾਲ ’ਚ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।
Publish Date: Sat, 20 Jun 2026 11:30 AM (IST)
Updated Date: Sat, 20 Jun 2026 11:34 AM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ। ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੀਤੇ ਦਿਨ ਗੋਲੀ ਚੱਲਣ ਦੀ ਘਟਨਾ ਵਾਪਰਨ ਕਾਰਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੋਵੇਂ ਜ਼ਖ਼ਮੀਆਂ ਦਾ ਇਲਾਜ ਇੱਕ ਨਿੱਜੀ ਹਸਪਤਾਲ ’ਚ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਵਾਰਡ ਨੰਬਰ 8 ਦੇ ਕੌਂਸਲਰ ਸੁਨੀਲ ਅਡਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ’ਚ ਇਹ ਘਟਨਾ ਬੀਤੀ ਸ਼ਾਮ ਕਰੀਬ 4 ਵਜੇ ਵਾਪਰੀ ਪਰ ਕਿਸੇ ਵੀ ਜ਼ਿੰਮੇਵਾਰ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਰ ਰਾਤ ਵਾਰਡ ਵਾਸੀਆਂ ਤੋਂ ਇਸ ਘਟਨਾ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚੇ ਅਤੇ ਜ਼ਖ਼ਮੀ ਨੌਜਵਾਨਾਂ ਦਾ ਹਾਲ-ਚਾਲ ਜਾਣਿਆ।
ਸੁਨੀਲ ਅਡਵਾਲ ਨੇ ਦੱਸਿਆ ਕਿ ਜ਼ਖ਼ਮੀਆਂ ਨਾਲ ਮੁਲਾਕਾਤ ਕਰਨ ਦੇ ਬਾਵਜੂਦ ਘਟਨਾ ਦੇ ਕਾਰਨਾਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਆਪਣੇ ਫੇਸਬੁਕ ਪੇਜ਼ ’ਤੇ ਜਾਣਕਾਰੀ ਸਾਂਝੀ ਕੀਤੀ ਹੈ, ਜਿਸ ਤੋਂ ਬਾਅਦ ਸਾਰੇ ਸ਼ਹਿਰ ’ਚ ਇਸ ਦੀ ਚਰਚਾ ਹੋਣ ਲੱਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਾਰਡ ਉਨ੍ਹਾਂ ਲਈ ਪਰਿਵਾਰ ਵਾਂਗ ਹੈ ਅਤੇ ਵਾਰਡ ਵਾਸੀਆਂ ਦੀ ਸੁਰੱਖਿਆ ਅਤੇ ਭਲਾਈ ਦੀ ਚਿੰਤਾ ਕਰਨਾ ਉਨ੍ਹਾਂ ਦਾ ਫਰਜ਼ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਇਸ ਸਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਧਿਆਨ ’ਚ ਸਾਰਾ ਮਾਮਲਾ ਲਿਆਉਣਗੇ ਅਤੇ ਅੱਜ ਹੀ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਕੇ ਸਾਰੀ ਜਾਣਕਾਰੀ ਦੇਣਗੇ।
ਦੂਜੇ ਪਾਸੇ ਥਾਣਾ ਮੁਖੀ ਜਤਿਨ ਕਪੂਰ ਨਾਲ ਗੱਲ ਕਰਨ ’ਤੇ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਕੋਲ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹਸਪਤਾਲ ’ਚ ਦਾਖ਼ਲ ਜ਼ਖ਼ਮੀਆਂ ਨਾਲ ਪੁੱਛਗਿੱਛ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਵੀ ਕੋਈ ਸ਼ਿਕਾਇਤ ਦਰਜ ਕਰਵਾਉਣ ਤੋਂ ਇਨਕਾਰ ਕੀਤਾ ਗਿਆ।
ਥਾਣਾ ਮੁਖੀ ਨੇ ਕਿਹਾ ਕਿ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।