70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਮੁਕਾਬਲਿਆਂ ਦਾ ਆਗਾਜ਼ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਮੁਕਾਬਲਿਆਂ ਦਾ ਆਗਾਜ਼
Publish Date: Wed, 23 Sep 2026 04:02 PM (IST)
Updated Date: Wed, 23 Sep 2026 04:03 PM (IST)
ਪੰਜਾਬੀ ਜਾਗਰਣ ਟੀਮ, ਰੂਪਨਗਰ/ਸ੍ਰੀ ਚਮਕੌਰ ਸਾਹਿਬ: ਰੂਪਨਗਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-17 ਲੜਕਿਆਂ ਦੇ ਹੈਂਡਬਾਲ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਪ੍ਰੇਮ ਕੁਮਾਰ ਮਿੱਤਲ ਅਤੇ ਜ਼ਿਲ੍ਹਾ ਖੇਡ ਕੋ-ਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਟੇਟ ਅਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ 360 ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਭਾਗ ਲੈਣ ਵਾਲੀਆਂ ਟੀਮਾਂ ਦਰਮਿਆਨ ਲੀਗ ਪੱਧਰ ਦੇ 33 ਮੁਕਾਬਲੇ ਹੋਣਗੇ, ਜਿਸ ਦੇ ਉਪਰੰਤ ਜੇਤੂ ਟੀਮਾਂ ਨਾਕਆਊਟ ਦੌਰ ਵਿਚ ਪ੍ਰਵੇਸ਼ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਕੀਤਾ। ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪਹਿਲੇ ਦਿਨ ਹੋਏ ਮੁਕਾਬਲਿਆਂ ਵਿਚ ਬਠਿੰਡਾ, ਪਟਿਆਲਾ, ਮੋਹਾਲੀ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ ਅਤੇ ਰੂਪਨਗਰ ਦੀਆਂ ਟੀਮਾਂ ਨੇ ਆਪੋ-ਆਪਣੇ ਮੁਕਾਬਲਿਆਂ ਵਿਚ ਜਿੱਤ ਦਰਜ ਕੀਤੀ। ਇਸ ਮੌਕੇ ਪੁਨੀਤ ਸਿੰਘ ਲਾਲੀ, ਮਨਜਿੰਦਰ ਸਿੰਘ, ਵਰਿੰਦਰ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ, ਗੁਰਪਾਲ ਸਿੰਘ, ਮਨਪ੍ਰੀਤ ਕੌਰ, ਰਵਿੰਦਰ ਸਿੰਘ, ਗੁਰਤੇਜ ਸਿੰਘ, ਰਜਿੰਦਰ ਕੌਰ ਸਮੇਤ ਵੱਖ-ਵੱਖ ਅਧਿਕਾਰੀ, ਅਧਿਆਪਕ ਅਤੇ ਖੇਡ ਪ੍ਰਬੰਧਕ ਹਾਜ਼ਰ ਸਨ।