- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੋਤ ਬੈਂਸ ਵਲੋਂ ਮਿਸ਼ਨ ਕਲੀਨ ਲਗਾਤਾਰ ਜਾਰੀ

ਪੰਜਾਬੀ ਜਾਗਰਣ ਟੀਮ, ਨੰਗਲ : ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਦਾ ਰੋਜ਼ਾਨਾ ਖੁਦ ਜਾਇਜ਼ਾ ਲਿਆ ਜਾ ਰਿਹਾ ਹੈ। ਉਹ ਲਗਾਤਾਰ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਗੰਦਗੀ ਜਾਂ ਕੂੜੇ ਦੀ ਸਮੱਸਿਆ ਨੂੰ ਲੰਬੇ ਸਮੇਂ ਤੱਕ ਪੈਂਡਿੰਗ ਨਾ ਰੱਖਿਆ ਜਾਵੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਦੇ ਹਰ ਵਾਰਡ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਰਹਿਣਯੋਗ ਬਣਾਉਣਾ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਲਗਾਤਾਰ ਫੀਲਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫਾਈ ਮੁਹਿੰਮ ਦਾ ਮਕਸਦ ਸਿਰਫ਼ ਕੁਝ ਦਿਨਾਂ ਲਈ ਸਫਾਈ ਕਰਨਾ ਨਹੀਂ, ਸਗੋਂ ਅਜਿਹੀ ਵਿਵਸਥਾ ਕਾਇਮ ਕਰਨੀ ਹੈ ਜਿਸ ਨਾਲ ਸ਼ਹਿਰ ਵਿੱਚ ਨਿਰੰਤਰ ਸਫਾਈ ਯਕੀਨੀ ਬਣੀ ਰਹੇ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਘਰਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਜਿੱਥੇ ਵੀ ਕੂੜਾ-ਕਰਕਟ, ਗੰਦਗੀ, ਨਿਕਾਸੀ ਜਾਂ ਹੋਰ ਸਫਾਈ ਸਬੰਧੀ ਸਮੱਸਿਆ ਸਾਹਮਣੇ ਆਉਂਦੀ ਹੈ, ਉਸ ਨੂੰ ਮੌਕੇ ’ਤੇ ਹੀ ਨੋਟ ਕਰਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਪ੍ਰਸ਼ਾਸਨ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਫਾਈ ਮੁਹਿੰਮ ਦੀ ਸਫਲਤਾ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੂੜਾ ਸੜਕਾਂ, ਗਲੀਆਂ ਅਤੇ ਖਾਲੀ ਥਾਵਾਂ ’ਤੇ ਨਾ ਸੁੱਟਿਆ ਜਾਵੇ ਅਤੇ ਨਿਰਧਾਰਤ ਥਾਵਾਂ ’ਤੇ ਹੀ ਕੂੜਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਲੋਕ ਮਿਲ ਕੇ ਜ਼ਿੰਮੇਵਾਰੀ ਨਿਭਾਉਣ ਤਾਂ ਨੰਗਲ ਨੂੰ ਹੋਰ ਵੀ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਸਫਾਈ ਦੇ ਨਾਲ-ਨਾਲ ਜਨਤਕ ਥਾਵਾਂ ਦੀ ਸੰਭਾਲ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਫਾਈ, ਸੁੰਦਰਤਾ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦਾ ਸਮੇਂ ਸਿਰ ਲਾਭ ਮਿਲ ਸਕੇ। ਉਨ੍ਹਾਂ ਦੁਹਰਾਇਆ ਕਿ ਨੰਗਲ ਦੇ ਹਰ ਵਾਰਡ ਨੂੰ ਸਾਫ਼-ਸੁਥਰਾ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਸਫਾਈ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਨਗਰ ਕੋਂਸਲ ਚੇਅਰਮੈਨ ਕਿਰਨ ਬਾਲਾ, ਰਣਜੀਤ ਸਿੰਘ ਬੱਗਾ, ਯੁਧਵੀਰ ਸਿੰਘ ਐਕਸੀਅਨ, ਦਲਜੀਤ ਸਿੰਘ ਐਸ.ਡੀ.ਓ. ਜਗਤਾਰ ਸਿੰਘ ਭੋਲਾ ਰਾਜ ਰਾਣੀ, ਪੂਜਾ ਦੇਵੀ ’ਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।