ਭਾਰੀ ਬਰਸਾਤ ਨੇ ਗੁਰੂ ਨਗਰੀ ਨੂੰ ਕੀਤਾ ਜਲ-ਥਲ ਭਾਰੀ ਬਰਸਾਤ ਨੇ ਗੁਰੂ ਨਗਰੀ ਨੂੰ ਕੀਤਾ ਜਲ-ਥਲ
Publish Date: Wed, 19 Aug 2026 04:08 PM (IST)
Updated Date: Wed, 19 Aug 2026 04:12 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਅੱਜ ਸਵੇਰੇ ਤੋਂ ਪੈ ਰਹੀ ਭਾਰੀ ਬਰਸਾਤ ਨੇ ਸ਼ਹਿਰ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਲਗਾਤਾਰ ਤੇਜ਼ ਮੀਂਹ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਣੀ ਹੀ ਪਾਣੀ ਨਜ਼ਰ ਆਇਆ। ਕਈ ਥਾਵਾਂ ’ਤੇ ਪਾਣੀ ਸੜਕਾਂ ਤੋਂ ਹੁੰਦਾ ਹੋਇਆ ਘਰਾਂ ਅਤੇ ਦੁਕਾਨਾਂ ਦੇ ਅੰਦਰ ਤੱਕ ਦਾਖਲ ਹੋ ਗਿਆ, ਜਿਸ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦੇ ਨਾਲ-ਨਾਲ ਆਰਥਿਕ ਨੁਕਸਾਨ ਵੀ ਝੱਲਣਾ ਪਿਆ। ਸਵੇਰੇ ਤੜਕਸਾਰ ਤੋਂ ਸ਼ੁਰੂ ਹੋਈ ਤੇਜ਼ ਬਰਸਾਤ ਨੇ ਥੋੜ੍ਹੇ ਹੀ ਸਮੇਂ ਵਿੱਚ ਸ਼ਹਿਰ ਦੀ ਨਿਕਾਸੀ ਪ੍ਰਣਾਲੀ ਦੀ ਪੋਲ ਖੋਲ੍ਹ ਦਿੱਤੀ। ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕਾਂ ਅਤੇ ਬਾਜ਼ਾਰ ਪਾਣੀ ਵਿੱਚ ਡੁੱਬੇ ਨਜ਼ਰ ਆਏ। ਕਈ ਦੁਕਾਨਦਾਰਾਂ ਨੇ ਆਪਣਾ ਸਾਮਾਨ ਪਾਣੀ ਤੋਂ ਬਚਾਉਣ ਲਈ ਦੁਕਾਨਾਂ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਤੇਜ਼ੀ ਨਾਲ ਵਧ ਰਹੇ ਪਾਣੀ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੁਕਾਨਾਂ ਅੰਦਰ ਪਾਣੀ ਵੜਨ ਨਾਲ ਕੱਪੜਿਆਂ, ਬਿਜਲੀ ਅਤੇ ਹੋਰ ਵਪਾਰਕ ਸਾਮਾਨ ਅਤੇ ਫਰਨੀਚਰ ਦੇ ਨੁਕਸਾਨ ਦੀਆਂ ਵੀ ਸੂਚਨਾਵਾਂ ਸਾਹਮਣੇ ਆਈਆਂ। ਸ਼ਹਿਰ ਦੇ ਕਚਹਿਰੀ ਰੋਡ, ਕਲਗੀਧਰ ਮਾਰਕੀਟ, ਭਗਤ ਰਵਿਦਾਸ ਚੌਂਕ, ਨਵੀਂ ਆਬਾਦੀ ਅਤੇ ਚੋਈ ਬਾਜ਼ਾਰ ਸਮੇਤ ਲਗਭਗ ਸਾਰੇ ਪ੍ਰਮੁੱਖ ਇਲਾਕੇ ਬਰਸਾਤੀ ਪਾਣੀ ਦੀ ਮਾਰ ਹੇਠ ਆ ਗਏ। ਕਈ ਥਾਵਾਂ ’ਤੇ ਲੋਕਾਂ ਨੂੰ ਆਪਣੇ ਵਾਹਨ ਪਾਣੀ ਵਿੱਚੋਂ ਕੱਢਣ ਲਈ ਵੀ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਪਿਛਲੇ ਦਿਨਾਂ ਦੌਰਾਨ ਵੀ ਬਰਸਾਤ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਖੜ੍ਹਾ ਹੋਇਆ ਸੀ, ਪਰ ਅੱਜ ਹੋਈ ਭਾਰੀ ਬਰਸਾਤ ਨੇ ਸਮੱਸਿਆ ਨੂੰ ਹੋਰ ਗੰਭੀਰ ਕਰ ਦਿੱਤਾ। ਭਾਰੀ ਪਾਣੀ ਭਰਨ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਕਾਫੀ ਦਿੱਕਤਾਂ ਆਈਆਂ। ਇਸ ਤੋਂ ਇਲਾਵਾ, ਦੇਸ਼-ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਪਹੁੰਚ ਰਹੇ ਸ਼ਰਧਾਲੂਆਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਾਤਾ ਨੈਣਾ ਦੇਵੀ ਦੇ ਚੱਲ ਰਹੇ ਨਰਾਤਿਆਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਲਾਕੇ ਵਿੱਚ ਪਹੁੰਚ ਰਹੇ ਹਨ। ਅਜਿਹੇ ਵਿੱਚ ਸ਼ਹਿਰ ਦੀਆਂ ਸੜਕਾਂ ’ਤੇ ਖੜ੍ਹੇ ਪਾਣੀ ਨੇ ਸ਼ਰਧਾਲੂਆਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰ ਦਿੱਤਾ। ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਾਣੀ ਭਰਨ ਦੀਆਂ ਕਈ ਵੀਡੀਓਜ਼ ਸ਼ੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਈਆਂ। ਇਨ੍ਹਾਂ ਵੀਡੀਓਜ਼ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਭਰੇ ਪਾਣੀ ਅਤੇ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਦਰਸਾਇਆ ਗਿਆ। ਸ਼ਹਿਰ ਵਾਸੀਆਂ ਵੱਲੋਂ ਸ਼ੋਸ਼ਲ ਮੀਡੀਆ ਰਾਹੀਂ ਵੀ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਉਜਾਗਰ ਕਰਦਿਆਂ ਪ੍ਰਸ਼ਾਸਨ ਤੋਂ ਪੱਕਾ ਹੱਲ ਕਰਨ ਦੀ ਮੰਗ ਕੀਤੀ ਗਈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੀ ਗੁਰੂ ਨਗਰੀ ਹੈ, ਜਿੱਥੇ ਸਾਰਾ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਬਰਸਾਤੀ ਪਾਣੀ ਦੀ ਨਿਕਾਸੀ ਦਾ ਮਸਲਾ ਸਿਰਫ਼ ਸ਼ਹਿਰ ਵਾਸੀਆਂ ਲਈ ਹੀ ਨਹੀਂ, ਸਗੋਂ ਇੱਥੇ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਬਹੁਤ ਮਹੱਤਵਪੂਰਨ ਹੈ। ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਜ਼ਮੀਨੀ ਪੱਧਰ ’ਤੇ ਪੱਕੇ ਅਤੇ ਲੰਮੇ ਸਮੇਂ ਵਾਲੇ ਪ੍ਰਬੰਧ ਕੀਤੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਹਰ ਸਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਇਸ ਲਈ ਇਸ ਦਾ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਦੁਕਾਨਦਾਰਾਂ, ਘਰਾਂ ਦੇ ਵਸਨੀਕਾਂ, ਸਕੂਲੀ ਬੱਚਿਆਂ ਅਤੇ ਸ਼ਰਧਾਲੂਆਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।