ਵਿਦਿਆ ਦੀ ਲੋਅ ਸੰਸਥਾ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵਿਦਿਆ ਦੀ ਲੋਅ ਸੰਸਥਾ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Publish Date: Sun, 29 Nov 2026 03:13 PM (IST)
Updated Date: Sun, 29 Nov 2026 03:13 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸਿੱਖਿਆ ਦੇ ਖੇਤਰ ’ਚ ਉਸਾਰੂ ਯੋਗਦਾਨ ਪਾਉਂਦਿਆਂ ‘ਵਿਦਿਆ ਦੀ ਲੋਅ’ ਸੰਸਥਾ ਵੱਲੋਂ ਸਰਕਾਰੀ ਹਾਈ ਸਕੂਲ ਕਲਾਰਾ ਵਿਖੇ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਅਕ ਤੇ ਗੈਰ-ਵਿਦਿਅਕ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਰਿਸੋਰਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਬਰਜਿੰਦਰ ਸਿੰਘ ਜੱਸੜ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਇਨਾਮਾਂ ਦੇ ਨਾਲ-ਨਾਲ ਕਾਪੀਆਂ, ਕਿਤਾਬਾਂ, ਪੈੱਨ ਤੇ ਡਿਕਸ਼ਨਰੀਆਂ ਵੰਡੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਜੱਸੜ ਨੇ ਆਪਣੇ ਪਰਿਵਾਰਕ ਪਿਛੋਕੜ ਬਾਰੇ ਸਾਂਝ ਪਾਈ ਤੇ ਵਿਦਿਆਰਥੀਆਂ ਨੂੰ ਜੀਵਨ ’ਚ ਸਿੱਖਿਆ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਅਜਿਹਾ ਸਾਧਨ ਹੈ ਜੋ ਮਨੁੱਖ ਨੂੰ ਸਹੀ ਦਿਸ਼ਾ ਦਿੰਦੀ ਹੈ ਤੇ ਜੀਵਨ ਪੱਧਰ ਨੂੰ ਉੱਚਾ ਚੁੱਕਦੀ ਹੈ। ਉਨ੍ਹਾਂ ਬੱਚਿਆਂ ਨੂੰ ਸਖ਼ਤ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚੇ ਸਰ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਸ੍ਰੀ ਜੱਸੜ ਵੱਲੋਂ ਵਿਦਿਆਰਥੀਆਂ ਦੇ ਗਿਆਨ ਨੂੰ ਪਰਖਣ ਲਈ ਪੜ੍ਹਾਈ ਤੇ ਆਮ ਗਿਆਨ ਨਾਲ ਸਬੰਧਤ ਸਵਾਲ ਵੀ ਪੁੱਛੇ ਗਏ। ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਮੌਕੇ ਤੇ ਹੀ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਬੱਚਿਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੇ ਅਖੀਰ ’ਚ ਸਕੂਲ ਮੁਖੀ ਤੇ ਸਮੂਹ ਸਟਾਫ ਵੱਲੋਂ ਬਰਜਿੰਦਰ ਸਿੰਘ ਜੱਸੜ ਤੇ ਉਨ੍ਹਾਂ ਦੇ ਪਰਿਵਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਤੇ ਸੰਸਥਾ ਵੱਲੋਂ ਸਿੱਖਿਆ ਦੇ ਪਸਾਰ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।