ਖੇਡਾਂ ’ਚ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਸਨਮਾਨੇ ਖੇਡਾਂ ਵਿੱਚ ਨੂਰਪੁਰਬੇਦੀ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀਆਂ ਦਾ ਸਨਮਾਨ
Publish Date: Sat, 22 Aug 2026 05:45 PM (IST)
Updated Date: Sat, 22 Aug 2026 05:48 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ: ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਨੂਰਪੁਰਬੇਦੀ ਦੀ ਸਮੂਹ ਟੀਮ ਵੱਲੋਂ ਖੇਡਾਂ ਦੇ ਖੇਤਰ ਵਿੱਚ ਨੂਰਪੁਰਬੇਦੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਦੌਰਾਨ ਰਾਸ਼ਟਰੀ ਪੱਧਰ ’ਤੇ ਗੋਲਡ ਮੈਡਲ ਹਾਸਲ ਕਰਨ ਵਾਲੇ ਖਿਡਾਰੀ ਨੂੰ 50 ਹਜ਼ਾਰ ਰੁਪਏ, ਸਿਲਵਰ ਮੈਡਲ ਜੇਤੂ ਨੂੰ 30 ਹਜ਼ਾਰ ਰੁਪਏ ਅਤੇ ਬ੍ਰਾਂਜ਼ ਮੈਡਲ ਜੇਤੂ ਖਿਡਾਰੀ ਨੂੰ 20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਹੋਰ ਖਿਡਾਰੀਆਂ ਨੂੰ ਵੀ 10-10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲੇ ਰਾਸ਼ਟਰੀ ਖਿਡਾਰੀਆਂ ਵਿੱਚ ਜੈਸਮੀਨ ਕੌਰ ਪੁੱਤਰੀ ਸੁਰਜੀਤ ਸਿੰਘ, ਜੈਸਮੀਨ ਕੌਰ ਪੁੱਤਰੀ ਬਲਵਿੰਦਰ ਸਿੰਘ, ਨਵਪ੍ਰੀਤ ਸਿੰਘ ਸਿੱਧੂ, ਵੰਸ਼ਕਾ ਵਰਮਾ ਅਤੇ ਗੁਰਲੀਨ ਸ਼ਾਮਲ ਸਨ। ਸੁਸਾਇਟੀ ਵੱਲੋਂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਇਸ ਉਪਰਾਲੇ ਦੀ ਇਲਾਕੇ ਭਰ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਕੋਚ ਬਲਵਿੰਦਰ ਸਿੰਘ ਸਮੁੰਦੜੀਆ ਨੇ ਵਿਧਾਇਕ ਦਿਨੇਸ਼ ਚੱਢਾ ਅਤੇ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਦੀ ਸਮੂਹ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਨਾਲ ਆਪਣੇ ਪਿੰਡ, ਹਲਕੇ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਸਨਮਾਨ ਅਤੇ ਹੌਸਲਾ ਮਿਲਣਾ ਬਹੁਤ ਜ਼ਰੂਰੀ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ, ਅਨੁਸ਼ਾਸਿਤ ਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਖਿਡਾਰੀ ਮੁਸ਼ਕਲਾਂ ਦੇ ਬਾਵਜੂਦ ਦਿਨ-ਰਾਤ ਮਿਹਨਤ ਕਰਕੇ ਰਾਸ਼ਟਰੀ ਪੱਧਰ ’ਤੇ ਮੈਡਲ ਜਿੱਤਦੇ ਹਨ, ਉਨ੍ਹਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੂਰਪੁਰਬੇਦੀ ਖੇਤਰ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਅਤੇ ਅਜਿਹੇ ਸਨਮਾਨ ਸਮਾਰੋਹ ਹੋਰ ਨੌਜਵਾਨਾਂ ਨੂੰ ਵੀ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਸੁਸਾਇਟੀ ਵੱਲੋਂ ਖਿਡਾਰੀਆਂ ਨੂੰ ਇੰਨੀ ਵੱਡੀ ਪੱਧਰ ’ਤੇ ਸਨਮਾਨਿਤ ਕਰਨ ਨੂੰ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਪਹਿਲਕਦਮੀ ਕਰਾਰ ਦਿੱਤਾ।