- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਵੁਕ ਹੁੰਦਿਆਂ ਚਾਵਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਹਰ ਸਿੱਖ ਲਈ ਮਹਾਨ ਹੈ ਅਤੇ ਹਮੇਸ਼ਾ ਮਹਾਨ ਰਹੇਗਾ। ਗੁਰੂ ਸਾਹਿਬਾਨ ਵੱਲੋਂ ਇਸ ਮਹਾਨ ਤਖਤ ਨੂੰ ਸਜ਼ਾ ਕੇ ਇੱਥੋਂ ਸੱਚ ਅਤੇ ਇਨਸਾਫ ਦੀ ਆਵਾਜ਼ ਬੁਲੰਦ ਕਰਨ ਦੀ ਪਰੰਪਰਾ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਜਿਸ ਤਖਤ ਨੂੰ ਇਨਸਾਫ ਦਾ ਤਖਤ ਮੰਨਿਆ ਜਾਂਦਾ ਹੈ, ਉੱਥੋਂ ਹੀ ਉਨ੍ਹਾਂ ਨਾਲ ਬੇਇਨਸਾਫੀ ਹੋਈ ਹੈ।

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪਿਛਲੇ ਦਿਨੀਂ ਅਮਰਜੀਤ ਸਿੰਘ ਚਾਵਲਾ ਨੂੰ ਛੇਕਣ ਸਬੰਧੀ ਸੁਣਾਏ ਗਏ ਹੁਕਮ ਤੋਂ ਬਾਅਦ ਚਾਵਲਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਆਪਣਾ ਪੱਖ ਰੱਖਦਿਆਂ ਫੈਸਲੇ ’ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਭਾਵੁਕ ਹੁੰਦਿਆਂ ਚਾਵਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਹਰ ਸਿੱਖ ਲਈ ਮਹਾਨ ਹੈ ਅਤੇ ਹਮੇਸ਼ਾ ਮਹਾਨ ਰਹੇਗਾ। ਗੁਰੂ ਸਾਹਿਬਾਨ ਵੱਲੋਂ ਇਸ ਮਹਾਨ ਤਖਤ ਨੂੰ ਸਜ਼ਾ ਕੇ ਇੱਥੋਂ ਸੱਚ ਅਤੇ ਇਨਸਾਫ ਦੀ ਆਵਾਜ਼ ਬੁਲੰਦ ਕਰਨ ਦੀ ਪਰੰਪਰਾ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਜਿਸ ਤਖਤ ਨੂੰ ਇਨਸਾਫ ਦਾ ਤਖਤ ਮੰਨਿਆ ਜਾਂਦਾ ਹੈ, ਉੱਥੋਂ ਹੀ ਉਨ੍ਹਾਂ ਨਾਲ ਬੇਇਨਸਾਫੀ ਹੋਈ ਹੈ।
ਚਾਵਲਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਮਾਮਲੇ ’ਤੇ ਨਾ ਤਾਂ ਉਨ੍ਹਾਂ ਦਾ ਪੱਖ ਸੁਣਿਆ ਗਿਆ ਅਤੇ ਨਾ ਹੀ ਤੱਥਾਂ ਦੀ ਪੜਤਾਲ ਕਰਨ ਲਈ ਕੋਈ ਕਮੇਟੀ ਬਣਾਈ ਗਈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਦੋਸ਼ ਲਗਾਏ ਗਏ ਸਨ ਤਾਂ ਘੱਟੋ-ਘੱਟ ਉਨ੍ਹਾਂ ਨੂੰ ਬੁਲਾ ਕੇ ਪੁੱਛਿਆ ਜਾਣਾ ਚਾਹੀਦਾ ਸੀ ਕਿ ਉਨ੍ਹਾਂ ਦਾ ਪੱਖ ਕੀ ਹੈ ਅਤੇ ਉਨ੍ਹਾਂ ’ਤੇ ਲੱਗੇ ਦੋਸ਼ਾਂ ਬਾਰੇ ਉਨ੍ਹਾਂ ਦੀ ਸਫਾਈ ਕੀ ਹੈ।
ਉਨ੍ਹਾਂ ਕਿਹਾ ਕਿ ਮਾਮਲੇ ਨਾਲ ਸਬੰਧਤ ਇੱਕ ਬੀਬੀ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਹੋਰ ਘਟਨਾਕ੍ਰਮ ਦੀ ਵੀ ਪੂਰੀ ਜਾਂਚ ਹੋਣੀ ਚਾਹੀਦੀ ਸੀ। ਚਾਵਲਾ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਵੀ ਵਿਚਾਰ ਅਧੀਨ ਹੈ ਅਤੇ ਅਦਾਲਤ ਵਿੱਚ ਦਰਜ ਬਿਆਨਾਂ ਅਤੇ ਹੋਰ ਕਾਨੂੰਨੀ ਕਾਰਵਾਈ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਨਾਲ ਜੁੜੇ ਸਾਰੇ ਪੱਖਾਂ ਦੀ ਪੂਰੀ ਪੜਤਾਲ ਕੀਤੇ ਬਿਨਾਂ ਫੈਸਲਾ ਕਿਉਂ ਕੀਤਾ ਗਿਆ।
ਚਾਵਲਾ ਨੇ ਕਿਹਾ ਕਿ ਉਹ ਕਿਸੇ ਜਾਂਚ ਤੋਂ ਭੱਜਣ ਵਾਲੇ ਵਿਅਕਤੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਉਹ ਆਪਣੀ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਸ਼ਿਕਾਇਤ ਹੈ ਤਾਂ ਉਹ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਗੰਭੀਰ ਮਾਮਲਿਆਂ ਦੀ ਜਾਂਚ ਲਈ ਕਮੇਟੀਆਂ ਬਣਾਈਆਂ ਗਈਆਂ ਅਤੇ ਕਮੇਟੀਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਫੈਸਲੇ ਕੀਤੇ ਗਏ ਹਨ। ਉਨ੍ਹਾਂ ਦੇ ਮਾਮਲੇ ਵਿੱਚ ਅਜਿਹੀ ਪ੍ਰਕਿਰਿਆ ਕਿਉਂ ਨਹੀਂ ਅਪਣਾਈ ਗਈ, ਇਹ ਵੀ ਇੱਕ ਵੱਡਾ ਸਵਾਲ ਹੈ।
ਚਾਵਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿਰਫ਼ ਇੱਕ ਅਸਥਾਨ ਨਹੀਂ, ਸਗੋਂ ਸਿੱਖ ਕੌਮ ਲਈ ਸੱਚ ਅਤੇ ਇਨਸਾਫ ਦੀ ਪਹਿਰੇਦਾਰੀ ਦਾ ਕੇਂਦਰ ਹੈ। ਇਸ ਲਈ ਇੱਥੋਂ ਹੋਣ ਵਾਲੇ ਹਰ ਫੈਸਲੇ ਵਿੱਚ ਪੂਰੀ ਪਾਰਦਰਸ਼ਤਾ, ਤੱਥਾਂ ਦੀ ਜਾਂਚ ਅਤੇ ਸਾਰੇ ਪੱਖਾਂ ਦੀ ਸੁਣਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵਿਰੁੱਧ ਕੋਈ ਦੋਸ਼ ਸਾਬਤ ਹੁੰਦੇ ਹਨ ਤਾਂ ਉਹ ਉਸ ਦਾ ਸਾਹਮਣਾ ਕਰਨ ਲਈ ਤਿਆਰ ਹਨ, ਪਰ ਬਿਨਾਂ ਉਨ੍ਹਾਂ ਦਾ ਪੱਖ ਸੁਣੇ ਫੈਸਲਾ ਕਰਨਾ ਉਨ੍ਹਾਂ ਲਈ ਸਭ ਤੋਂ ਵੱਡੀ ਪੀੜਾ ਹੈ।
ਅੰਤ ਵਿੱਚ ਚਾਵਲਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ ਅਤੇ ਕਰਦੇ ਰਹਿਣਗੇ। ਉਨ੍ਹਾਂ ਦੀ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਤਹਿਕੀਕਾਤ ਕੀਤੀ ਜਾਵੇ, ਸਾਰੇ ਸਬੰਧਤ ਪੱਖਾਂ ਨੂੰ ਸੁਣਿਆ ਜਾਵੇ ਅਤੇ ਤੱਥਾਂ ਦੇ ਆਧਾਰ ’ਤੇ ਹੀ ਅਗਲਾ ਫੈਸਲਾ ਲਿਆ ਜਾਵੇ।