- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰਿੰਡਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਵਧਦੇ ਖ਼ਤਰੇ ਨੇ ਇੱਕ ਹੋਰ ਮਾਸੂਮ ਜਾਨ ਲੈ ਲਈ ਹੈ। ਸ਼ਹਿਰ ਦੇ ਵਾਰਡ ਨੰਬਰ-1 ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਦੌਰਾਨ ਆਵਾਰਾ ਕੁੱਤਿਆਂ ਦੇ ਝੁੰਡ ਨੇ 8 ਸਾਲਾ ਬੱਚੀ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਹਿਰਦੇ-ਵਿਦਾਰਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ, ਜਦਕਿ ਲੋਕਾਂ ਵਿੱਚ ਨਗਰ ਕੌਂਸਲ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜੋਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ : ਮੋਰਿੰਡਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਵਧਦੇ ਖ਼ਤਰੇ ਨੇ ਇੱਕ ਹੋਰ ਮਾਸੂਮ ਜਾਨ ਲੈ ਲਈ ਹੈ। ਸ਼ਹਿਰ ਦੇ ਵਾਰਡ ਨੰਬਰ-1 ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਦੌਰਾਨ ਆਵਾਰਾ ਕੁੱਤਿਆਂ ਦੇ ਝੁੰਡ ਨੇ 8 ਸਾਲਾ ਬੱਚੀ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਹਿਰਦੇ-ਵਿਦਾਰਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ, ਜਦਕਿ ਲੋਕਾਂ ਵਿੱਚ ਨਗਰ ਕੌਂਸਲ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮ੍ਰਿਤਕ ਬੱਚੀ ਦੀ ਪਛਾਣ ਕੀਰਤੀ ਵਜੋਂ ਹੋਈ ਹੈ। ਬੱਚੀ ਦੀ ਮਾਤਾ ਪੂਨਮ ਦੇਵੀ ਨੇ ਦੱਸਿਆ ਕਿ ਉਸ ਦੀ ਧੀ ਘਰ ਦੇ ਬਾਹਰ ਸ਼ਾਮ ਕਰੀਬ ਚਾਰ ਵਜੇ ਖੇਡ ਰਹੀ ਸੀ। ਇਸ ਦੌਰਾਨ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਅਚਾਨਕ ਉਸ ‘ਤੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਬੱਚੀ ਨੂੰ ਬੁਰੀ ਤਰ੍ਹਾਂ ਨੋਚਣਾ ਸ਼ੁਰੂ ਕਰ ਦਿੱਤਾ। ਬੱਚੀ ਦੀਆਂ ਦਰਦਨਾਕ ਚੀਕਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਵੱਡੀ ਮੁਸ਼ੱਕਤ ਨਾਲ ਉਸ ਨੂੰ ਕੁੱਤਿਆਂ ਤੋਂ ਛੁਡਵਾਇਆ।
ਗੰਭੀਰ ਰੂਪ ਵਿੱਚ ਜ਼ਖ਼ਮੀ ਬੱਚੀ ਨੂੰ ਤੁਰੰਤ ਕੱਕੜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਪਰ ਹਸਪਤਾਲ ਲਿਜਾਣ ਦੌਰਾਨ ਹੀ ਬੱਚੀ ਨੇ ਦਮ ਤੋੜ ਦਿੱਤਾ। ਇਹ ਖ਼ਬਰ ਸੁਣਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਾਣਕਾਰੀ ਅਨੁਸਾਰ ਬੱਚੀ ਦੇ ਪਿਤਾ ਦੀ ਵੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਮਾਂ ਨੇ ਆਪਣੀ ਇਕਲੌਤੀ ਧੀ ਨੂੰ ਵੀ ਗੁਆ ਦਿੱਤਾ ਹੈ।
ਇਸ ਘਟਨਾ ਤੋਂ ਬਾਅਦ ਮੁਹੱਲਾ ਨਿਵਾਸੀਆਂ ਪ੍ਰਗਟ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਲੋਕਾਂ ਨੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ ਅਤੇ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਸਥਾਨਕ ਕੱਪੜਾ ਵਪਾਰੀ ਪਰਦੁਮਨ ਸਿੰਘ ਨੇ ਦੱਸਿਆ ਕਿ ਇਹ ਕੁੱਤੇ ਪਹਿਲਾਂ ਵੀ ਕਈ ਲੋਕਾਂ ‘ਤੇ ਹਮਲੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਕਈ ਵਾਰ ਨਗਰ ਕੌਂਸਲ ਨੂੰ ਲਿਖਤੀ ਸ਼ਿਕਾਇਤ ਦੇ ਚੁੱਕੇ ਹਨ, ਪਰ ਅਧਿਕਾਰੀਆਂ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਇਹ ਹਾਦਸਾ ਟਾਲਿਆ ਜਾ ਸਕਦਾ ਸੀ।
ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਠੋਸ ਕਦਮ ਨਾ ਚੁੱਕੇ ਗਏ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।