‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼
Publish Date: Sat, 19 Sep 2026 03:50 PM (IST)
Updated Date: Sat, 19 Sep 2026 03:53 PM (IST)
ਡਿਪਟੀ ਕਮਿਸ਼ਨਰ ਵੱਲੋਂ ਜਨ ਭਾਗੀਦਾਰੀ ਰਾਹੀਂ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਾਫ਼-ਸੁਥਰਾ ਬਣਾਉਣ ’ਤੇ ਦਿੱਤਾ ਗਿਆ ਜ਼ੋਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਭਾਰਤ ਸਰਕਾਰ ਦੇ ‘ਸਵੱਛ ਭਾਰਤ ਮਿਸ਼ਨ’ ਤਹਿਤ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਨੂੰ ਜ਼ਿਲ੍ਹਾ ਰੂਪਨਗਰ ਵਿਚ ਸਰਗਰਮੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਫ਼ਾਈ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੇ ਮੁੱਖ ਸਤੰਭ- ‘ਜਨ ਭਾਗੀਦਾਰੀ’, ‘ਸੰਪੂਰਨ ਸਫ਼ਾਈ’ ਅਤੇ ‘ਸਫ਼ਾਈ ਮਿੱਤਰ ਸੁਰੱਖਿਆ ਸ਼ਿਵਰ’ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਪਹਿਲੂਆਂ ਨੂੰ ਕੇਂਦਰ ਵਿਚ ਰੱਖਦਿਆਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਸਫ਼ਾਈ, ਜਾਗਰੂਕਤਾ ਅਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਮੁਹਿੰਮ ਦੇ ਉਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਸਿਰਫ਼ ਸਫ਼ਾਈ ਤੱਕ ਸੀਮਤ ਮੁਹਿੰਮ ਨਹੀਂ, ਸਗੋਂ ਲੋਕਾਂ ਵਿਚ ਸਫ਼ਾਈ ਪ੍ਰਤੀ ਸਥਾਈ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਇਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਸਰਕਾਰੀ ਵਿਭਾਗਾਂ ਦੇ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ-ਕਰਕਟ ਨਿਰਧਾਰਤ ਸਥਾਨਾਂ ’ਤੇ ਪਾਉਣ ਅਤੇ ਸਫ਼ਾਈ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਅਤੇ ਸਫ਼ਾਈ ਸਬੰਧੀ ਗਤੀਵਿਧੀਆਂ ਨੂੰ ਕੇਵਲ ਮੁਹਿੰਮ ਦੀ ਮਿਆਦ ਤੱਕ ਸੀਮਤ ਨਾ ਰੱਖਦਿਆਂ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਫ਼ਾਈ ਮਿੱਤਰਾਂ ਦੀ ਸੁਰੱਖਿਆ, ਸਿਹਤ ਅਤੇ ਭਲਾਈ ਨੂੰ ਤਰਜੀਹ ਦੇਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਰੋਹਿਤ ਕੁਮਾਰ ਸਮੇਤ ਉਪ ਮੰਡਲ ਇੰਜੀਨੀਅਰ, ਜੂਨੀਅਰ ਇੰਜੀਨੀਅਰ ਅਤੇ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਟੀਮ ਦੇ ਨੁਮਾਇੰਦੇ ਹਾਜ਼ਰ ਸਨ।