ਲਾਲਪੁਰਾ ਵੱਲੋਂ ਭਾਜਪਾ ਵਰਕਰਾਂ ਨਾਲ ਮੁਲਾਕਾਤ
ਕਾਜਲਾ ਦੇ ਘਰ ਪਹੁੰਚੇ ਇਕਬਾਲ ਸਿੰਘ ਲਾਲਪੁਰਾ, ਭਾਜਪਾ ਵਰਕਰਾਂ ਨਾਲ ਕੀਤੀ ਮੁ
Publish Date: Sun, 04 Jan 2026 03:48 PM (IST)
Updated Date: Mon, 05 Jan 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਰੂਪਨਗਰ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨਿਵਾਸ ’ਤੇ ਸਥਾਨਕ ਨਿਵਾਸੀਆਂ ਤੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਨਾਲ ਜ਼ਮੀਨੀ ਸਮੱਸਿਆਵਾਂ, ਨਾਗਰਿਕ ਸੁਵਿਧਾਵਾਂ ਅਤੇ ਸੰਗਠਨਾਤਮਕ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੀਟਿੰਗ ਦੌਰਾਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਉਹ ਰੂਪਨਗਰ ਦੇ ਲੋਕਾਂ ਤੇ ਕੇਂਦਰ ਸਰਕਾਰ ਦੇ ਵਿਚਕਾਰ ਇੱਕ ਮਜ਼ਬੂਤ ਪੁੱਲ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨਿਵਾਸੀ ਕਿਸੇ ਵੀ ਸਮੱਸਿਆ ਜਾਂ ਲੋਕਹਿਤ ਮਸਲਿਆਂ ਸਬੰਧੀ ਜ਼ਿਲ੍ਹਾ ਜਾਂ ਮੰਡਲ ਭਾਜਪਾ ਪ੍ਰਧਾਨ ਦੇ ਮਾਧਿਅਮ ਰਾਹੀਂ ਉਨ੍ਹਾਂ ਤੱਕ ਪਹੁੰਚ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਹਰ ਸਮੱਸਿਆ ਨੂੰ ਸਬੰਧਿਤ ਮੰਤਰਾਲਿਆਂ ਤੇ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਕਿਹਾ ਕਿ ਭਾਜਪਾ ਪੂਰੀ ਤਿਆਰੀ ਅਤੇ ਸੰਗਠਨਾਤਮਕ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਉਮੀਦਵਾਰ ਵਿਕਾਸ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਏਜੰਡੇ ਨਾਲ ਲੋਕਾਂ ਵਿਚ ਜਾਣਗੇ ਤੇ ਇਸ ਵਾਰ ਲੋਕ ਭਾਜਪਾ ਨੂੰ ਸਮਰਥਨ ਦੇਣਗੇ। ਇਸ ਮੀਟਿੰਗ ਦੌਰਾਨ ਸਥਾਨਕ ਨਿਵਾਸੀਆਂ ਅਤੇ ਵਰਕਰਾਂ ਵੱਲੋਂ ਖੇਤਰ ਦੀਆਂ ਖਰਾਬ ਸੜਕਾਂ, ਬੁਨਿਆਦੀ ਸੁਵਿਧਾਵਾਂ ਦੀ ਘਾਟ ਅਤੇ ਨਾਗਰਿਕ ਸਮੱਸਿਆਵਾਂ ਨੂੰ ਚੁੱਕਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਕੌਂਸਲ ਦੀ ਕਾਂਗਰਸ ਦੀ ਅਗਵਾਈ ਅਤੇ ਆਪ ਵਿਧਾਇਕ ਦੇ ਕਾਰਜਕਾਲ ਦੌਰਾਨ ਰੂਪਨਗਰ ਦੀਆਂ ਸੜਕਾਂ ਦੀ ਹਾਲਤ ਬਹੁਤ ਹੀ ਖਰਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਵਿਕਾਸ ਕਾਰਜ ਠੱਪ ਪਏ ਹਨ ਅਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਲਾਲਪੁਰਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਰੂਪਨਗਰ ਵਿਚ ਭਾਜਪਾ ਸੰਗਠਨ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਲਗਾਤਾਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਵਿਚ ਭਰਪੂਰ ਉਤਸ਼ਾਹ ਹੈ ਤੇ ਭਾਜਪਾ ਨਗਰ ਕੌਂਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਲੋਕਾਂ ਦੇ ਸਮਰਥਨ ਨਾਲ ਮਜ਼ਬੂਤ ਮੌਜੂਦਗੀ ਦਰਜ ਕਰਵਾਏਗੀ।